1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
Wednesday, Jun 03, 2026 - 09:07 PM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) - ਪੰਜਾਬ ਵਿਜੀਲੈਂਸ ਬਿਊਰੋ ਨੇ ਸੀ.ਆਈ. ਏ. ਸਟਾਫ ਜ਼ਿਲਾ ਫ਼ਿਰੋਜ਼ਪੁਰ ਵਿਖੇ ਤਾਇਨਾਤ ਏ. ਐੱਸ. ਆਈ. ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1,30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਸ ਨੂੰ ਪਿੰਡ ਨੌਰੰਗ ਕੇ ਲੇਲੀ ਜ਼ਿਲਾ ਫ਼ਿਰੋਜ਼ਪੁਰ ਦੇ ਇਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਪਸ਼ੂਆਂ ਦੀ ਖ਼ਰੀਦੋ-ਫਰੋਖ਼ਤ ਦਾ ਕਾਰੋਬਾਰ ਕਰਦਾ ਹੈ ਤੇ ਉਸ ਦੇ ਰਿਸ਼ਤੇਦਾਰ ਖ਼ਿਲਾਫ਼ ਸੀ.ਆਈ.ਏ. ਵੱਲੋਂ ਫ਼ਿਰੋਜ਼ਪੁਰ ਛਾਉਣੀ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ ’ਚ ਏ.ਐੱਸ.ਆਈ. ਸ਼ਿਕਾਇਤਕਰਤਾ ਨੂੰ ਮਿਲਿਆ ਅਤੇ ਧਮਕੀ ਦਿੱਤੀ ਕਿ ਇਸ ਮਾਮਲੇ ’ਚ ਉਸ ਦੇ ਰਿਸ਼ਤੇਦਾਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏ.ਐੱਸ.ਆਈ. ਗੁਰਜੀਤ ਸਿੰਘ ਨੇ ਇਸ ਮਾਮਲੇ ’ਚ ਉਸ ਦੇ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ ਟਾਲਣ ਅਤੇ ਜ਼ਮਾਨਤ ਲਈ ਰਾਹ ਪੱਧਰਾ ਕਰਨ ਬਦਲੇ ਢਾਈ ਲੱਖ ਰੁਪਏ ਦੀ ਰਿਸ਼ਵਤ ਮੰਗੀ। ਏ.ਐੱਸ.ਆਈ. ਨੇ ਇਹ ਵੀ ਦਾਅਵਾ ਕੀਤਾ ਕਿ ਇਹ ਰਕਮ ਸੀ. ਆਈ. ਏ. ਸਟਾਫ ਦੇ ਇੰਚਾਰਜ ਮੋਹਿਤ ਧਵਨ ਨੂੰ ਸੌਂਪੀ ਜਾਣੀ ਸੀ। ਸ਼ਿਕਾਇਤਕਰਤਾ ਦੀ ਬੇਨਤੀ ’ਤੇ ਸੌਦਾ ਆਖ਼ਿਰਕਾਰ 2,30,000 ਰੁਪਏ ’ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਇਕ ਲੱਖ ਰੁਪਏ ਰਿਸ਼ਵਤ ਦੀ ਰਕਮ ਪਹਿਲੀ ਕਿਸ਼ਤ ਵਜੋਂ ਦਿੱਤੀ ਸੀ।
ਰਿਸ਼ਵਤ ਦੀ ਬਕਾਇਆ ਰਕਮ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ ਮੋਹਾਲੀ ਕੋਲ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਏ.ਐੱਸ.ਆਈ. ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 1,30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
