ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਪਾਲਿਸੀ ਜਾਰੀ : ਡਾ. ਰਾਜੂ
Friday, Oct 15, 2021 - 04:45 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵਲੋਂ ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਪਾਲਿਸੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਸਮੁੱਚੀ ਕਾਰਵਾਈ ਮਾਰਚ 2022 ਦੀ ਪਹਿਲੀ ਤਿਮਾਹੀ ਨੇਪਰੇ ਚਾੜ੍ਹੀ ਜਾਣੀ ਹੈ। ਉਕਤ ਪ੍ਰਗਟਾਵਾ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਇਥੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਆਮ ਬਦਲੀਆਂ ਅਤੇ ਤਾਇਨਾਤੀਆਂ ਉਕਤ ਪਾਲਿਸੀ ਦੇ ਤਹਿਤ ਕੀਤੀ ਜਾਣੀ ਹੈ। ਡਾ.ਰਾਜੂ ਨੇ ਕਿਹਾ ਕਿ ਮੌਜੂਦਾ ਪੰਜਾਬ ਵਿਧਾਨ ਸਭਾ ਦੀ ਮਿਆਦ 27 ਮਾਰਚ 2022 ਤੱਕ ਹੈ। ਸੀ.ਈ.ਓ. ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪੱਤਰ ਦੀ ਕਾਪੀ ਪੰਜਾਬ ਰਾਜ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਡਾਇਰੈਕਟਰ ਜਨਰਲ ਆਫ ਪੁਲਸ, ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ, ਵਿਭਾਗ ਮੁਖੀ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ ਨੂੰ ਅਗਲੇਰੀ ਕਾਰਵਾਈ ਲਈ ਭੇਜ ਦਿੱਤੀ ਗਈ ਹੈ।
ਡਾ. ਰਾਜੂ ਨੇ ਪ੍ਰਚਾਰ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਵਾਲੇ ਸਮੂਹ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ 2022 ਸਬੰਧੀ ਖਬਰ ਚਲਾਉਣ ਤੋਂ ਪਹਿਲਾਂ ਦਫਤਰ ਮੁੱਖ ਚੋਣ ਅਫਸਰ ਪੰਜਾਬ ਤੋਂ ਖਬਰ ਸਬੰਧੀ ਜ਼ਰੂਰੀ ਅਤੇ ਸਹੀ ਜਾਣਕਾਰੀ ਜ਼ਰੂਰ ਹਾਸਲ ਕਰਨ ਤਾਂ ਜੋ ਚੋਣਾਂ ਸਬੰਧੀ ਲੋਕਾਂ ਨੂੰ ਸਟੀਕ ਜਾਣਕਾਰੀ ਮਿਲ ਸਕੇ। ਡਾ. ਰਾਜੂ ਨੇ ਕਿਹਾ ਸੋਸ਼ਲ ਮੀਡੀਆ ’ਤੇ ਕੁਝ ਲੋਕਾਂ ਨੇ ਕੱਟ ਆਫ ਮਿਤੀ ਸਬੰਧੀ ਪੱਤਰ ਨੂੰ ਚੋਣ ਮਿਤੀ ਵਜੋਂ ਹੀ ਪੇਸ਼ ਕਰ ਦਿੱਤਾ ਜੋ ਕਿ ਜਾਰੀ ਕੀਤੇ ਗਏ ਪੱਤਰ ਦੀ ਭਾਵਨਾ ਦੇ ਬਿਲਕੁਲ ਉਲਟ ਸੀ।