25 ਹਜ਼ਾਰ ਦੀ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
Saturday, Aug 03, 2019 - 08:47 AM (IST)
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਓਰੋ ਨੇ ਬੀਤੇ ਦਿਨ ਪੁਲਸ ਚੌਂਕੀ ਜੇਜੋ, ਥਾਣਾ ਚੱਬੇਵਾਲ, ਹੁਸ਼ਿਆਰਪੁਰ ਵਿਖੇ ਤਾਇਨਾਤ ਏ. ਐਸ. ਆਈ. ਜਗਦੀਸ਼ ਲਾਲ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ. ਐਸ. ਆਈ ਨੂੰ ਸ਼ਿਕਾਇਤਕਰਤਾ ਧਰਮ ਸਿੰਘ ਵਾਸੀ ਲਹਿਰਾ ਧੂਰਕੋਟ, ਜ਼ਿਲਾ ਬਠਿੰਡਾ ਦੀ ਸ਼ਿਕਾਇਤ 'ਤੇ ਫ਼ੜ੍ਹਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਇਕ ਟਰਾਂਸੋਪਰਟ ਕੰਪਨੀ ਹੈ, ਜਿਸ 'ਚ ਰੇਤਾ-ਬੱਜਰੀ ਦੀ ਢੋਆ-ਢੁਆਈ ਦਾ ਕੰਮ ਕੀਤਾ ਜਾਂਦਾ ਹੈ ਪਰ ਉਕਤ ਏ. ਐਸ. ਆਈ ਵਲੋਂ ਉਸ ਤੋਂ ਪ੍ਰਤੀ ਟਰੱਕ 1000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਸੌਦਾ 500 ਰੁਪਏ ਪ੍ਰਤੀ ਟਰੱਕ 'ਚ ਤੈਅ ਹੋਇਆ ਹੈ।
ਸ਼ਿਕਾਇਤਰਤਾ ਨੇ ਦੱਸਿਆ ਕਿ ਉਸ ਵਲੋਂ ਪਹਿਲਾਂ ਹੀ ਉਕਤ ਏ. ਐਸ. ਆਈ ਨੂੰ 3,000 ਰੁਪਏ ਅਦਾ ਕੀਤੇ ਜਾ ਚੁੱਕੇ ਹਨ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ. ਐਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਐਸ. ਏ. ਐਸ. ਨਗਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।