ਕੈਪਟਨ ਨੇ ਸ਼ਹਿਰ 'ਚ ਧਰਨਿਆਂ ਦਾ ਦੌਰ ਜਾਰੀ, ਹੁਣ ਆਸ਼ਾ ਵਰਕਰਾਂ ਨੇ ਕੀਤਾ ਵਿਸ਼ਾਲ ਇਕੱਠ

Tuesday, Sep 29, 2020 - 03:43 PM (IST)

ਕੈਪਟਨ ਨੇ ਸ਼ਹਿਰ 'ਚ ਧਰਨਿਆਂ ਦਾ ਦੌਰ ਜਾਰੀ, ਹੁਣ ਆਸ਼ਾ ਵਰਕਰਾਂ ਨੇ ਕੀਤਾ ਵਿਸ਼ਾਲ ਇਕੱਠ

ਪਟਿਆਲਾ (ਇੰਦਰਜੀਤ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਹਿਰ ਪਟਿਆਲਾ ਵਿਖੇ ਧਰਨਿਆਂ ਦਾ ਦੌਰ ਲਗਾਤਾਰ ਜਾਰੀ ਹੈ। ਸ਼ਾਹੀ ਸ਼ਹਿਰ ਪਟਿਆਲਾ ਦੇ ਬੱਸ ਅੱਡੇ ਨਜ਼ਦੀਕ ਪੰਜਾਬ ਦੀਆਂ ਸਮੂਹ ਆਸ਼ਾ ਵਰਕਰਾਂ ਵੱਲੋਂ ਇੱਕ ਵਿਸ਼ਾਲ ਇਕੱਠ ਕਰ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਜ਼ਾਰਾਂ ਦੀ ਗਿਣਤੀ 'ਚ ਇਕੱਠੀਆਂ ਹੋਈਆਂ ਆਸ਼ਾ ਵਰਕਰਾਂ ਵੱਲੋਂ ਜੰਮ ਕੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ।

PunjabKesari

ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਪੰਜਾਬ ਦੀਆਂ ਸਮੂਹ ਕਿਸਾਨ ਜੱਥੇਬੰਦੀਆਂ ਵੱਲੋਂ ਖੇਤੀ ਆਰਡੀਨੈਂਸ ਦੇ ਵਿਰੋਧ 'ਚ ਸ਼ਾਹੀ ਸ਼ਹਿਰ ਪਟਿਆਲਾ 'ਚ ਵਿਸ਼ਾਲ ਇਕੱਠ ਕਰਕੇ ਧਰਨੇ ਪ੍ਰਦਰਸ਼ਨ ਕੀਤੇ ਗਏ ਸੀ ਅਤੇ ਹੁਣ ਪੰਜਾਬ ਦੀਆਂ ਸਮੂਹ ਆਸ਼ਾ ਵਰਕਰਾਂ ਵੱਲੋਂ ਵੀ ਸਰਕਾਰ ਦੇ ਖ਼ਿਲਾਫ਼ ਆਪਣਾ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਆਸ਼ਾ ਵਰਕਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਸਮੂਹ ਆਸ਼ਾ ਵਰਕਰਾਂ ਵੱਲੋਂ ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਦਿਨ-ਰਾਤ ਇੱਕ ਕਰਕੇ ਆਪਣੇ ਆਪਣੇ ਇਲਾਕਿਆਂ 'ਚ ਕੰਮ ਕੀਤਾ ਗਿਆ ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਫਿਰ ਵੀ ਪੂਰੀ ਤਨਖ਼ਾਹ ਨਹੀਂ ਦਿੱਤੀ ਜਾਂਦੀ, ਜਿਸ ਕਰਕੇ ਉਹ ਅੱਜ ਆਪਣਾ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ।

ਆਸ਼ਾ ਵਰਕਰ ਯੂਨੀਅਨ, ਪੰਜਾਬ ਦੀ ਪ੍ਰਧਾਨ ਕਿਰਨਦੀਪ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰਿਆਣਾ ਵਾਲਾ ਪੈਟਰਨ ਪੰਜਾਬ 'ਚ ਲਾਗੂ ਕਰੇ ਅਤੇ ਸਾਰੀਆਂ ਆਸ਼ਾ ਵਰਕਰਾਂ ਨੂੰ 15 ਹਜ਼ਾਰ ਪ੍ਰਤੀ ਮਹੀਨਾ ਤਨਖਾਹ ਦੇਵੇ ਤਾਂ ਜੋ ਉਨ੍ਹਾਂ ਦਾ ਇੱਕ ਘਰ ਦਾ ਗੁਜ਼ਾਰਾ ਸਹੀ ਤਰੀਕੇ ਨਾਲ ਚੱਲ ਸਕੇ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ 'ਚ ਪੰਜਾਬ 'ਚ ਬਹੁਤ ਵੱਡੇ ਸੰਘਰਸ਼ ਉਲੀਕੇ ਜਾਣਗੇ। ਆਸ਼ਾ ਵਰਕਰਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਆਰਡੀਨੈੱਸ ਬਿੱਲ ਲਿਆਂਦੇ ਗਏ ਹਨ, ਉਹ ਉਨ੍ਹਾਂ ਦਾ ਵੀ ਸਖ਼ਤ ਵਿਰੋਧ ਕਰਦੀਆਂ ਹਨ ਤੇ ਪੰਜਾਬ ਦੀਆਂ ਸਮੂਹ ਆਸ਼ਾ ਵਰਕਰਾਂ ਕਿਸਾਨਾਂ ਦੇ ਨਾਲ ਖੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਕਿਸਾਨਾਂ ਦੇ ਹਰੇਕ ਸੰਘਰਸ਼ 'ਚ ਸ਼ਾਮਲ ਹੋਣਗੀਆਂ


author

Babita

Content Editor

Related News