''ਆਪ'' ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ
Saturday, May 17, 2025 - 06:45 PM (IST)

ਨਵਾਂਸ਼ਹਿਰ (ਤ੍ਰਿਪਾਠੀ) —ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨ ਲੋਕਾਂ ਦੇ ਸਰਗਰਮ ਸਮਰਥਨ ਨਾਲ ਨਸ਼ਿਆਂ ਵਿਰੁੱਧ ਜੰਗ ਨੂੰ ਪਿੰਡ ਅਤੇ ਗਲੀ ਪੱਧਰ 'ਤੇ ਲੈ ਜਾਣ ਦਾ ਐਲਾਨ ਕੀਤਾ। ਇਥੇ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ਅਤੇ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਵਿੱਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਸੂਬੇ ਦੇ ਹਰ ਪਿੰਡ ਅਤੇ ਕਸਬੇ ਤੱਕ ਪਹੁੰਚ ਕੀਤੀ ਜਾਵੇਗੀ ਤਾਂ ਜੋ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰਕੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਪੰਜਾਬ ਨਾ ਸਿਰਫ਼ ਨਸ਼ਾ ਮੁਕਤ ਹੋਵੇਗਾ, ਸਗੋਂ ਹਰ ਪੱਖ ਤੋਂ ਦੇਸ਼ ਦਾ ਮੋਹਰੀ ਸੂਬਾ ਵੀ ਬਣੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 5 ਦਿਨ ਅਹਿਮ! 12 ਜ਼ਿਲ੍ਹਿਆਂ ਲਈ Alert, ਇਨ੍ਹਾਂ ਤਾਰੀਖ਼ਾਂ ਨੂੰ ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਯੁੱਧ ਨਸ਼ਿਆਂ ਵਿਰੁੱਧ ਦੀ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਜਿਹੜੇ ਪਿੰਡ ਨਸ਼ੇ ਦੇ ਕੇਂਦਰ ਸਨ, ਹੁਣ ਨਸ਼ਿਆਂ ਤੋਂ ਮੁਕਤ ਹੋ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਬਾਲੀਵੁੱਡ ਫਿਲਮਾਂ ਨਸ਼ਿਆਂ ਦੀ ਦਲਦਲ ਦੇ ਹਾਲਾਤ ‘ਤੇ ਬਣਨ ਲੱਗ ਗਈਆਂ ਸਨ, ਹੁਣ ਸਮਾਂ ਬਦਲ ਗਿਆ ਹੈ ਅਤੇ ਸੂਬੇ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਪਿਛਲੀਆਂ ਸਰਕਾਰਾਂ ਦੇ ਮੰਤਰੀ ਨਸ਼ੇ ਦੇ ਸੌਦਾਗਰਾਂ ਦੀ ਸਰਪ੍ਰਸਤੀ ਕਰਦੇ ਸਨ ਅਤੇ ਇੱਥੋਂ ਤੱਕ ਕਿ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ੇ ਵੇਚਦੇ/ਸਪਲਾਈ ਕਰਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਹੁਣ ਪੁਲਿਸ ਵੱਲੋਂ ਕੁਇੰਟਲਾਂ ਦੀ ਮਾਤਰਾ ਵਿੱਚ ਨਸ਼ੇ ਜ਼ਬਤ ਕੀਤੇ ਜਾ ਰਹੇ ਹਨ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਹੋਰ ਅਪਰਾਧੀਆਂ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਦੇ ਸਮੇਂ ਦੇ ਉਲਟ ਜਦੋਂ ਨਸ਼ੇ ਦੇ ਸੌਦਾਗਰਾਂ ਨੂੰ ਸਰਕਾਰ ਵੱਲੋਂ ਬਚਾਇਆ ਜਾਂਦਾ ਸੀ, ਹੁਣ ‘ਆਪ’ ਸਰਕਾਰ ਵੱਲੋਂ 10,000 ਨਸ਼ਾ ਤਸਕਰ, ਜਿਨ੍ਹਾਂ ਵਿੱਚ 8500 ਵੱਡੀਆਂ ਮੱਛੀਆਂ ਹਨ, ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: 'ਨਸ਼ਾ ਮੁਕਤੀ ਯਾਤਰਾ' ਦੌਰਾਨ ਹੁਸ਼ਿਆਰਪੁਰ ਪੁੱਜੇ CM ਭਗਵੰਤ ਮਾਨ, ਆਖੀਆਂ ਅਹਿਮ ਗੱਲਾਂ (ਵੀਡੀਓ)
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਨੇ ਦ੍ਰਿੜ੍ਹ ਸੰਕਲਪ ਲਿਆ ਸੀ ਕਿ ਪੰਜਾਬ ਵਿੱਚ ਕਿਸੇ ਨੂੰ ਵੀ ਨਸ਼ਾ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਰਕਾਰ ਇਸ ਕਾਰਜ ਵਿੱਚ ਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਖ਼ਤਰਨਾਕ ਅਪਰਾਧੀ ਹਨ ਪਰ ਅਸੀਂ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਲਡ਼ਾਈ ਵਿੱਚ ਸਾਡੀ ਜਾਨ ਜਾ ਸਕਦੀ ਹੈ ਪਰ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਸੂਬੇ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇ।
ਇਹ ਵੀ ਪੜ੍ਹੋ: ਹਾਈਟੈੱਕ ਹੋਣਗੀਆਂ ਪੰਜਾਬ ਦੀਆਂ ਜੇਲ੍ਹਾਂ, ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ ਵੱਡਾ ਐਲਾਨ
'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਸਾਨੂੰ ਸਾਰਿਆਂ ਨੂੰ ਅੱਗੇ ਆ ਕੇ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ/ਨਸ਼ਟ ਕਰ ਦਿੱਤੀਆਂ ਗਈਆਂ ਹਨ ਅਤੇ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਹੁਣ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜਨ ਅੰਦੋਲਨ ਵਿੱਚ ਬਦਲਿਆ ਜਾ ਰਿਹਾ ਹੈ, ਜਿਸ ਲਈ ਲੋਕਾਂ ਦੇ ਸਰਗਰਮ ਸਮਰਥਨ ਦੀ ਲੋੜ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਜ਼ਮੀਨੀ ਪੱਧਰ `ਤੇ ਲਿਜਾਇਆ ਜਾਵੇਗਾ ਅਤੇ ਸੂਬੇ ਦੇ ਲਗਭਗ 13000 ਪਿੰਡਾਂ ਦੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਲਈ ਸੂਬਾ ਸਰਕਾਰ ਸੂਬੇ ਦੇ ਹਰ ਪਿੰਡ ਵਿੱਚ ਇਕ ਸਟੇਡੀਅਮ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਵੱਡੇ ਪੱਧਰ ਤੇ ਉਤਸ਼ਾਹਿਤ ਕਰਨ ਲਈ ਸੂਬੇ ਦੇ 3000 ਵੱਡੇ ਪਿੰਡਾਂ ਵਿੱਚ 3000 ਜਿੰਮ ਬਣਾਏ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਨੇ ਪਹਿਲਾਂ ਹੀ ਨੌਜਵਾਨਾਂ ਨੂੰ ਲਗਪਗ 54000 ਨੌਕਰੀਆਂ ਦਿੱਤੀਆਂ ਹਨ ਅਤੇ ਸਰਕਾਰ ਨੇ ਹਰ ਪਿੰਡ ਦੇ ਨੌਜਵਾਨਾਂ ਲਈ ਰੋਜ਼ਗਾਰ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ’ਤੇ ਯੋਜਨਾ ਉਲੀਕੀ ਹੈ।
ਇਹ ਵੀ ਪੜ੍ਹੋ: PSEB 10ਵੀਂ ਜਮਾਤ ਦੇ ਨਤੀਜੇ 'ਚ ਜਲੰਧਰ ਜ਼ਿਲ੍ਹੇ ਦੀਆਂ 11 ਕੁੜੀਆਂ ਤੇ 2 ਮੁੰਡਿਆਂ ਨੇ ਬਣਾਈ ਮੈਰਿਟ ’ਚ ਥਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e