ਭਲਕੇ ਪੰਜਾਬ ਦੌਰੇ ''ਤੇ ਆਉਣਗੇ ''ਆਪ'' ਸੁਪ੍ਰੀਮੋ ਕੇਜਰੀਵਾਲ, ਦੋਆਬਾ ਵਾਸੀਆਂ ਨੂੰ ਦੇਣਗੇ ਵੱਡਾ ਤੋਹਫ਼ਾ

Friday, Nov 17, 2023 - 06:56 PM (IST)

ਭਲਕੇ ਪੰਜਾਬ ਦੌਰੇ ''ਤੇ ਆਉਣਗੇ ''ਆਪ'' ਸੁਪ੍ਰੀਮੋ ਕੇਜਰੀਵਾਲ, ਦੋਆਬਾ ਵਾਸੀਆਂ ਨੂੰ ਦੇਣਗੇ ਵੱਡਾ ਤੋਹਫ਼ਾ

ਚੰਡੀਗੜ੍ਹ/ਹੁਸ਼ਿਆਰਪੁਰ (ਵੈੱਬ ਡੈਸਕ)- ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਯਾਨੀ ਕਿ ਸ਼ਨੀਵਾਰ ਨੂੰ ਪੰਜਾਬ ਦੇ ਦੌਰੇ 'ਤੇ ਆ ਰਹੇ ਹਨ। ਜਾਣਕਾਰੀ ਅਨੁਸਾਰ ਉਹ ਭਲਕੇ ਦੋਆਬਾ ਖੇਤਰ ਦਾ ਦੌਰਾ ਕਰਨਗੇ। ਆਪਣੇ ਦੌਰੇ ਦੌਰਾਨ ਹੁਸ਼ਿਆਰਪੁਰ 'ਚ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਡੀ ਰੈਲੀ ਕਰਨ ਜਾ ਰਹੇ ਹਨ।

ਸੂਬੇ ਨੂੰ ਵਿਕਾਸ ਦੀਆਂ ਲੀਹਾਂ 'ਤੇ ਅੱਗੇ ਵਧਾਉਣ ਲਈ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਹੁਸ਼ਿਆਰਪੁਰ ਵਿਚ 'ਵਿਕਾਸ ਕ੍ਰਾਂਤੀ ਰੈਲੀ' ਕੀਤੀ ਜਾ ਰਹੀ ਹੈ। ਇਸ ਦੀ ਜਾਣਕਾਰੀ 'ਆਪ' ਦੇ ਪੰਜਾਬ ਇੰਚਾਰਜ ਮਾਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਕਰੀਬ 900 ਕਰੋੜ ਰੁਪਏ ਦੇ ਕਰੀਬ ਦੀਆਂ ਸੌਗ਼ਾਤਾਂ ਪੰਜਾਬ ਦੇ ਲੋਕਾਂ ਨੂੰ ਦੇਣ ਜਾ ਰਹੀ ਹੈ।  ਇਸ 'ਵਿਕਾਸ ਕ੍ਰਾਂਤੀ ਰੈਲੀ' 'ਚ 867.68 ਕਰੋੜ ਰੁਪਏ ਦੇ ਪ੍ਰਾਜੈਕਟ ਗਤੀਸ਼ੀਲ ਹੋਣਗੇ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਸੁਖਬੀਰ ਸਿੰਘ ਬਾਦਲ ਨੇ CM ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

PunjabKesari

ਉਨ੍ਹਾਂ ਕਿਹਾ ਕਿ ਪਿਛਲੇ ਡੇਢ ਸਾਲ ਤੋਂ ਸਰਕਾਰ ਨੇ ਸਿਹਤ ਖੇਤਰ ‘ਚ ਬਹੁਤ ਵੱਡੇ ਪੱਧਰ ‘ਤੇ ਕੰਮ ਕੀਤਾ ਹੈ। ਮੈਡੀਕਲ ਸਿੱਖਿਆ ਤੋਂ ਬਾਅਦ ਪੰਜਾਬ ਦੇ ਬੱਚਿਆਂ ਨੂੰ ਆਰਮੀ ਟ੍ਰੇਨਿੰਗ ਇੰਸਟੀਚਿਊਟ ਵੀ ਮਿਲਣ ਜਾ ਰਹੇ ਹਨ। ਦੋਆਬੇ ਦੇ 10 ਹਲਕਿਆਂ ਨੂੰ ਕੱਲ੍ਹ ਬਹੁਤ ਵੱਡੀਆਂ ਸੌਗਾਤਾਂ ਮਿਲਣ ਜਾ ਰਹੀਆਂ ਹਨ। ਸਰਕਾਰ ਪਿੰਡਾਂ ਦੀਆਂ ਖ਼ਾਲੀ ਪਈਆਂ ਪੰਚਾਈਤੀ ਜ਼ਮੀਨਾਂ ‘ਚ 23 ਨਵੇਂ ਸਟੇਡੀਅਮ ਬਣਾਉਣ ਜਾ ਰਹੀ ਹੈ। ਸਾਡੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਫ਼ਤ ਦੇਣਾ ਚਾਹੁੰਦੀ ਹੈ। ਕੰਗ ਨੇ ਕਿਹਾ ਕਿ ਪੰਜਾਬ ਦਾ ਮੈਡੀਕਲ ਅਤੇ ਸਿਹਤ ਖੇਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਭ ਤੋਂ ਵੱਡੀ ਤਰਜੀਹ ਹੈ।  ਸਿਹਤ ਅਤੇ ਸਿੱਖਿਆ ਸਾਡੀ ਪਾਰਟੀ ਦੇ ਦੋ ਮੁੱਖ ਏਜੰਡੇ ਹਨ। ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਦੋਵਾਂ ਸੈਕਟਰਾਂ ਵਿੱਚ ਕ੍ਰਾਂਤੀ ਲਿਆਂਦੀ ਅਤੇ ਹੁਣ ਸਾਡੀ ਸਰਕਾਰ ਪੰਜਾਬ ਵਿੱਚ ਵੀ ਉਹੀ ਕਰ ਰਹੀ ਹੈ।

ਯੂਕਰੇਨ ਸੰਕਟ ਦੌਰਾਨ ਅਸੀਂ ਦੇਖਿਆ ਕਿ ਸਾਡੇ ਕਿੰਨੇ ਬੱਚੇ ਉੱਥੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਸਨ ਅਤੇ ਯੁੱਧ ਖੇਤਰ ਵਿੱਚ ਫਸ ਗਏ ਸਨ। ਉਸ ਸਮੇਂ ਭਗਵੰਤ ਮਾਨ ਨੇ ਪੰਜਾਬ ਨੂੰ ਭਾਰਤ ਦਾ ਮੈਡੀਕਲ ਹੱਬ ਬਣਾਉਣ ਦਾ ਫ਼ੈਸਲਾ ਕੀਤਾ ਸੀ। ਇਹ ਕਾਰਨ ਹੈ ਮਾਨ ਸਰਕਾਰ ਸਿਹਤ ਖੇਤਰ ਵਿੱਚ ਬੇਮਿਸਾਲ ਕੰਮ ਕਰ ਰਹੀ ਹੈ।  ਲਗਭਗ 700 ਮੁਹੱਲਾ ਕਲੀਨਿਕ ਜਿੱਥੇ ਲੱਖਾਂ ਲੋਕ ਮੁਫ਼ਤ ਇਲਾਜ ਕਰਵਾ ਰਹੇ ਹਨ, ਸਰਕਾਰੀ ਹਸਪਤਾਲਾਂ ਦਾ ਅਪਗ੍ਰੇਡੇਸ਼ਨ, ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਨਵੇਂ ਮੈਡੀਕਲ ਕਾਲਜ ਆਦਿ ਪੰਜਾਬ ਦੇ ਮੈਡੀਕਲ ਅਤੇ ਸਿਹਤ ਖੇਤਰ ਵਿੱਚ ਸੁਧਾਰ ਕਰਨ ਵਿੱਚ ਮਦਦ ਕਰਨਗੇ।

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ: ਕੰਪਨੀ ਬਾਗ ਚੌਂਕ ਨੇੜੇ ਰਵੀ ਜਿਊਲਰਜ਼ 'ਚ ਦਿਨ-ਦਿਹਾੜੇ ਲੁੱਟ

ਕੰਗ ਨੇ ਦੱਸਿਆ ਕਿ ਭਲਕੇ ਦੋਵੇਂ ਮੁੱਖ ਮੰਤਰੀ ਹੁਸ਼ਿਆਰਪੁਰ ਵਿੱਚ ਨਵੇਂ ਸਰਕਾਰੀ ਮੈਡੀਕਲ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਲੋਕਾਂ ਦੀ ਹਾਜ਼ਰੀ ਵਿੱਚ 'ਆਪ' ਸਰਕਾਰ ਦੋਆਬੇ ਦੇ 10 ਵਿਧਾਨ ਸਭਾ ਹਲਕਿਆਂ ਵਿੱਚ ਕਈ ਨਵੇਂ ਪ੍ਰਾਜੈਕਟ ਸ਼ੁਰੂ ਕਰਨ ਜਾ ਰਹੀ ਹੈ ਅਤੇ ਮੁਕੰਮਲ ਹੋਏ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਜਾ ਰਹੀ ਹੈ। ਕੰਗ ਨੇ ਦੱਸਿਆ ਕਿ ਇਸ ਦੇ ਨਾਲ ਹੀ ਮਾਣਯੋਗ ਮੁੱਖ ਮੰਤਰੀ ਇੱਕ ਆਰਮੀ ਟਰੇਨਿੰਗ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਣਗੇ। ਹੁਸ਼ਿਆਰਪੁਰ ਦੇ ਦੋ ਪਿੰਡਾਂ ਵਿੱਚ ਵੀ ਸੀਵਰੇਜ ਅਤੇ ਵਾਟਰ ਸੈਨੀਟੇਸ਼ਨ ਦੇ ਨਵੇਂ ਪ੍ਰੋਜੈਕਟ ਲੱਗਣਗੇ। ਕੰਗ ਨੇ ਦੱਸਿਆ ਕਿ ਹੁਸ਼ਿਆਰਪੁਰ ਦੇ 23 ਪਿੰਡਾਂ ਵਿੱਚ ਖਾਲੀ ਪਈ ਪੰਚਾਇਤੀ ਜ਼ਮੀਨ ਨੂੰ ਖੇਡ ਮੈਦਾਨਾਂ ਵਿੱਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿੱਚ ਪੇਂਡੂ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦਿੱਤੀ ਜਾਂਦੀ ਹੈ।

ਕੰਗ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਵਿੱਚ ਪੰਜਾਬ ਦਾ ਕੋਈ ਵੀ ਵਰਗ ਅਣਗੌਲਿਆ ਨਹੀਂ ਹੈ, ਆਮ ਲੋਕ, ਨੌਜਵਾਨ ਅਤੇ ਕਿਸਾਨ ਸਾਡੀ ਪਹਿਲੀ ਤਰਜੀਹ ਹਨ।  ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਨੂੰ ਲਗਾਤਾਰ ਬਿਹਤਰ ਅਤੇ ਮੁਫਤ ਸਹੂਲਤਾਂ ਦੇ ਰਹੀ ਹੈ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਨਵੀਂ ਗਤੀ ਨਾਲ ਤਰੱਕੀ ਅਤੇ ਵਿਕਾਸ ਕਰ ਰਿਹਾ ਹੈ। ਮਾਨ ਸਰਕਾਰ ਦੀ ਸ਼ਲਾਘਾ ਕਰਦਿਆਂ ਕੰਗ ਨੇ ਕਿਹਾ ਕਿ 'ਆਪ' ਦੀ ਸਰਕਾਰ 'ਚ ਪੰਜਾਬ ਦੇ ਸਾਰੇ ਖੇਤਰਾਂ 'ਚ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਈ ਗਈ ਹੈ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਸਾਡੀ ਸਰਕਾਰ ਨੇ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਬਹੁਤ ਸੁਧਾਰ ਕੀਤਾ ਹੈ ਅਤੇ ਲਗਭਗ 13,000 ਨਵੇਂ ਛੋਟੇ ਜਲ ਮਾਰਗ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਿੱਚ ਪੰਜਾਬੀਆਂ ਨੂੰ ਬਿਜਲੀ ਦੇ ਬਿੱਲਾਂ ਅਤੇ ਧਰਤੀ ਹੇਠਲੇ ਪਾਣੀ ਦੇ ਸੰਕਟ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਹੈ। ਕੰਗ ਨੇ ਅੰਤ ਵਿੱਚ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਲੋਕਾਂ ਲਈ ਬਹੁਤ ਮਿਹਨਤ ਕਰ ਰਹੀ ਹੈ। ਸਾਡੀ ਸਰਕਾਰ ਨੇ 37000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਉਹ ਵੀ ਬਿਨਾਂ ਕਿਸੇ ਪੱਖਪਾਤ ਦੇ।  ਉਨ੍ਹਾਂ ਕਿਹਾ ਕਿ ਭਲਕੇ ਦੀ 'ਵਿਕਾਸ ਕ੍ਰਾਂਤੀ ਰੈਲੀ' ਰਾਹੀਂ ਪੰਜਾਬ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।

ਇਹ ਵੀ ਪੜ੍ਹੋ: ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਵਿਦਿਆਰਥੀਆਂ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


author

shivani attri

Content Editor

Related News