ਨਸ਼ਾ ਕਰਨ ਦੇ ਦੋਸ਼ ’ਚ ਦੋ ਨੌਜਵਾਨ ਗ੍ਰਿਫ਼ਤਾਰ
Saturday, Nov 21, 2026 - 04:02 PM (IST)
ਜਲਾਲਾਬਾਦ (ਬਜਾਜ) : ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਅਰਨੀਵਾਲਾ ਦੀ ਪੁਲਸ ਨੇ ਕਾਰਵਾਈ ਕਰਦਿਆਂ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ’ਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਵੱਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਅਪਰਾਧਿਕ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੀਤੀ 20 ਨਵੰਬਰ 2026 ਨੂੰ ਸ਼ਾਮ ਕਰੀਬ 6.05 ਵਜੇ ਸਬ-ਇੰਸਪੈਕਟਰ ਪਰਮਜੀਤ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਜਦੋਂ ਪੁਲਸ ਪਾਰਟੀ ਪਿੰਡ ਮਾਹੂਆਣਾ ਬੋਦਲਾ ਨੇੜਿਓਂ ਹੁੰਦੀ ਹੋਈ ਪਿੰਡ ਘੱਟਿਆਵਾਲੀ ਜੱਟਾ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਦੋ ਨੌਜਵਾਨ ਡਿੱਗਦੇ ਹੋਏ ਆਉਂਦੇ ਦਿਖਾਈ ਦਿੱਤੇ। ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਦੋਵਾਂ ਨੌਜਵਾਨਾਂ ਨੂੰ ਰੋਕ ਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਅਤੇ ਨਾਂ ਪਤਾ ਪੁੱਛਿਆ।
ਪੁੱਛਗਿੱਛ ਦੌਰਾਨ ਉਨ੍ਹਾਂ ਨੇ ਆਪਣੀ ਪਛਾਣ ਪਰਮਜੀਤ ਸਿੰਘ ਪੁੱਤਰ ਸਤਨਾਮ ਸਿੰਘ ਅਤੇ ਸਤਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਅਲਿਆਣਾ ਵਜੋਂ ਦੱਸੀ। ਮੁੱਢਲੀ ਪੁੱਛਗਿੱਛ ਦੌਰਾਨ ਦੋਵਾਂ ਨੌਜਵਾਨਾਂ ਨੇ ਮੰਨਿਆ ਕਿ ਉਨ੍ਹਾਂ ਨੇ ਹੈਰੋਇਨ ਦਾ ਸੇਵਨ ਕੀਤਾ ਹੋਇਆ ਹੈ। ਨੌਜਵਾਨਾਂ ਵੱਲੋਂ ਨਸ਼ੀਲੇ ਪਦਾਰਥ ਦਾ ਸੇਵਨ ਕੀਤੇ ਜਾਣ ਦੀ ਪੁਸ਼ਟੀ ਹੋਣ ਉਪਰੰਤ ਥਾਣਾ ਅਰਨੀਵਾਲਾ ਵਿਖੇ ਮੁਕੱਦਮਾ ਨੰਬਰ 212 ਮਿਤੀ 20-11-2026 ਨੂੰ ਧਾਰਾ 27/61/85 ਐੱਨ.ਡੀ.ਪੀ.ਐੱਸ. ਐਕਟ ਅਧੀਨ ਦਰਜ ਕਰ ਲਿਆ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਐੱਸ.ਆਈ. ਪਰਮਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਖਾਤਮੇ ਲਈ ਇਲਾਕੇ ਵਿਚ ਗਸ਼ਤ ਅਤੇ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ।
