ਵਿਧਾਨ ਸਭਾ ਵਿਖੇ ਰੋਸ ਪ੍ਰਗਟਾਉਣ ਪੁੱਜੇ ਬੇਰੋਜ਼ਗਾਰ ਬੀ. ਐੱਡ. ਅਧਿਆਪਕ ਗ੍ਰਿਫਤਾਰ

03/05/2020 1:28:12 AM

ਚੰਡੀਗੜ੍ਹ,(ਰਮਨਜੀਤ)- ਪੰਜਾਬ ਵਿਧਾਨ ਸਭਾ ਵਿਖੇ ਰੋਸ ਪ੍ਰਗਟਾਉਣ ਪੁੱਜੇ ਟੈੱਟ ਪਾਸ ਬੇਰੋਜ਼ਗਾਰ ਬੀ. ਐੱਡ. ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਢਿੱਲਵਾਂ ਅਤੇ 9 ਹੋਰ ਅਧਿਆਪਕਾਂ ਨੂੰ ਚੰਡੀਗੜ੍ਹ ਪੁਲਸ ਵਲੋਂ ਗ੍ਰਿਫ਼ਤਾਰ ਕਰ ਕੇ ਸੈਕਟਰ-3 ਦੇ ਥਾਣੇ ਭੇਜਣ ਮਗਰੋਂ ਦੇਰ ਸ਼ਾਮ ਰਿਹਾਅ ਕੀਤਾ ਗਿਆ। ਬੇਰੋਜ਼ਗਾਰ ਬੀ. ਐੱਡ. ਅਧਿਆਪਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਨਾ ਹੋਣ ਕਾਰਣ ਆਪਣਾ ਰੋਸ ਪ੍ਰਗਟਾਉਣ ਇਥੇ ਪੁੱਜੇ ਸਨ। ਉਨ੍ਹਾਂ ਆਪਣੇ ਹੱਥਾਂ 'ਚ ਪਾਣੀ ਦੀਆਂ ਚੱਪਣੀਆਂ ਵੀ ਫੜੀਆਂ ਹੋਈਆਂ ਸਨ। 1 ਮਾਰਚ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਦੇ ਘਿਰਾਓ ਦੌਰਾਨ ਜ਼ਿਲਾ ਪ੍ਰਸ਼ਾਸਨ ਨੇ 4 ਮਾਰਚ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਧਰਨਾ ਚੁਕਵਾਇਆ ਸੀ ਪਰ ਬਾਅਦ 'ਚ ਮੀਟਿੰਗ ਲਈ ਮੁੱਖ ਮੰਤਰੀ ਦਫ਼ਤਰ ਤੋਂ ਸਮਾਂ ਨਹੀਂ ਮਿਲ ਸਕਿਆ, ਜਿਸ ਕਾਰਣ ਬੇਰੋਜ਼ਗਾਰ ਬੀ.ਐੱਡ. ਅਧਿਆਪਕਾਂ 'ਚ ਸਰਕਾਰ ਖ਼ਿਲਾਫ਼ ਰੋਸ ਸੀ।

ਰਿਹਾਈ ਉਪਰੰਤ ਸੂਬਾ ਪ੍ਰਧਾਨ ਢਿੱਲਵਾਂ ਨੇ ਦੱਸਿਆ ਕਿ ਟੈੱਟ ਪਾਸ ਬੇਰੋਜ਼ਗਾਰ ਬੀ. ਐੱਡ. ਪਿਛਲੇ 6 ਮਹੀਨਿਆਂ ਤੋਂ ਸੰਗਰੂਰ ਵਿਖੇ ਪੱਕਾ ਮੋਰਚਾ ਲਾ ਕੇ ਸੰਘਰਸ਼ ਕਰ ਰਹੇ ਹਨ। 5 ਵਾਰ ਲਾਠੀਚਾਰਜ ਦਾ ਸ਼ਿਕਾਰ ਹੋਏ ਹਨ। ਸਿੱਖਿਆ ਵਿਭਾਗ ਨੇ ਪਿਛਲੇ ਦਿਨੀਂ ਪੰਜਾਬੀ ਦੀਆਂ 60, ਹਿੰਦੀ ਦੀਆਂ 40 ਅਤੇ ਸਮਾਜਿਕ ਸਿੱਖਿਆ ਵਿਸ਼ੇ ਦੀਆਂ 52 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰ ਕੇ ਸਬੰਧਤ ਵਿਸ਼ਿਆਂ ਦੇ ਹਜ਼ਾਰਾਂ ਉਮੀਦਵਾਰਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਟੈਸਟ ਪਾਸ ਕਰਨ ਦੇ ਬਾਵਜੂਦ ਨੌਕਰੀ ਉਡੀਕਦਿਆਂ ਹਜ਼ਾਰਾਂ ਉਮੀਦਵਾਰ ਭਰਤੀ ਲਈ ਮਿੱਥੀ ਉਮਰ ਹੱਦ ਲੰਘਾ ਚੁੱਕੇ ਹਨ ਅਤੇ ਹੁਣ ਉਮਰ-ਹੱਦ 37 ਤੋਂ ਵਧਾ ਕੇ 42 ਸਾਲ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਕੋਲ ਬੇਰੋਜ਼ਗਾਰ ਅਧਿਆਪਕ ਆਗੂਆਂ ਨਾਲ ਮੁਲਾਕਾਤ ਕਰਨ ਦਾ ਵੀ ਸਮਾਂ ਵੀ ਨਹੀਂ ਹੈ।