ASI ਨੂੰ ਲੈ ਬੈਠੀ 2000 ਰੁਪਏ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
Thursday, Jun 12, 2025 - 09:56 PM (IST)

ਚੰਡੀਗੜ੍ਹ (ਅਰਚਨਾ ਸੇਠੀ) : ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਪੁਲਸ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐੱਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਕਪੂਰਥਲਾ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤ ਦੇ ਅਨੁਸਾਰ, ਦੋਸ਼ੀ ਏਐੱਸਆਈ ਨੇ ਅਦਾਲਤ ਤੋਂ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਪੁਲਿਸ ਜਾਂਚ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਲਈ 10,000 ਰੁਪਏ ਦੀ ਰਿਸ਼ਵਤ ਮੰਗੀ ਸੀ। ਬਾਅਦ ਵਿੱਚ, ਪੁਲਸ ਮੁਲਾਜ਼ਮ ਨੇ ਉਕਤ ਉਦੇਸ਼ ਲਈ 5,000 ਰੁਪਏ ਦੀ ਮੰਗ ਕੀਤੀ ਪਰ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ਤੋਂ ਬਾਅਦ, ਉਸਨੇ 2,000 ਰੁਪਏ ਦੀ ਰਿਸ਼ਵਤ ਲੈ ਲਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸੱਚ ਪਾਏ ਗਏ, ਜਿਸ ਤੋਂ ਬਾਅਦ ਉਪਰੋਕਤ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਪੁਲਿਸ ਸਟੇਸ਼ਨ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e