602 ਗ੍ਰਾਮ ਹੈਰੋਇਨ ਤੇ ਇਕ ਮੋਟਰਸਾਈਕਲ ਸਮੇਤ ਦੋ ਤਸਕਰ ਗ੍ਰਿਫ਼ਤਾਰ
Sunday, Nov 01, 2026 - 02:24 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਸਖ਼ਤ ਮੁਹਿੰਮ ਤਹਿਤ ਇਕ ਸਫ਼ਲਤਾ ਹਾਸਲ ਕੀਤੀ ਗਈ ਹੈ। ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ 602 ਗ੍ਰਾਮ ਨਸ਼ੀਲੇ ਪਦਾਰਥ ਅਤੇ ਇਕ ਮੋਟਰਸਾਈਕਲ ਸਣੇ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ-ਇੰਸਪੈਕਟਰ ਅੰਗਰੇਜ ਸਿੰਘ ਸੀ. ਆਈ. ਏ. ਸਟਾਫ਼ ਜ਼ੀਰਾ ਫਿਰੋਜ਼ਪੁਰ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸੀ।
ਇਸ ਦੌਰਾਨ ਖ਼ਾਸ ਮੁਖ਼ਬਰੀ ਮਿਲੀ ਕਿ ਕੁੱਝ ਵਿਅਕਤੀ ਨਸ਼ੇ ਦੀ ਤਸਕਰੀ ਦਾ ਧੰਦਾ ਕਰਦੇ ਹਨ। ਸੂਚਨਾ ਦੇ ਆਧਾਰ ’ਤੇ ਪੁਲਸ ਟੀਮ ਨੇ ਪਿੰਡ ਬਾਰੇ ਕੇ ਤੋਂ ਪਿੰਡ ਕੁੰਡੇ ਨੂੰ ਜਾਂਦੀ ਸੜਕ ’ਤੇ ਨਾਕਾਬੰਦੀ ਕਰਕੇ ਦੋਸ਼ੀਆਂ ਨੂੰ ਘੇਰ ਲਿਆ। ਪੁਲਸ ਨੇ ਮੌਕੇ ’ਤੇ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ, ਜਿਨ੍ਹਾਂ ਦੀ ਪਛਾਣ ਬਲਕਾਰ ਸਿੰਘ ਉਰਫ਼ ਸੂਰਜ ਪੁੱਤਰ ਭਜਨ ਸਿੰਘ ਵਾਸੀ ਪਿੰਡ ਹਬੀਬ ਵਾਲਾ ਥਾਣਾ ਸਦਰ ਫਿਰੋਜ਼ਪੁਰ ਅਤੇ ਬਲਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਬਾਰੇ ਕੇ ਥਾਣਾ ਸਦਰ ਫਿਰੋਜ਼ਪੁਰ ਵਜੋਂ ਹੋਈ ਹੈ। ਤਲਾਸ਼ੀ ਲੈਣ ਦੌਰਾਨ ਇਨ੍ਹਾਂ ਦੇ ਕਬਜ਼ੇ ਵਿੱਚੋਂ 602 ਗ੍ਰਾਮ ਹੈਰੋਇਨ ਅਤੇ ਘਟਨਾ ਵਿਚ ਵਰਤਿਆ ਜਾਣ ਵਾਲਾ ਪਲਟੀਨਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਹੈਰੋਇਨ ਕਿੱਥੋਂ ਲੈ ਕੇ ਆਉਂਦੇ ਸਨ ਅਤੇ ਇਸ ਨੈੱਟਵਰਕ ਵਿਚ ਹੋਰ ਕਿਹੜੇ-ਕਿਹੜੇ ਵਿਅਕਤੀ ਸ਼ਾਮਲ ਹਨ। ਪੁੱਛਗਿੱਛ ਤੋਂ ਬਾਅਦ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
