ਐੱਸ. ਐੱਮ. ਓ. ਡਾ. ਅਰੁਣ ਸ਼ਰਮਾ ਨੂੰ ਗਮਗੀਨ ਅੱਖਾਂ ਨਾਲ ਅੰਤਿਮ ਵਿਦਾਇਗੀ
Sunday, Aug 30, 2020 - 05:44 PM (IST)
ਅੰਮ੍ਰਿਤਸਰ (ਦਲਜੀਤ) : ਕੋਰੋਨਾ ਦੀ ਭੇਟ ਚੜ੍ਹੇ ਸਿਵਲ ਹਸਪਤਾਲ ਅੰਮ੍ਰਿਤਸਰ ਦੇ ਐੱਸ. ਐੱਮ. ਓ. ਡਾ. ਅਰੁਣ ਸ਼ਰਮਾ ਦਾ ਅੰਤਿਮ ਸੰਸਕਾਰ ਅੱਜ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਭਾਗ ਵੱਲੋਂ ਵਿਸ਼ੇਸ਼ ਤੌਰ 'ਤੇ ਡਾ. ਸ਼ਰਮਾ ਨੂੰ ਸ਼ਰਧਾਜਲੀ ਭੇਟ ਕਰਨ ਲਈ ਚੰਡੀਗੜ੍ਹ ਤੋਂ ਪੁੱਜੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ. ਪੀ. ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀਮਤੀ ਕੋਮਲ ਮਿਤਲ, ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਐੱਸ. ਡੀ. ਐੱਮ. ਵਿਕਾਸ ਹੀਰਾ, ਐੱਸ. ਡੀ. ਐੱਮ. ਸ਼ਿਵਰਾਜ ਸਿੰਘ ਬੱਲ, ਸਿਵਲ ਸਰਜਨ ਡਾ. ਨਵਦੀਪ ਸਿੰਘ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜੀਵ ਦੇਵਗਨ ਅਤੇ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ ਡਾ. ਅਰੁਣ ਸ਼ਰਮਾ ਦੀ ਮ੍ਰਿਤਕ ਦੇਹ ਉਤੇ ਫੁੱਲ ਮਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸਰਧਾਂਜਲੀ ਦਿੱਤੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਰੋਨਾ ਕਾਰਣ ਅੰਮ੍ਰਿਤਸਰ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਦੀ ਮੌਤ
ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਬਲਬੀਰ ਸਿੰਘ ਸਿੱਧੂ ਸਿਹਤ ਮੰਤਰੀ ਨੇ ਕਿਹਾ ਕਿ ਸਿਰਫ 53 ਸਾਲ ਦੀ ਉਮਰ ਵਿਚ ਕੋਰੋਨਾ ਕਾਰਨ ਮੌਤ ਦੇ ਮੂੰਹ ਜਾ ਪਏ ਡਾ. ਅਰੁਣ ਸ਼ਰਮਾ ਵਿਭਾਗ ਦੇ ਚੰਗੇ ਅਧਿਕਾਰੀ ਤੇ ਵਧੀਆ ਡਾਕਟਰ ਸਨ ਅਤੇ ਉਨ੍ਹਾਂ ਦੇ ਸਮੇਂ ਤੋਂ ਪਹਿਲਾਂ ਤੁਰ ਜਾਣ ਨਾਲ ਵਿਭਾਗ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸਿੱਧੂ ਨੇ ਕਿਹਾ ਕਿ ਮਾਰਚ ਦੇ ਮਹੀਨੇ ਤੋਂ ਉਹ ਕੋਰੋਨਾ ਵਿਰੁੱਧ ਜੰਗ ਵਿਚ ਦਿਨ-ਰਾਤ ਡਟੇ ਹੋਏ ਸਨ ਅਤੇ ਉਦੋਂ ਤੱਕ ਆਪਣਾ ਫਰਜ਼ ਨਿਭਾਉਂਦੇ ਰਹੇ, ਜਦੋਂ ਤੱਕ ਉਹ ਖ਼ੁਦ ਬਿਮਾਰ ਨਹੀਂ ਹੋ ਗਏ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਉਨ੍ਹਾਂ ਇਲਾਜ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਸੀ ਅਤੇ ਅਸੀਂ ਉਨ੍ਹਾਂ ਨੂੰ ਏਅਰ ਐਬੂਲੈਂਸ ਰਾਹੀਂ ਮੇਦਾਂਤਾ ਜਾਂ ਪੀ. ਜੀ. ਆਈ. ਤਬਦੀਲ ਕਰਨ ਦੀ ਕੋਸ਼ਿਸ਼ ਕਰ ਰਹੇ ਸੀ ਕਿ ਇਹ ਭਾਣਾ ਵਾਪਰ ਗਿਆ।
ਇਹ ਵੀ ਪੜ੍ਹੋ : ਮੋਗਾ ਦੇ ਡੀ. ਸੀ. ਦਫ਼ਤਰ 'ਤੇ ਖ਼ਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਦੋ ਨੌਜਵਾਨ ਦਿੱਲੀ 'ਚ ਗ੍ਰਿਫ਼ਤਾਰ
ਇਸ ਮੌਕੇ ਸਰਧਾਂਜਲੀ ਭੇਟ ਕਰਨ ਲਈ ਪਹੁੰਚੇ ਓ. ਪੀ. ਸੋਨੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਡਾ. ਅਰੁਣ ਸ਼ਰਮਾ ਵੱਲੋਂ ਸੰਕਟ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀਆਂ ਸੇਵਾਵਾਂ ਨੂੰ ਯਾਦ ਕਰਦੇ ਕਿਹਾ ਕਿ ਉਹ ਸੱਚਮੁੱਚ ਕੋਰੋਨਾ ਯੋਧਾ ਸਨ ਅਤੇ ਆਖਰੀ ਸਮੇਂ ਤੱਕ ਇਕ ਫ਼ੌਜੀ ਦੀ ਤਰ੍ਹਾਂ ਆਪਣੀ ਡਿਊਟੀ ਉਤੇ ਡਟੇ ਰਹੇ। ਉਨ੍ਹਾਂ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀ ਸੇਵਾ ਕਰਦੇ ਆਪਣੀ ਜਾਨ ਵਾਰ ਗਏ ਅਤੇ ਇਹ ਘਾਟਾ ਅਸੀਂ ਕਦੇ ਵੀ ਪੂਰਾ ਨਹੀਂ ਕਰ ਸਕਾਂਗੇ। ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਡਾ. ਅਰੁਣ ਸ਼ਰਮਾ ਨੇ ਅੰਮ੍ਰਿਤਸਰ ਤੋਂ ਹੀ ਪੜ੍ਹਾਈ ਕਰਕੇ ਲੰਮੇ ਸਮੇਂ ਤੱਕ ਵੱਖ-ਵੱਖ ਥਾਵਾਂ 'ਤੇ ਆਪਣੀਆਂ ਸੇਵਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਚ ਬਲੱਡ ਬੈਂਕ ਸਥਾਪਤ ਕਰਨ ਮੌਕੇ ਵੀ ਬਤੌਰ ਵਿਸ਼ਾ ਮਾਹਿਰ ਉਨ੍ਹਾਂ ਨੇ ਵੱਡਮੁੱਲੀਆਂ ਸੇਵਾਵਾਂ ਦਿੱਤੀਆਂ। ਔਜਲਾ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਤੁਰ ਜਾਣ ਦਾ ਸਾਨੂੰ ਵੱਡਾ ਦੁੱਖ ਹੈ ਅਤੇ ਇਕ ਮਾਹਿਰ ਡਾਕਟਰ ਦਾ ਘਾਟਾ ਸਾਡਾ ਸ਼ਹਿਰ ਕਦੇ ਵੀ ਪੂਰਾ ਨਹੀਂ ਕਰ ਸਕੇਗਾ।
ਇਹ ਵੀ ਪੜ੍ਹੋ : ਮਾਂ ਦੇ 'ਨਾਇਕ' ਪੁੱਤ ਬਣੇ ਖਲਨਾਇਕ, ਦੇਖੋ ਕੀ ਕੀਤਾ ਮਾਂ ਦਾ ਹਾਲ, ਰੋ-ਰੋ ਸੁਣਾਈ ਦਾਸਤਾਨ (ਵੀਡੀਓ)