ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਦੇ ਦੋਸ਼ ਵਿਚ ਸਹਾਇਕ ਸਬ ਇੰਪਸੈਕਟਰ ਬਰਖਾਸਤ

Tuesday, Jun 18, 2019 - 08:33 PM (IST)

ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਦੇ ਦੋਸ਼ ਵਿਚ ਸਹਾਇਕ ਸਬ ਇੰਪਸੈਕਟਰ ਬਰਖਾਸਤ

ਜਲੰਧਰ (ਵੈਬ ਡੈਸਕ)- ਪੁਲਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਵਾਲੇ ਸਹਾਇਕ ਸਬ ਇੰਪਸੈਕਟਰ ਵਿਰੁੱਧ ਸਖਤ ਕਾਰਵਾਈ ਕਰਦਿਆਂ ਉਸ ਨੂੰ ਸਰਕਾਰੀ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਏ.ਐਸ.ਆਈ. ਸਰਬਜੀਤ ਸਿੰਘ ਨੂੰ ਜਾਂਚ ਦੌਰਾਨ ਨਸ਼ਾ ਤਸਕਰਾਂ ਨਾਲ ਸਬੰਧਾਂ ਦਾ ਦੋਸ਼ੀ ਪਾਇਆ ਗਿਆ ਸੀ।

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸਹਾਇਕ ਸਬ ਇੰਸਪੈਕਟਰ ਨਾਰਕੋਟਿਕ ਸੈਲ ਵਿਖੇ ਤਾਇਨਾਤ ਸੀ ਅਤੇ ਖੁਦ ਨਸ਼ੇ ਦਾ ਆਦੀ  ਸੀ ਅਤੇ ਉਸ ਵਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਨਸ਼ਾ ਤਸਕਰਾਂ ਦੀ ਮਦਦ ਕਰਨ ਦਾ ਦੋਸ਼ੀ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਵਿਸਥਾਰਿਤ ਜਾਂਚ ਪੜਤਾਲ ਤੋਂ ਬਾਅਦ ਏ. ਐੱਸ. ਆਈ. ਸਰਬਜੀਤ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ ਹੈ। ਸਰਬਜੀਤ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਕੇਸ ‘ਚ ਹਾਲ ਹੀ ਵਿਚ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਸ ਕਮਿਸ਼ਨਰ ਨੇ ਜ਼ਿਲੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਮੁਕੰਮਲ ਤੌਰ 'ਤੇ ਖ਼ਤਮ ਕਰਨ ਲਈ ਸ਼ਹਿਰੀ ਪੁਲਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਨਸ਼ਿਆਂ ਦੇ ਘਿਣੌਨੇ ਕਾਰੋਬਾਰ ਵਿਚ ਲਿਪਤ ਦੋਸ਼ੀਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।


author

DILSHER

Content Editor

Related News