SHO ਦੇ ਨਾਂ ''ਤੇ ਰਿਸ਼ਵਤ ਲੈਂਦਿਆਂ ਪੰਜਾਬ ਪੁਲਸ ਦਾ ASI ਗ੍ਰਿਫ਼ਤਾਰ

09/21/2023 4:57:23 AM

ਚੰਡੀਗੜ੍ਹ:  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਦਲਜੀਤ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋਣ ਤੇ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐੱਸ.ਆਈ ਨੂੰ ਚੰਦਨਪ੍ਰੀਤ ਸਿੰਘ ਵਾਸੀ ਦੋਰਾਹਾ ਕਸਬਾ, ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।

ਇਹ ਖ਼ਬਰ ਵੀ ਪੜ੍ਹੋ - ਹਰਦੀਪ ਸਿੰਘ ਨਿੱਝਰ ਦੇ ਕਤਲ ਬਾਰੇ ਟਰੂਡੋ ਦੇ ਦੋਸ਼ਾਂ 'ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਹੋਰ ਜਾਣਕਾਰੀ ਸਾਂਝੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨ ਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਥਾਣਾ ਡੇਹਲੋਂ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਉਸਦੀ ਹਾਈਕੋਰਟ ਦੇ ਅੰਤਰਿਮ ਹੁਕਮਾਂ ਅਨੁਸਾਰ ਜ਼ਮਾਨਤ ਹੋਣ ਤੇ ਤਫ਼ਤੀਸ਼ ਵਿਚ ਸ਼ਾਮਲ ਕਰਾਉਣ ਲਈ ਪਹਿਲਾਂ ਹੀ ਉਸ ਤੋਂ 5,000 ਰੁਪਏ ਰਿਸ਼ਵਤ ਹਾਸਲ ਕਰ ਲਈ ਹੈ ਅਤੇ ਹੁਣ ਉਸਨੂੰ ਧਮਕਾਉਂਦਿਆਂ ਐੱਸ.ਐੱਚ.ਓ ਡੇਹਲੋਂ ਲਈ 25,000 ਰੁਪਏ ਹੋਰ ਰਿਸ਼ਵਤ ਦੇਣ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਜੇਕਰ ਉਕਤ ਰਕਮ ਅਦਾ ਨਾ ਕੀਤੀ ਤਾਂ ਉਸਦੀ ਜ਼ਮਾਨਤ ਰੱਦ ਕਰਵਾ ਦਿੱਤੀ ਜਾਵੇਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਪੈਸੇ ਦੀ ਅਦਾਇਗੀ ਸਬੰਧੀ ਏ.ਐਸ.ਆਈ. ਨਾਲ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਕਿ ਸਬੂਤ ਵਜੋਂ ਉਸ ਨੇ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ੀ ਪੁਲਿਸ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਣ ਅਤੇ 25,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰਨ ਸਬੰਧੀ ਦੋਸ਼ ਸਾਬਤ ਹੋਣ ਉੱਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਖ਼ਬਰ ਵੀ ਪੜ੍ਹੋ - ਸਾਬਕਾ ਭਾਜਪਾ ਵਿਧਾਇਕ ਨੇ ਫੜਿਆ 'ਆਪ' ਦਾ ਪੱਲਾ, ਜਾਖੜ ਨੂੰ ਪਾਰਟੀ 'ਚ ਸ਼ਾਮਲ ਕਰਨ ਤੋਂ ਸਨ ਨਾਰਾਜ਼

ਇਸ ਸਬੰਧੀ ਮੁਲਜ਼ਮ ਪੁਲਸ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra