ਕੇਸ ’ਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐੱਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
Monday, May 13, 2024 - 05:41 PM (IST)
ਚੰਡੀਗੜ੍ਹ (ਬਿਊਰੋ) : ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਜਲੰਧਰ ਦੇ ਥਾਣਾ ਫਿਲੌਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐੱਸ. ਆਈ.) ਹਰਭਜਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਨੂੰ ਸ਼ਿੰਦੂ ਵਾਸੀ ਪਿੰਡ ਨੰਗਲ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਲੜਕੇ ਖ਼ਿਲ਼ਾਫ਼ ਦਰਜ ਪੁਲਸ ਕੇਸ ਦੀ ਜਾਂਚ ਦੌਰਾਨ ਕੇਸ ’ਚੋਂ ਨਾਮ ਕੱਢਣ ਬਦਲੇ ਉਕਤ ਏ.ਐੱਸ.ਆਈ. ਨੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 50,000 ਰੁਪਏ ’ਚ ਤੈਅ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ : ਭਾਜਪਾ ਸਰਕਾਰ 10 ਸਾਲ ’ਚ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ : ਧਾਲੀਵਾਲ
ਉਸਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਪਹਿਲਾਂ ਹੀ 10,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐੱਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ : 50 ਫੀਸਦੀ ਵੋਟਾਂ ਪੈਣ ਤੋਂ ਬਾਅਦ ਹੀ ਚੋਣ ਨਤੀਜਿਆਂ ’ਤੇ ਅਸਰ ਪਾ ਸਕਦੈ ਨੋਟਾ!
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8