ਅਰੁਣਾ ਚੌਧਰੀ ਦਾ ਐਲਾਨ, ਛੋਟੇ ਬੱਚਿਆਂ ਦੇ ਵਿਕਾਸ ਲਈ ਬਣੇਗੀ ਵਿਸ਼ੇਸ਼ ਨੀਤੀ

1/21/2020 8:59:56 AM

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਐਲਾਨ ਕੀਤਾ ਕਿ ਸੂਬੇ ਦੇ 6 ਸਾਲ ਤੱਕ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਨੀਤੀ ਉਲੀਕੀ ਜਾਵੇਗੀ। ਇਸ ਮੰਤਵ ਦੀ ਪੂਰਤੀ ਲਈ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ 1 ਫਰਵਰੀ, 2020 ਤੱਕ ਸੁਝਾਅ ਅਤੇ ਸਿਫ਼ਾਰਸ਼ਾਂ ਭੇਜਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਇਸ ਨੀਤੀ ਨੂੰ ਮੰਤਰੀ ਮੰਡਲ ਤੋਂ ਪ੍ਰਵਾਨ ਕਰਵਾ ਕੇ ਇਸ ਸਾਲ ਤੋਂ ਲਾਗੂ ਕਰ ਦਿੱਤਾ ਜਾਵੇ।

ਇੱਥੇ ਪੰਜਾਬ ਭਵਨ ਵਿਖੇ 'ਪੰਜਾਬ ਸਟੇਟ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ. ਸੀ. ਸੀ. ਈ.) ਕੌਂਸਲ' ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਨਵੀਂ ਨੀਤੀ 'ਪੰਜਾਬ ਸਟੇਟ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਪਾਲਿਸੀ' ਤਹਿਤ ਰਾਜ ਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਪਲੇਅ ਵੇਅ ਸਕੂਲ ਨਿਯਮਿਤ ਕੀਤੇ ਜਾਣਗੇ ਤਾਂ ਜੋ ਬੱਚਿਆਂ ਦੀ ਸੁਰੱਖਿਆ ਅਤੇ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਲੇਅ ਵੇਅ ਸਕੂਲਾਂ ਅਤੇ ਆਂਗਨਵਾੜੀਆਂ ਦਾ ਪਾਠਕ੍ਰਮ ਇਸ ਤਰ੍ਹਾਂ ਵਿਉਂਤਿਆ ਜਾਵੇਗਾ ਕਿ ਬੱਚਿਆਂ ਦਾ ਇਕਸਾਰ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਇਸ ਤਹਿਤ ਬੱਚਿਆਂ ਨੂੰ ਗੱਲਬਾਤ ਦਾ ਸਲੀਕਾ ਸਿਖਾਉਣ ਤੋਂ ਇਲਾਵਾ ਮਾਂ ਬੋਲੀ ਦੇ ਨਾਲ ਨਾਲ ਅੰਗਰੇਜ਼ੀ ਸਿਖਾਉਣ 'ਤੇ ਜ਼ੋਰ ਦਿੱਤਾ ਜਾਵੇਗਾ।


Babita

Edited By Babita