ਆਪਣੇ ਇਲਾਕੇ ''ਚ 100 ਫ਼ੀਸਦੀ ਟੀਕਾਕਰਨ ਕਰਵਾਉਣ ਵਾਲੀ ਆਸ਼ਾ ਵਰਕਰ ਨੂੰ ਮਿਲੇਗਾ 500 ਰੁਪਏ ਮਾਣਭੱਤਾ

Tuesday, Jan 25, 2022 - 11:03 AM (IST)

ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ, ਸਿੰਗਲਾ) : ਡਿਪਟੀ ਕਮਿਸ਼ਨਰ ਰਾਮਵੀਰ ਨੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਕੋਵਿਡ ਟੀਕਾਕਰਨ ਲਈ ਆਸ਼ਾ ਵਰਕਰਾਂ ਦੀਆਂ ਕੋਸ਼ਿਸ਼ਾਂ ਨੂੰ ਵੇਖਦਿਆਂ ਉਨ੍ਹਾਂ ਨੂੰ ਮਾਣਭੱਤਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਨੂੰ ਕੋਵਿਡ ਟੀਕਾਕਰਨ ਮੁਹਿੰਮ ’ਚ ਸਰਗਰਮ ਸ਼ਮੂਲੀਅਤ ਕਰਨੀ ਚਾਹੀਦੀ ਹੈ ਅਤੇ ਸਰਕਾਰ ਦੀਆਂ ਨਵੀਆਂ ਹਦਾਇਤਾਂ ਤਹਿਤ ਆਸ਼ਾ ਵਰਕਰਾਂ ਨੂੰ ਆਪਣੇ ਸਬੰਧਿਤ ਇਲਾਕੇ ’ਚ 100 ਫ਼ੀਸਦੀ ਟੀਕਾਕਰਨ ਕਰਵਾਉਣ ਲਈ 500 ਰੁਪਏ ਮਾਣਭੱਤਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਆਸ਼ਾ ਵੱਲੋਂ ਆਪਣੇ ਇਲਾਕੇ ’ਚ 50 ਵਿਅਕਤੀਆਂ ਦਾ ਕੋਵਿਡ ਟੀਕਾਕਰਨ ਕਰਵਾਉਣ ’ਤੇ 150 ਰੁਪਏ, ਜਦੋਂ ਕਿ 100 ਵਿਅਕਤੀਆਂ ਦਾ ਟੀਕਾਕਰਨ ਕਰਵਾਉਣ ’ਤੇ 300 ਰੁਪਏ ਮਾਣਭੱਤਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਵੱਲੋਂ ਟੀਕਾਕਰਨ ਤੋਂ ਵਾਂਝੇ ਰਹਿ ਗਏ ਯੋਗ ਵਿਅਕਤੀਆਂ ਦੀ ‘ਡਿਊ ਲਿਸਟ’ ਤਿਆਰ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਟੀਕਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਭ ਪ੍ਰਕਿਰਿਆ ਦੀ ਨਿਗਰਾਨੀ ਸਬੰਧਿਤ ਬਲਾਕ ਦੇ ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਕੀਤੀ ਜਾਵੇਗੀ।
 


Babita

Content Editor

Related News