ਵਿਧਾਨ ਸਭਾ ਚੋਣਾਂ : ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ’ਚੋਂ 396.03 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

Tuesday, Feb 08, 2022 - 05:49 PM (IST)

ਵਿਧਾਨ ਸਭਾ ਚੋਣਾਂ : ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ’ਚੋਂ 396.03 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿਚੋਂ 7 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿਚ 396.03 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐੱਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 23.51 ਕਰੋੜ ਰੁਪਏ ਦੀ 41.39 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 313.69 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 24.83 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1350 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3616 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿਚੋਂ 2965 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1869 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਾਰੇ ਹੀ 2921 ਗੈਰ-ਜ਼ਮਾਨਤੀ ਵਾਰੰਟਾਂ ਦੇ ਕੇਸਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿਚ 21330 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿਚੋਂ ਹੁਣ ਤੱਕ 3,78,496 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿਚ 100 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

 


author

Gurminder Singh

Content Editor

Related News