ਵਿਜੀਲੈਂਸ ਦੀ ਵੱਡੀ ਕਾਰਵਾਈ, 10 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ASI ਦਬੋਚਿਆ
Tuesday, Oct 24, 2023 - 02:02 AM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੋਮਵਾਰ ਸੀ.ਆਈ.ਏ. ਸਮਾਣਾ, ਪਟਿਆਲਾ ਵਿਖੇ ਤਾਇਨਾਤ ਏ.ਐੱਸ.ਆਈ. ਰਘੁਵੀਰ ਸਿੰਘ ਨੂੰ ਰਿਸ਼ਵਤ ਵਜੋਂ 6 ਲੱਖ ਰੁਪਏ ਲੈਣ ਅਤੇ 4 ਲੱਖ ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ੈਂਪੀ ਸਿੰਘ ਪੁੱਤਰ ਪਰਮਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਪੁਲਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐੱਸ.ਆਈ. ਸਬੰਧਤ ਥਾਣੇ ਵਿੱਚ ਉਸ ਖਿਲਾਫ਼ ਦਰਜ ਕੀਤੇ ਇਕ ਮੁਕੱਦਮੇ ਦੀ ਜਾਂਚ 'ਚ ਸ਼ਾਮਲ ਹੋਣ ਬਦਲੇ 10 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ। ਉਸ ਨੇ ਦੋਸ਼ ਲਾਇਆ ਕਿ ਉਕਤ ਏ.ਐੱਸ.ਆਈ. 27-04-2023 ਨੂੰ ਪਹਿਲਾਂ ਹੀ ਰਿਸ਼ਵਤ ਵਜੋਂ 6 ਲੱਖ ਰੁਪਏ ਲੈ ਚੁੱਕਾ ਹੈ ਅਤੇ ਬਾਕੀ 4 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਪੁਲਸ ਮੁਲਾਜ਼ਮ ਨੂੰ 6 ਲੱਖ ਰੁਪਏ ਰਿਸ਼ਵਤ ਲੈਣ ਅਤੇ ਸ਼ਿਕਾਇਤਕਰਤਾ ਤੋਂ ਬਾਕੀ ਰਕਮ ਦੀ ਮੰਗ ਕਰਨ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਉਪਰੰਤ ਉਸ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਏ.ਐੱਸ.ਆਈ. ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਮੰਗਲਵਾਰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8