''ਧਾਰਾ-370'' ਹਟਣ ''ਤੇ ਚੰਡੀਗੜ੍ਹੀਏ ਖੁਸ਼, ਮੋਦੀ ਦੇ ਫੈਸਲੇ ਦਾ ਕੀਤਾ ਸੁਆਗਤ
Monday, Aug 05, 2019 - 04:22 PM (IST)

ਚੰਡੀਗੜ੍ਹ : ਕੇਂਦਰੀ ਦੀ ਮੋਦੀ ਸਰਕਾਰ ਵਲੋਂ ਸੋਮਵਾਰ ਨੂੰ ਜੰਮੂ-ਕਸ਼ਮੀਰ 'ਚੋਂ ਧਾਰਾ-370 ਨੂੰ ਹਟਾ ਦਿੱਤਾ ਗਿਆ ਅਤੇ ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਵੱਖ-ਵੱਖ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾ ਦਿੱਤਾ ਗਿਆ। ਮੋਦੀ ਸਰਕਾਰ ਦੇ ਇਸ ਫੈਸਲੇ ਦੀ ਜਿੱਥੇ ਹਰ ਪਾਸੇ ਤਾਰੀਫ ਹੋ ਰਹੀ ਹੈ, ਉੱਥੇ ਹੀ ਚੰਡੀਗੜ੍ਹ ਦੇ ਲੋਕਾਂ ਨੇ ਵੀ ਇਸ ਫੈਸਲੇ ਦਾ ਸੁਆਗਤ ਕੀਤਾ ਹੈ। ਚੰਡੀਗੜ੍ਹ ਦੇ ਲੋਕਾਂ ਦਾ ਕਹਿਣਾ ਹੈ ਕਿ ਧਾਰਾ-370 ਹਟਣ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਫਾਇਦਾ ਮਿਲੇਗਾ ਅਤੇ ਕਸ਼ਮੀਰ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਵਾਂ ਮਿਲਣਗੀਆਂ।
ਉੱਥੇ ਹੀ ਚੰਡੀਗੜ੍ਹ ਦੀਆਂ ਕੁੜੀਆਂ ਦਾ ਕਹਿਣਾ ਸੀ ਕਿ ਸਾਰੇ ਭਾਰਤ 'ਚ ਇੱਕੋ ਜਿਹੇ ਨਿਯਮ ਹੋਣੇ ਚਾਹੀਦੇ ਹਨ ਅਤੇ ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਹੁਣ ਸਾਰਾ ਹਿੰਦੋਸਤਾਨ ਇੱਕ ਹੋ ਗਿਆ ਹੈ ਅਤੇ ਇਹ ਬਹੁਤ ਹੀ ਖੁਸ਼ੀ ਵਾਲੀ ਗੱਲ ਹੈ। ਲੋਕਾਂ ਨੇ ਕਿਹਾ ਕਿ ਪਹਿਲਾਂ ਜਿੱਥੇ ਜੰਮੂ-ਕਸ਼ਮੀਰ ਦਾ ਵੱਖਰਾ ਝੰਡਾ ਹੁੰਦਾ ਸੀ ਅਤੇ ਤਿਰੰਗੇ ਦਾ ਉੱਥੇ ਕੋਈ ਸਨਮਾਨ ਨਹੀਂ ਕਰਦਾ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ ਅਤੇ ਜੰਮੂ-ਕਸ਼ਮੀਰ 'ਚ ਵੀ ਹੁਣ ਤਿਰੰਗਾ ਹੀ ਲਹਿਰਾਵੇਗਾ।