ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕੇਜਰੀਵਾਲ ਦਾ ਵੱਡਾ ਐਲਾਨ, ਜਾਣੋ ਕੀ ਕਿਹਾ
Saturday, Nov 27, 2021 - 04:56 PM (IST)
ਮੋਹਾਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ 'ਚ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਦਾ ਉਮੀਦਵਾਰ ਪੰਜਾਬ ਤੋਂ ਹੀ ਹੋਵੇਗਾ। ਕੇਜਰੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਪੰਜਾਬੀਆਂ ਨਾਲ ਵਾਅਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸੁਧਾਰਨ ਆਏ ਹਾਂ। ਅਰਵਿੰਦ ਕੇਜਰੀਵਾਲ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ 'ਚ ਪਾਰਟੀ ਵੱਲੋਂ 300 ਯੂਨਿਟ ਬਿਜਲੀ ਮੁਫ਼ਤ ਦਿੱਤੀਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ 80 ਫ਼ੀਸਦੀ ਪੰਜਾਬ ਦੇ ਲੋਕਾਂ ਦੀ ਬਿਜਲੀ ਮੁਫ਼ਤ ਹੋ ਜਾਵੇਗੀ।
ਇਹ ਵੀ ਪੜ੍ਹੋ : ਮੋਹਾਲੀ ਅਦਾਲਤ ਨੇ ਸੁਖਪਾਲ ਖਹਿਰਾ ਦਾ ਨਹੀਂ ਦਿੱਤਾ ਰਿਮਾਂਡ, ਹਾਈਕੋਰਟ ਪੁੱਜੀ ED
ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨੂੰ 5 ਮਰਲੇ ਦਾ ਪਲਾਂਟ ਦੇਣ ਦੇ ਬਿਆਨ 'ਤੇ ਤੰਜ ਕੱਸਦਿਆਂ ਕਿਹਾ ਕਿ ਇਹ ਪਲਾਟ ਕਿਸੇ ਨੂੰ ਨਹੀਂ ਮਿਲਣਗੇ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਨੂੰ ਵੀ ਚੰਨੀ ਸਾਹਿਬ ਨੇ ਇਹ ਪਲਾਟ ਨਹੀਂ ਦਿੱਤੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ਵੱਲੋਂ 5 ਰੁਪਏ ਰੇਤਾ ਵਾਲੇ ਐਲਾਨ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਜੇ ਵੀ ਪੰਜਾਬ 'ਚ 35 ਰੁਪਏ ਰੇਤਾ ਮਿਲ ਰਹੀ ਹੈ ਅਤੇ ਨਾ ਹੀ ਸੂਬੇ 'ਚੋਂ ਰੇਤ ਮਾਫ਼ੀਆ ਖ਼ਤਮ ਹੋਇਆ ਹੈ।
ਉਨ੍ਹਾਂ ਇਸ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਕੈਪਟਨ ਨੇ ਵੀ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਨੌਜਵਾਨਾਂ ਨੂੰ ਰੁਜ਼ਗਾਰ, ਸਮਾਰਟਫੋਨ ਦੇਣਗੇ, ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨਗੇ, ਬੁਢਾਪਾ ਪੈਨਸ਼ਨ ਦੇਣਗੇ ਪਰ ਉਨ੍ਹਾਂ ਦਾ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਹੁਣ ਚੰਨੀ ਸਾਹਿਬ ਵੀ ਰੋਜ਼ਾਨਾ ਝੂਠੇ ਐਲਾਨ ਕਰ ਰਹੇ ਹਨ ਅਤੇ ਉਨ੍ਹਾਂ ਦਾ ਇਕ ਵੀ ਐਲਾਨ ਪੂਰਾ ਨਹੀਂ ਹੋਇਆ ਹੈ।
ਕੇਜਰੀਵਾਲ ਨੇ ਸੂਬੇ ਦੀਆਂ 18 ਸਾਲ ਤੋਂ ਉੱਪਰ ਦੀਆਂ ਮਹਿਲਾਵਾਂ ਨੂੰ 1000 ਰੁਪਏ ਦੇਣ ਬਾਰੇ ਕਿਹਾ ਕਿ ਕਿੰਨੀਆਂ ਹੀ ਧੀਆਂ ਅਜਿਹੀਆਂ ਹਨ, ਜਿਨ੍ਹਾਂ ਦੀ ਪੜ੍ਹਾਈ ਛੁੱਟ ਜਾਂਦੀ ਹੈ ਅਤੇ ਜੇਕਰ ਉਹ ਉਨ੍ਹਾਂ ਦੇ ਹੱਥ 'ਤੇ 1000 ਰੁਪਏ ਰੱਖ ਦੇਣਗੇ ਤਾਂ ਉਹ ਆਪਣੀ ਪੜ੍ਹਾਈ ਪੂਰੀ ਕਰ ਸਕਣਗੀਆਂ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਜਿੰਨੇ ਵਾਅਦੇ ਕੀਤੇ ਹਨ, ਸਭ ਵਾਅਦੇ ਪੂਰੇ ਕੀਤੇ ਜਾਣਗੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੱਥ ਜੋੜ ਕੇ ਅਪੀਲ ਹੈ ਕਿ ਉਹ ਇਕ ਮੌਕਾ ਆਮ ਆਦਮੀ ਪਾਰਟੀ ਨੂੰ ਦੇ ਕੇ ਦੇਖਣ, ਅਸੀਂ ਆਪਣੇ ਸਾਰੇ ਵਾਅਦੇ ਪੂਰੇ ਕਰਾਂਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ