ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਨੇ ਸਿਵਲ ਸਰਜਨ ਦਫਤਰ ਮੂਹਰੇ ਦਿੱਤਾ ਧਰਨਾ

08/05/2017 12:58:34 AM

ਨਵਾਂਸ਼ਹਿਰ, (ਤ੍ਰਿਪਾਠੀ)- ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਸਿਵਲ ਸਰਜਨ ਦਫਤਰ ਦੇ ਬਾਹਰ ਰੋਸ ਧਰਨਾ ਦੇ ਕੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਪਰੰਤ ਪ੍ਰਦਰਸ਼ਨਕਾਰੀਆਂ ਦੇ ਵਫਦ ਨੇ ਸਿਵਲ ਸਰਜਨ ਨੂੰ ਮੰਗ ਪੱਤਰ ਵੀ ਦਿੱਤਾ। ਧਰਨੇ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੀ ਜ਼ਿਲਾ ਪ੍ਰਧਾਨ ਸ਼ਕੁੰਤਲਾ ਦੇਵੀ, ਕੁਲਵਿੰਦਰ ਕੌਰ, ਡੈਮੋਕ੍ਰੇਟਿਕ ਕਰਮਚਾਰੀ ਫੈੱਡਰੇਸ਼ਨ ਪੰਜਾਬ ਦੇ ਆਗੂ ਹਰਿੰਦਰ ਦੁਸਾਂਝ ਅਤੇ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਦੀ ਲਗਾਤਾਰ ਅਣਦੇਖੀ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਆਰਥਿਕ ਸ਼ੋਸ਼ਣ ਤੇ ਸਰਕਾਰ ਦੀ ਕਰਮਚਾਰੀਆਂ ਵਿਰੋਧੀ ਨੀਤੀਆਂ ਕਾਰਨ ਵਰਕਰਾਂ 'ਚ ਰੋਸ ਹੈ, ਜਿਸ ਕਾਰਨ ਅੱਜ ਸੂਬਾ ਯੂਨੀਅਨ ਦੇ ਸੱਦੇ 'ਤੇ ਪੰਜਾਬ ਦੇ ਜ਼ਿਲਾ ਹੈੱਡ ਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ 10 ਸਾਲਾਂ ਤੋਂ ਸੰਘਰਸ਼ ਦਾ ਰਾਹ ਅਪਣਾ ਰਹੀ ਹੈ ਪਰ ਸਰਕਾਰ ਤੋਂ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ। ਆਸ਼ਾ ਵਰਕਰ ਤੇ ਫੈਸਿਲੀਟੇਟਰ ਨੂੰ ਸਿਰਫ 700-800 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦੇ ਕੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਵੱਲੋਂ ਵਰਕਰਾਂ ਦੀ ਨਾਜਾਇਜ਼ ਛਾਂਟੀ ਕਰਨ ਦੀ ਵੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ।
ਉਨ੍ਹਾਂ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਆਸ਼ਾ ਵਰਕਰਾਂ ਦੀ ਘੱਟੋ-ਘੱਟ ਉਜਰਤ 7715 ਰੁਪਏ ਤੇ ਫੈਸਿਲੀਟੇਟਰਾਂ ਨੂੰ ਆਂਗਣਵਾੜੀ ਸੁਪਰਵਾਈਜ਼ਰਾਂ ਦੇ ਬਰਾਬਰ ਸਕੇਲ ਦਿੱਤਾ ਜਾਵੇ, ਹਰ ਵਰਕਰ ਦਾ ਮੁਫਤ 2 ਲੱਖ ਰੁਪਏ ਦਾ ਬੀਮਾ ਕਰਵਾਇਆ ਜਾਵੇ ਤੇ ਮੰਗ ਪੱਤਰ 'ਚ ਦਰਜ ਹੋਰ ਮੰਗਾਂ ਨੂੰ ਜਲਦ ਮਨਜ਼ੂਰ ਕਰ ਕੇ ਲਾਗੂ ਕੀਤਾ ਜਾਵੇ, ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਨਾ ਮੰਨਿਆ ਤਾਂ ਉਨ੍ਹਾਂ ਦੀ ਯੂਨੀਅਨ 7 ਸਤੰਬਰ ਨੂੰ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਚੰਡੀਗੜ੍ਹ ਦਫਤਰ ਦੇ ਬਾਹਰ ਸੂਬਾ ਪੱਧਰੀ ਰੋਸ ਧਰਨਾ ਦੇਣ ਨੂੰ ਮਜਬੂਰ ਹੋਵੇਗੀ। ਇਸ ਮੌਕੇ ਅਸ਼ੋਕ ਕੁਮਾਰ, ਕਿਰਨਜੀਤ ਕੌਰ ਸਾਹਿਬਾ, ਹਰਵਿੰਦਰ ਕੌਰ, ਦੀਪ ਕਮਲ, ਮਹਿੰਦਰ ਕੌਰ, ਭਾਰਤੀ, ਗੀਤਾ, ਰਜਨੀ, ਜਸਵਿੰਦਰ ਕੌਰ, ਰਾਜਵਿੰਦਰ ਕੌਰ, ਨੀਟਾ, ਕੁਲਵਿੰਦਰ ਸੜੋਆ, ਜਸਕਰਨ, ਵਰਿੰਦਰ, ਸੀਮਾ, ਨੀਲਮ ਆਦਿ ਨੇ ਵੀ ਸੰਬੋਧਨ ਕੀਤਾ। ਧਰਨੇ ਉਪਰੰਤ ਪ੍ਰਦਰਸ਼ਨਕਾਰੀਆਂ ਦੇ ਵਫਦ ਨੇ ਸਿਵਲ ਸਰਜਨ ਨੂੰ ਮੰਗ ਪੱਤਰ ਦਿੱਤਾ।


Related News