ਕੋਟਕਪੂਰਾ ਘਟਨਾ ਮਗਰੋਂ ਘਿਰੀ ਪੰਜਾਬ ਸਰਕਾਰ, ਭਾਜਪਾ ਨੇ CM ਮਾਨ 'ਤੇ ਵਿੰਨ੍ਹਿਆ ਤਿੱਖਾ ਨਿਸ਼ਾਨਾ
Thursday, Nov 10, 2022 - 02:39 PM (IST)
ਲੁਧਿਆਣਾ (ਨਰਿੰਦਰ) : ਕੋਟਕਪੂਰਾ 'ਚ ਡੇਰਾ ਪ੍ਰੇਮੀ ਦੇ ਕਤਲ ਮਾਮਲੇ 'ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਅਸ਼ਵਨੀ ਸ਼ਰਮਾ ਇੱਥੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਅਟਵਾਲ ਦੀ ਧਰਮ ਪਤਨੀ ਦੀ ਅੰਤਿਮ ਅਰਦਾਸ ਮੌਕੇ ਪੁੱਜੇ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ 'ਚ ਸੂਬੇ ਅੰਦਰ ਕਤਲੋ-ਗਾਰਦ ਦੀਆਂ ਘਟਨਾਵਾਂ ਬਹੁਤ ਵੱਧ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਟਕਪੂਰਾ 'ਚ ਹੋਈ ਘਟਨਾ ਬੇਹੱਦ ਨਿੰਦਣਯੋਗ ਹੈ।
ਇਹ ਵੀ ਪੜ੍ਹੋ : ਕੋਟਕਪੂਰਾ 'ਚ ਵੱਡੀ ਵਾਰਦਾਤ : ਬੇਅਦਬੀ ਦੇ ਮੁਲਜ਼ਮ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ (ਵੀਡੀਓ)
ਉਨ੍ਹਾਂ ਕਿਹਾ ਕਿ ਪੰਜਾਬ 'ਚ ਗੈਂਗਸਟਰਵਾਦ ਵੱਧਦਾ ਜਾ ਰਿਹਾ ਹੈ, ਜਿਸ ਨੂੰ ਰੋਕਣ ਦੇ ਲਈ ਮਾਨ ਸਰਕਾਰ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਆਈ ਹੈ, ਉਦੋਂ ਤੋਂ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਮਾਨ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਹਰ ਵਾਰ ਜਦੋਂ ਅਜਿਹੀ ਵਾਰਦਾਤ ਵਾਪਰਦੀ ਹੈ ਤਾਂ ਮੁੱਖ ਮੰਤਰੀ ਦਾ ਘਿਸਿਆ ਜਿਹਾ ਟਵੀਟ ਸਾਹਮਣੇ ਆ ਜਾਂਦਾ ਹੈ ਕਿ ਅਮਨ-ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ ਪਰ ਇਹ ਕਤਲਾਂ ਦੀਆਂ ਘਟਨਾਵਾਂ ਰੁਕ ਨਹੀਂ ਰਹੀਆਂ।
ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਪਿਸਤੌਲ ਹੱਥ 'ਚ ਲੈ ਕੇ ਕਿਸੇ ਦਾ ਕਤਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ ਅਤੇ ਸਰਕਾਰ 'ਚ ਬੈਠੇ ਲੋਕ ਪੰਜਾਬ ਦੀ ਸੰਵੇਦਨਸ਼ੀਲਤਾ ਨੂੰ ਸਮਝਣ ਵਾਲੇ ਨਹੀਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ