ਅਰੁਣਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

10/25/2021 9:21:47 PM

ਚੰਡੀਗੜ੍ਹ (ਬਿਊਰੋ)-ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਣਾ ਚੌਧਰੀ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਗਿਰਦਾਵਰੀ ਕਰਕੇ ਇਕ ਹਫ਼ਤੇ ’ਚ ਰਿਪੋਰਟ ਪੇਸ਼ ਕਰਨ ਲਈ ਆਖਿਆ ਹੈ। ਅੱਜ ਇਥੇ ਜਾਰੀ ਨਿਰਦੇਸ਼ਾਂ ’ਚ ਚੌਧਰੀ ਨੇ ਖੜ੍ਹੀ ਫ਼ਸਲ ਨੂੰ ਹੋਏ ਨੁਕਸਾਨ ਦੀ ਨਿਰਧਾਰਤ ਸਮੇਂ ’ਚ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਫ਼ਸਲ ਦੇ ਨੁਕਸਾਨ ਲਈ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਇਸ ਸੰਕਟ ਦੀ ਘੜੀ ’ਚ ਸੂਬਾ ਸਰਕਾਰ ਉਨ੍ਹਾਂ ਨਾਲ ਪੂਰੀ ਤਰ੍ਹਾਂ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ। ਗੌਰਤਲਬ ਹੈ ਕਿ ਹਾਲ ਹੀ ’ਚ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਨੂੰ ਬਹੁਤ ਜ਼ਿਆਦਾ ਨੁਕਸਾਨ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ, ਜਿਸ ਦੇ ਸੰਦਰਭ ’ਚ ਮਾਲ ਮੰਤਰੀ ਵੱਲੋਂ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ : 100 ਤੋਂ ਵੱਧ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਾਲਾ ਗੈਂਗ ਚੜ੍ਹਿਆ ਲੁਧਿਆਣਾ ਪੁਲਸ ਦੇ ਹੱਥੇ, 3 ਔਰਤਾਂ ਸਣੇ 4 ਕਾਬੂ

ਇਸੇ ਦੌਰਾਨ ਵਿੱਤ ਕਮਿਸ਼ਨਰ ਮਾਲ ਬੀ. ਕੇ. ਜੰਜੂਆ ਨੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਗਿਰਦਾਵਰੀ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਕਰਨ ਵਾਸਤੇ ਆਖਿਆ ਹੈ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਦੇ ਸਬੰਧ ’ਚ ਵਿਸਤ੍ਰਤ ਰਿਪੋਰਟ ਭੇਜਣ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਨਿਰਧਾਰਤ ਨਿਯਮਾਂ ਦੇ ਅਨੁਸਾਰ ਫਸਲ ਦਾ ਮੁਆਵਜ਼ਾ ਦੇਣ ਵਾਸਤੇ ਇਹ ਰਿਪੋਰਟ ਅਗਲੀ ਕਾਰਵਾਈ ਲਈ ਮੁੱਖ ਸਕੱਤਰ ਦੀ ਅਗਵਾਈ ਵਾਲੀ ਸੂਬਾ ਐਗਜ਼ੈਕਟਿਵ ਕਮੇਟੀ ਨੂੰ ਭੇਜੀ ਜਾ ਸਕੇ। ਵਿੱਤ ਕਮਿਸ਼ਨਰ ਮਾਲ ਦੇ ਅਨੁਸਾਰ ਫੀਲਡ ਦੇ ਮਾਲ ਅਧਿਕਾਰੀਆਂ ਵੱਲੋਂ ਕੀਤੀ ਜਾਣ ਵਾਲੀ ਗਿਰਦਾਵਰੀ ਦੀ ਰਿਪੋਰਟ ਨੂੰ ਤਸਦੀਕ ਕਰਕੇ ਭੇਜਣ ਲਈ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।


Manoj

Content Editor

Related News