550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ
Wednesday, Sep 11, 2019 - 02:53 PM (IST)
ਜਲੰਧਰ/ਚੰਡੀਗੜ੍ਹ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿਦੰਰ ਸਿੰਘ ਨੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੋਂ ਵੀਜ਼ਾ ਮੁਕਤ ਐਂਟਰੀ ਦਾ ਮਾਮਲਾ ਕੇਂਦਰੀ ਵਿਦੇਸ਼ ਮੰਤਰੀ ਦੇ ਸਾਹਮਣੇ ਉਠਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਇਹ ਵਿਚਾਰ ਕੈਬਨਿਟ ਦੇ ਸਾਥੀਆਂ ਸਾਹਮਣੇ ਪ੍ਰਗਟ ਕੀਤੇ ਜਿਸ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਦੇਖਦੇ ਹੋਏ ਸੂਬਾ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦਾ ਫੈਸਲਾ ਲਿਆ ਗਿਆ। ਕੈਬਨਿਟ ਨੇ ਇਸ ਸਬੰਧ 'ਚ ਇਕ ਪ੍ਰਸਤਾਵ ਵੀ ਪਾਸ ਕੀਤਾ ਜਿਸ 'ਚ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਨ ਲਈ ਰਾਸ਼ਟਰਪਤੀ ਅਤੇ ਪ੍ਰਮੁੱਖ ਸਿੱਖ ਵਿਦਵਾਨਾਂ ਨੂੰ ਸੱਦਾ ਦੇਣ ਦਾ ਫੈਸਲਾ ਲਿਆ ਗਿਆ।
ਇਕ ਹੋਰ ਪ੍ਰਸਤਾਵ 'ਚ ਕਿਹਾ ਗਿਆ ਕਿ ਭਾਰਤ ਸਰਕਾਰ ਨੂੰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਹਾਸਿਕ 550ਵੇਂ ਪ੍ਰਕਾਸ਼ਪੁਰਬ ਨੂੰ ਦੇਖਦੇ ਹੋਏ ਸੰਸਦ ਦੇ ਦੋਵਾਂ ਸਦਨਾਂ ਦਾ ਵਿਸ਼ੇਸ਼ ਸੰਯੁਕਤ ਸੈਸ਼ਨ ਬੁਲਾਉਣਾ ਚਾਹੀਦਾ ਹੈ ਜਿਸ 'ਚ ਰਾਸ਼ਟਰਪਤੀ ਤੇ ਹੋਰ ਸਿੱਖ ਵਿਦਵਾਨਾਂ ਨੂੰ ਆਪਣੇ ਵਿਚਾਰ ਰੱਖਣ ਲਈ ਸੱਦਾ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦੌਰੇ 'ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਐਂਟਰੀ ਦਿੱਤੀ ਜਾਣੀ ਚਾਹੀਦੀ ਹੈ। ਇਸ ਦੇ ਲਈ ਕੋਈ ਐਂਟਰੀ ਫੀਸ ਜਾਂ ਜੋਰ ਚਾਰਜਿਸ ਨਹੀਂ ਰੱਖੇ ਜਾਣੇ ਚਾਹੀਦੇ। ਇਸ ਨਾਲ ਸਿੱਖ ਸੰਗਤ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਮਿਲ ਸਕਣਗੇ। ਮੁੱਖ ਮੰਤਰੀ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਨਿੱਜੀ ਤੌਰ 'ਤੇ ਮਿਲਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਸ੍ਰੀ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਸੁਪਰ ਸਪੈਸ਼ਲਿਟੀ ਇੰਸਟੀਚਿਊਟ ਬਣਾਉਣ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਅਤੇ ਨਾਲ ਹੀ ਗੁਰਦੁਆਰਾ ਸੰਤ ਘਾਟ ਤੋਂ ਕਪੂਰਥਲਾ-ਸੁਲਤਾਨਪੁਰ ਲੋਧੀ ਸੜਕ ਦੇ ਨਿਰਮਾਣ ਲਈ 1.24 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ। ਮੁੱਖ ਮੰਤਰੀ ਨੇ ਵੀ ਸਾਰੇ ਵਿਕਾਸ ਕੰਮਾਂ ਨੂੰ ਤੈਅ ਸਮੇਂ ਵਿਚ ਪੂਰਾ ਕਰਨ ਦੇ ਨਿਰਦੇਸ਼ ਿਡਪਟੀ ਕਮਿਸ਼ਨਰਾਂ ਨੂੰ ਦਿੱਤੇ ਤੇ ਨਾਲ ਹੀ ਸੂਬੇ ਦੇ ਮੁੱਖ ਸਕੱਤਰ ਤੇ ਡੀ. ਜੀ. ਪੀ. ਨੂੰ ਚੱਲ ਰਹੇ ਵਿਕਾਸ ਕੰਮਾਂ ਤੇ ਟਰੈਫਿਕ ਦੇ ਪ੍ਰਬੰਧਾਂ ਦਾ ਸਮੇਂ-ਸਮੇਂ 'ਤੇ ਜਾਇਜ਼ਾ ਲੈਣ ਲਈ ਕਿਹਾ।