ਥਾਣਾ ਦੋਰਾਹਾ ਦਾ ਏ. ਐੱਸ. ਆਈ. ਥਾਣੇ ''ਚ ਹੀ ਗ੍ਰਿਫ਼ਤਾਰ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
Wednesday, Jun 19, 2024 - 06:30 PM (IST)
ਚੰਡੀਗੜ੍ਹ/ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ਜੋ ਹੁਣ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਪੁਲਸ ਵਿਚ ਤਾਇਨਾਤ ਹੈ, ਜਿਥੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਪੁਲਸ ਮੁਲਾਜ਼ਮ ਵਿਰੁੱਧ ਇਹ ਮੁਕੱਦਮਾ ਸੈਕਟਰ 32-ਏ, ਚੰਡੀਗੜ੍ਹ ਰੋਡ, ਲੁਧਿਆਣਾ ਦੇ ਵਸਨੀਕ ਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਪਰਮਿੰਦਰ ਚਿੜੀ ਸਣੇ ਦੋ ਦਾ ਐਨਕਾਊਂਟਰ
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਬਿਆਨ ਦਰਜ ਕਰਵਾਏ ਸਨ ਕਿ 13 ਮਾਰਚ, 2021 ਨੂੰ ਉਸਦੇ ਡਰਾਈਵਰ ਰਾਜਦੀਪ ਸਿੰਘ ਵਾਸੀ ਖਡੂਰ ਸਾਹਿਬ, ਜ਼ਿਲਾ ਤਰਨਤਾਰਨ ਅਤੇ ਹੈਲਪਰ ਬਿਰਜੂ, ਵਾਸੀ ਸੰਜੇ ਗਾਂਧੀ ਕਲੋਨੀ, ਲੁਧਿਆਣਾ ਨੇੜੇ ਨੀਲੋਂ ਪੁਲ, ਸਮਰਾਲਾ ਵਿਖੇ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਸ ਦਿਨ ਥਾਣਾ ਸਮਰਾਲਾ ਤੋਂ ਏ.ਐੱਸ.ਆਈ. ਸਿਕੰਦਰ ਰਾਜ ਹੋਰ ਪੁਲਸ ਮੁਲਾਜ਼ਮਾਂ ਨਾਲ ਮੌਕੇ 'ਤੇ ਪਹੁੰਚਿਆ ਅਤੇ ਦੋਵੇਂ ਵਾਹਨਾਂ ਨੂੰ ਥਾਣੇ ਲੈ ਗਏ।
ਇਹ ਵੀ ਪੜ੍ਹੋ : ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, NSA ਵਿਚ ਵਾਧਾ
ਇਸ ਤੋਂ ਬਾਅਦ ਏ.ਐੱਸ.ਆਈ. ਸਿਕੰਦਰ ਰਾਜ ਨੇ ਸ਼ਿਕਾਇਤਕਰਤਾ ਤੋਂ ਉਸਦੇ ਡਰਾਈਵਰ ਨੂੰ ਜ਼ਮਾਨਤ ਦਿਵਾਉਣ, ਉਸਦੀ ਗੱਡੀ ਵਿਚ ਲੱਦਿਆ ਸਮਾਨ ਛੱਡਣ ਅਤੇ ਉਸਦੇ ਡਰਾਈਵਰ ਖ਼ਿਲਾਫ ਦਰਜ ਹੋਏ ਹਾਦਸੇ ਦੇ ਕੇਸ 'ਚੋਂ ਬਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਆਖਰਕਾਰ ਸੌਦਾ 18,000 ਰੁਪਏ ਵਿਚ ਹੋਇਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਪੁਲਸ ਮੁਲਾਜ਼ਮ ਵੱਲੋਂ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਭਰ ਵਿਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ
ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਵਿਚ ਲਗਾਏ ਗਏ ਦੋਸ਼ ਸਹੀ ਅਤੇ ਦਰੁਸਤ ਪਾਏ ਗਏ ਹਨ। ਇਸ ਤੋਂ ਬਾਅਦ ਥਾਣਾ ਦੋਰਾਹਾ ਵਿਖੇ ਤਾਇਨਾਤ ਏਐੱਸਆਈ ਸਿਕੰਦਰ ਰਾਜ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਕਤ ਮੁਲਜ਼ਮ ਨੂੰ ਅੱਜ ਬਿਊਰੋ ਦੀ ਲੁਧਿਆਣਾ ਰੇਂਜ ਦੀ ਟੀਮ ਵੱਲੋਂ ਥਾਣਾ ਦੋਰਾਹਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਭਲਕੇ ਸਮਰੱਥ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸੰਗਰੂਰ ਦੀ ਪੁਲਸ ਲਾਈਨ 'ਚ ਤਾਇਨਾਤ ਨੌਜਵਾਨ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8