ਅਰੁਣਾ ਚੌਧਰੀ ਵੱਲੋਂ ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਨਿਰਦੇਸ਼

03/13/2021 3:55:17 PM

ਚੰਡੀਗੜ੍ਹ (ਬਿਊਰੋ, ਵਿੱਕੀ) : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਕੋਵਿਡ ਦੇ ਮਾਮਲਿਆਂ ’ਚ ਮੁੜ ਉਭਾਰ ਦੇ ਮੱਦੇਨਜ਼ਰ ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਅਰੁਣਾ ਚੌਧਰੀ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਰਾਸ਼ਨ ਅਤੇ ਹੋਰ ਸਮੱਗਰੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਰਾਹੀਂ ਘਰ-ਘਰ ਪਹੁੰਚਾਈ ਜਾਂਦੀ ਰਹੇਗੀ ਤਾਂ ਜੋ ਲਾਭਪਾਤਰੀਆਂ ਨੂੰ ਪੌਸ਼ਟਿਕ ਆਹਾਰ ਮਿਲਦਾ ਰਹੇ। ਉਨ੍ਹਾਂ ਸਾਰੇ ਸਿਹਤ ਪ੍ਰੋਟੋਕਾਲਾਂ ਭਾਵ ਮਾਸਕ ਪਹਿਨਣ, ਹੱਥ ਧੋਣ ਅਤੇ ਇੱਕ ਦੂਜੇ ਤੋਂ ਸਮਾਜਿਕ ਵਿੱਥ ਬਣਾ ਕੇ ਰੱਖਣ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

ਇਹ ਵੀ ਪੜ੍ਹੋ : ਸਿੱਖਿਆ ਮਹਿਕਮੇ ਲਈ ਕੋਰੋਨਾ ਬਣਿਆ ਮਜ਼ਾਕ, ਪ੍ਰੀਖਿਆਵਾਂ ਤੋਂ ਪਹਿਲਾਂ  ‘ਪ੍ਰੀਪਰੇਟਰੀ ਲੀਵਸ’ ਦਾ ਐਲਾਨ

ਕੈਬਨਿਟ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਇਸ ਮਾਰੂ ਵਾਇਰਸ ਤੋਂ ਬਚਾਉਣ ਲਈ ਜੰਗੀ ਪੱਧਰ `ਤੇ ਯਤਨ ਜਾਰੀ ਹਨ। ਉਨ੍ਹਾਂ ਵਰਕਰਾਂ ਅਤੇ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਬੰਧੀ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਆਂਗਣਵਾੜੀ ਕੇਂਦਰਾਂ ਵਿੱਚ ਮੌਜੂਦ ਰਹਿਣਗੇ ਅਤੇ ਪੌਸ਼ਟਿਕ ਆਹਾਰ ਘਰ ਘਰ ਪਹੁੰਚਾਉਣ ਅਤੇ ਹੋਰ ਗਤੀਵਿਧੀਆਂ ਲਈ ਘਰ-ਘਰ ਪਹੁੰਚ ਕਰਨਗੇ। ਅਰੁਣਾ ਚੌਧਰੀ ਨੇ ਕਿਹਾ ਕਿ ਵਰਕਰ ਅਤੇ ਹੈਲਪਰ ਪੜਾਅਵਾਰ ਢੰਗ ਨਾਲ ਲਾਭਪਾਤਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਮਹਿਕਮੇ ਵਲੋਂ  ਦਿੱਤੀ ਸਮਾਂ ਸੀਮਾ ਦੇ ਅੰਦਰ ਬੱਚਿਆਂ ਦੇ ਸਰੀਰਕ ਵਾਧੇ ਦਾ ਨਿਗਰਾਨੀ ਰਿਕਾਰਡ ਤਿਆਰ ਕੀਤਾ ਜਾਵੇ।    

ਇਹ ਵੀ ਪੜ੍ਹੋ : ਕੋਰੋਨਾ ਫਿਰ ਹੋਣ ਲੱਗਾ ‘ਆਊਟ ਆਫ ਕੰਟਰੋਲ’,12 ਦਿਨਾਂ ’ਚ ਹੋਈਆਂ 198 ਮਰੀਜ਼ਾਂ ਦੀਆਂ ਮੌਤਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 

Anuradha

This news is Content Editor Anuradha