ਵਿਧਾਨ ਸਭਾ ਚੋਣਾਂ ’ਚ ਹੋਈ ਕਰਾਰੀ ਹਾਰ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ ਵੱਡਾ ਐਲਾਨ

Friday, Mar 11, 2022 - 12:54 PM (IST)

ਵਿਧਾਨ ਸਭਾ ਚੋਣਾਂ ’ਚ ਹੋਈ ਕਰਾਰੀ ਹਾਰ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ : ਭਾਜਪਾ ਨਾਲ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿਚ ਉਤਰੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਚੋਣਾਂ ’ਚ ਹੋਈ ਵੱਡੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਸੁਖਦੇਵ ਢੀਂਡਸਾ ਨੇ ਕਿਹਾ ਕਿ ਭਲਕੇ ਉਹ ਪਾਰਟੀ ਦੀ ਹੋਣ ਵਾਲੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਹੈ ਕਿ ਭਾਜਪਾ ਨਾਲ ਗਠਜੋੜ ਜਾਰੀ ਰਹੇਗਾ, ਉਹ ਸਿਰਫ ਪਾਰਟੀ ਦੀ ਪ੍ਰਧਾਨਗੀ ਤੋਂ ਹੀ ਅਸਤੀਫ਼ਾ ਦੇ ਰਹੇ ਹਨ। ਇਕ ਇੰਟਰਵਿਊ ਵਿਚ ਬੋਲਦਿਆਂ ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਵੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੀ ਵੱਡੀ ਹਾਰ ਤੋਂ ਬਾਅਦ ਪਾਰਟੀ ’ਚ ਉੱਠੀ ਬਗਾਵਤ

ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਨੂੰ ਬਚਾਉਣਾ ਹੈ ਤਾਂ ਸੁਖਬੀਰ ਬਾਦਲ ਨੂੰ ਹਟਾਉਣਾ ਹੀ ਹੋਵੇਗਾ। ਸੁਖਬੀਰ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੇ ਸਿਰਫ ਤਿੰਨ ਉਮੀਦਵਾਰ ਹੀ ਜਿੱਤ ਹਾਸਲ ਕਰ ਸਕੇ ਹਨ, ਲਿਹਾਜ਼ਾ ਸੁਖਬੀਰ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਢੀਂਡਸਾ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਲੋਂ ਚੋਣ ਲੜਨ ’ਤੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਬਾਦਲ ਨੂੰ 94 ਸਾਲ ਦੀ ਉਮਰ ਵਿਚ ਮਜਬੂਰੀ ਵਸ ਚੋਣ ਲੜਨੀ ਪਈ ਹੈ, ਇਸ ਦਾ ਦੁੱਖ ਹੈ ਕਿ ਉਹ ਆਪਣੀ ਆਖਰੀ ਚੋਣ ਵੀ ਹਾਰ ਗਏ ਹਨ, ਲਿਹਾਜ਼ਾ ਉਨ੍ਹਾਂ ਨੂੰ ਇਹ ਚੋਣ ਨਹੀਂ ਲੜਨੀ ਚਾਹੀਦੀ ਸੀ।

ਇਹ ਵੀ ਪੜ੍ਹੋ : ‘ਆਪ’ ਦੀ ਬੰਪਰ ਜਿੱਤ ਤੋਂ ਬਾਅਦ ਨਵੀਂ ਸਰਕਾਰ ਦੇ ਗਠਨ ’ਤੇ ਚਰਚਾ ਤੇਜ਼, ਇਹ ਚਿਹਰੇ ਹੋ ਸਕਦੇ ਨੇ ਕੈਬਨਿਟ ਦਾ ਹਿੱਸਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News