ਕਰਫਿਊ ਦੌਰਾਨ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ : ਅਰੁਣਾ ਚੌਧਰੀ
Monday, Apr 20, 2020 - 09:30 AM (IST)
ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਹੈ ਕਿ ਕਰਫਿਊ ਦੌਰਾਨ ਰਾਜ 'ਚ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ, ਚਾਹੇ ਇਹ ਪਰਿਵਾਰ ਜਨਤਕ ਵੰਡ ਪ੍ਰਣਾਲੀ (ਪੀ. ਡੀ. ਐਸ.) ਅਧੀਨ ਆਉਂਦੇ ਹੋਣ ਜਾਂ ਨਹੀਂ। ਵਿਧਾਨ ਸਭਾ ਹਲਕਾ ਦੀਨਾਨਗਰ ਦੇ 3500 ਗੈਰ ਪੀ. ਡੀ. ਐਸ. ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਮਗਰੋਂ ਅਰੁਣਾ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਕਿਸੇ ਵੀ ਲੋੜਵੰਦ ਪਰਿਵਾਰ ਜਾਂ ਪਰਵਾਸੀ ਮਜ਼ਦੂਰਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ, ਜਿਨ੍ਹਾਂ ਦੀ ਪਾਲਣਾ ਕਰਦਿਆਂ ਰਾਸ਼ਨ ਵੰਡਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਚੀਨ 'ਚ ਕੋਰੋਨਾ ਨਾਲ 2.10 ਕਰੋੜ ਲੋਕਾਂ ਦੀ ਮੌਤ, USA ਖੁਫੀਆ ਏਜੰਸੀ ਨੇ ਕੀਤਾ ਖੁਲਾਸਾ
ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਲਾਭਪਾਤਰੀਆਂ ਨੂੰ ਰਾਸ਼ਨ ਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਪਹਿਲਾਂ ਹੀ ਮੁਹੱਈਆ ਕਰ ਦਿੱਤਾ ਗਿਆ ਹੈ। ਨੀਲੇ ਕਾਰਡ ਧਾਰਕਾਂ ਨੂੰ ਇਕ ਵਾਰ ਰਾਸ਼ਨ ਦੀ ਵੰਡ ਕਰ ਦੇਣ ਦੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਆਉਂਦੇ ਦਿਨਾਂ 'ਚ ਇਨ੍ਹਾਂ ਕਾਰਡ ਧਾਰਕਾਂ ਨੂੰ ਦੂਜੀ ਵਾਰ ਰਾਸ਼ਨ ਦੀ ਵੰਡ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਰਾਸ਼ਨ ਕਾਰਡ ਨਹੀਂ ਬਣੇ ਹੋਏ ਸਨ, ਉਨ੍ਹਾਂ ਨੂੰ ਦਿੱਕਤ ਸੀ, ਜਿਸ ਨੂੰ ਦੂਰ ਕੀਤਾ ਜਾ ਰਿਹਾ ਹੈ। ਮੁਸ਼ਕਲ ਦੀ ਇਸ ਘੜੀ ਦਾ ਰਲ ਮਿਲ ਕੇ ਸਾਹਮਣਾ ਕਰਨ ਦੀ ਅਪੀਲ ਕਰਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਇਸ ਬਿਮਾਰੀ ਤੋਂ ਡਰਨ ਦੀ ਲੋੜ ਨਹੀਂ, ਸਗੋਂ ਜਾਗਰੂਕਤਾ ਨਾਲ ਇਸ ਦਾ ਡਟ ਕੇ ਸਾਹਮਣਾ ਕੀਤਾ ਜਾ ਸਕਦਾ ਹੈ। ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣ ਦੀ ਅਪੀਲ ਕਰਦਿਆਂ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 20 ਅਪ੍ਰੈਲ ਸ਼ਾਮੀਂ ਛੇ ਵਜੇ ਆਪਣੇ ਫਰੰਟ ਲਾਈਨ (ਮੂਹਰਲੀਆਂ ਸਫ਼ਾਂ) ਵਰਕਰਾਂ ਲਈ ਅਰਦਾਸ ਕਰੀਏ।
ਇਹ ਵੀ ਪੜ੍ਹੋ : 'ਕੋਰੋਨਾ' ਦੀ ਦਵਾਈ ਜ਼ਿਆਦਾ ਅਸਰਦਾਰ ਬਣਾਉਣ ਲਈ ਨਾਈਪਰ ਵਲੋਂ ਰਿਸਰਚ ਸ਼ੁਰੂ
ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ 6841 ਰਾਸ਼ਨ ਕਿੱਟਾਂ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਜਾ ਚੁੱਕੀਆਂ ਹਨ। ਇਸ ਮੌਕੇ ਉਨ੍ਹਾਂ ਜ਼ਿਲਾ ਗੁਰਦਾਸਪੁਰ ਦੀਆਂ ਮੰਡੀਆਂ 'ਚ ਕਣਕ ਦੇ ਖ਼ਰੀਦ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਆਪਣੇ ਹਲਕੇ ਦੇ ਪੁਰਾਣਾ ਸ਼ਾਲਾ ਦੇ 973 ਤੇ ਦੀਨਾਨਗਰ ਦੇ 2537 ਗੈਰ ਪੀ.ਡੀ.ਐਸ. ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ। ਇਸ ਤੋਂ ਇਲਾਵਾ ਉਨ੍ਹਾਂ ਸੈਨੇਟਾਈਜ਼ਰ ਦੀਆਂ 600 ਬੋਤਲਾਂ ਤੇ 2000 ਮਾਸਕ ਵੀ ਵੰਡੇ। ਇਸ ਮੌਕੇ ਉਨ੍ਹਾਂ ਗੁੱਜਰ ਬਰਾਦਰੀ ਦੇ 190 ਪਰਿਵਾਰਾਂ ਨੂੰ ਵੀ ਰਾਸ਼ਨ ਵੰਡਿਆ। ਇਸ ਦੌਰਾਨ ਦੀਨਾ ਨਗਰ ਮੰਡੀ 'ਚ ਕਣਕ ਦੀ ਪਹਿਲੀ ਢੇਰੀ ਲੈ ਕੇ ਆਏ ਕਿਸਾਨ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ।