ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ 34 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Wednesday, Dec 23, 2020 - 03:43 PM (IST)
 
            
            ਚੰਡੀਗੜ੍ਹ : ਬੀਬੀਆਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰ ਕੇ ਵੱਧ ਅਖਤਿਆਰ ਦੇਣ ਦੀ ਪਹਿਲ ਕਦਮੀ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਅੱਜ 34 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਤੋਂ ਇਕ ਮਹੀਨਾ ਪਹਿਲਾਂ ਵੀ 362 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਸਨ।
ਇੱਥੇ ਅੱਜ ਪੰਜਾਬ ਭਵਨ 'ਚ ਕਰਵਾਏ ਸਮਾਗਮ ਦੌਰਾਨ ਐਕਸ ਸਰਵਿਸਮੈਨ ਤੇ ਖੇਡ ਕੋਟੇ 'ਚੋਂ ਤਰੱਕੀ ਹਾਸਲ ਇਨ੍ਹਾਂ 34 ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਮਹਿਕਮੇ 'ਚ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਵਰਕਰਾਂ ਨੂੰ ਤਰੱਕੀ ਦੇ ਕੇ ਸੁਪਰਵਾਈਜ਼ਰ ਬਣਾਉਣ ਨਾਲ ਨਾ ਸਿਰਫ਼ ਮਹਿਕਮੇ ਨੂੰ ਮਜ਼ਬੂਤੀ ਮਿਲੇਗੀ, ਸਗੋਂ ਸੂਬੇ ਦੀ ਨਵੀਂ ਪੀੜ੍ਹੀ ਨੂੰ ਪੌਸ਼ਟਿਕ ਖੁਰਾਕ ਤੇ ਸਿਹਤਮੰਦ ਵਾਤਾਵਰਣ ਦੇਣ 'ਚ ਮਦਦ ਤੋਂ ਇਲਾਵਾ ਸੂਬੇ 'ਚ ਹਰ ਵਰਗ ਦੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਸਮਾਂਬੱਧ ਜਾਣਕਾਰੀ ਦੇਣ 'ਚ ਵੀ ਇਹ ਸੁਪਰਵਾਈਜ਼ਰਾਂ ਅਹਿਮ ਯੋਗਦਾਨ ਪਾਉਣਗੀਆਂ।
ਸਰਕਾਰੀ ਨੌਕਰੀਆਂ 'ਚ ਬੀਬੀਆਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਅਤੇ ਪੰਚਾਇਤੀ ਚੋਣਾਂ 'ਚ 50 ਫ਼ੀਸਦੀ ਸੀਟਾਂ ਰਾਖਵੀਆਂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਲੱਖ ਨੌਕਰੀਆਂ ਸਰਕਾਰੀ ਖੇਤਰ 'ਚ ਦੇਣ ਦਾ ਐਲਾਨ ਕੀਤਾ ਹੈ, ਜਿਸ 'ਚ ਬੀਬੀਆਂ ਲਈ 33 ਫ਼ੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਨਾਲ ਮਹਿਕਮੇ ਦੇ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਸੰਯੁਕਤ ਸਕੱਤਰ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ ਵੀ ਮੌਜੂਦ ਸਨ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            