ਅੱਜ ਤੋਂ ਪੰਜਾਬ ਦੌਰੇ 'ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ
Friday, Nov 08, 2024 - 11:06 AM (IST)
ਲੁਧਿਆਣਾ (ਵੈੱਬ ਡੈਸਕ): ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ 2 ਦਿਨਾ ਪੰਜਾਬ ਦੌਰੇ 'ਤੇ ਆ ਰਹੇ ਹਨ। ਉਹ ਅੱਜ ਦੁਪਹਿਰ 2 ਵਜੇ ਲੁਧਿਆਣਾ ਪਹੁੰਚਣਗੇ। ਅੱਜ ਉਹ ਪੰਜਾਬ ਦੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਆ ਰਹੇ ਹਨ। ਸਮਾਗਮ ਦੌਰਾਨ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਪੰਜਾਬ ਦੇ ਨਵੇਂ ਬਣੇ ਸਰਪੰਚਾਂ ਨੂੰ ਸਹੁੰ ਚੁਕਵਾਉਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ!
ਸੂਬੇ ਵਿਚ ਲੋਕਤੰਤਰ ਦੇ ਜਸ਼ਨ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਅੱਜ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਹੋਣ ਜਾ ਰਿਹਾ ਹੈ। ਇਹ ਸਮਾਗਮ ਕਰਵਾਉਣ ਦਾ ਉਪਰਾਲਾ ਹੇਠਲੇ ਪੱਧਰ 'ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗਾ ਕਿਉਂਕਿ ਪੰਚਾਇਤਾਂ ਨੂੰ ‘ਲੋਕਤੰਤਰ ਦੇ ਥੰਮ’ ਵਜੋਂ ਜਾਣਿਆ ਜਾਂਦਾ ਹੈ। ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿਚ ਹਾਲ ਹੀ ਵਿਚ ਹੋਈਆਂ ਪੰਚਾਇਤੀ ਚੋਣਾਂ ਵਿਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿਚ ਨਵੀਆਂ ਚੁਣੀਆਂ 13,147 ਗ੍ਰਾਮ ਪੰਚਾਇਤਾਂ ਵਿਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਭਾਜਪਾ ਦੇ ਲੀਡਰਾਂ ਨੂੰ ਚੇਤਾਵਨੀ! ਹੋ ਸਕਦੇ ਨੇ ਬਰਖ਼ਾਸਤ
ਜ਼ਿਮਨੀ ਚੋਣਾਂ ਲਈ ਕਰਨਗੇ ਪ੍ਰਚਾਰ
ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਪ੍ਰਚਾਰ ਕਰਨਗੇ। ਉਹ ਭਲਕੇ ਚੱਬੇਵਾਲ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਬਰਨਾਲਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਵੋਟਾਂ ਮੰਗਣਗੇ। ਇਨ੍ਹਾਂ ਸੀਟਾਂ 'ਤੇ 20 ਨਵੰਬਰ ਨੂੰ ਵੋਟਿੰਗ ਹੋਣੀ ਹੈ, ਜਿਸ ਦੇ ਨਤੀਜਿਆਂ ਦਾ ਐਲਾਨ 23 ਨਵੰਬਰ ਨੂੰ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8