ਜਥੇਦਾਰ ਗੁਰਿੰਦਰ ਸਿੰਘ ਗੋਗੀ ਦੀ ਮੰਗ, ਤੁਰੰਤ ਕਰਵਾਈਆਂ ਜਾਣ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ

Saturday, Mar 12, 2022 - 12:10 PM (IST)

ਜਥੇਦਾਰ ਗੁਰਿੰਦਰ ਸਿੰਘ ਗੋਗੀ ਦੀ ਮੰਗ, ਤੁਰੰਤ ਕਰਵਾਈਆਂ ਜਾਣ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ)- ਵਿਧਾਨ ਸਭਾ ਚੋਣਾਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ। ਇਹ ਮੰਗ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਗੋਗੀ ਵੱਲੋਂ ਕੀਤੀ ਗਈ। ਉਨ੍ਹਾਂ ਦੇ ਨਾਲ ਸਰਕਲ ਪ੍ਰਧਾਨ ਜਥੇਦਾਰ ਰਾਮ ਸਿੰਘ ਅਤੇ ਸੁਰਿੰਦਰ ਸਿੰਘ ਮਟੌਰ ਵੀ ਹਾਜ਼ਰ ਸਨ।

ਗੋਗੀ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ 5 ਸਾਲ ਬਾਅਦ ਹੁੰਦੀਆਂ ਹਨ ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ ਅਸੀਂ ਪੁਰਜ਼ੋਰ ਮੰਗ ਕਰਦੇ ਹਾਂ ਕਿ ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਏ। ਹਾਲ ਹੀ ਵਿਚ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਮਿਲੀ ਨਮੋਸ਼ੀਜਨਕ ਹਾਰ ਬਾਰੇ ਪੁੱਛਣ ’ਤੇ ਜਥੇਦਾਰ ਗੋਗੀ ਨੇ ਕਿਹਾ ਕਿ ਅਸੀਂ ਲੋਕਾਂ ਦਾ ਫ਼ਤਵਾ ਕਬੂਲ ਕਰਦੇ ਹਾਂ।

ਇਹ ਵੀ ਪੜ੍ਹੋ: ਫਗਵਾੜਾ 'ਚ ਵੱਡੀ ਵਾਰਦਾਤ, ਲੁਟੇਰਿਆਂ ਨੇ SBI ਦਾ ATM ਤੋੜ ਕੇ ਲੁੱਟੀ 23 ਲੱਖ ਦੀ ਨਕਦੀ

ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਵੀ ਲੋਕ ਹਿੱਤਾਂ ਲਈ ਲੜਦਾ ਰਿਹਾ ਹੈ ਅਤੇ ਹੁਣ ਵੀ ਲੋਕ ਹਿੱਤਾਂ ਲਈ ਲਡ਼ਦਾ ਰਹੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਵੱਲੋਂ ਚੁਣੀ ਸਰਕਾਰ ਬਣਨ ਦਾ ਸਵਾਗਤ ਕਰਦਿਆਂ ਕਿਹਾ ਕਿ ਤੁਸੀਂ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਜਿਤਾਇਆ ਹੈ, ਅਸੀਂ ਇਹ ਆਸ ਕਰਦੇ ਹਾਂ ਕਿ ਪੰਜਾਬ ਦੇ ਉਲਝੇ ਹੋਏ ਮਸਲਿਆਂ ਨੂੰ ਇਹ ਬਹੁਮਤ ਵਾਲੀ ਸਰਕਾਰ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸੱਧਰਾਂ ਅਤੇ ਚਾਵਾਂ ਦੇ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 92 ਸੀਟਾਂ ਦਿਵਾਈਆਂ ਹਨ, ਉਨ੍ਹਾਂ ਆਸਾਂ ਅਤੇ ‘ਆਪ’ ਨੂੰ ਪੂਰਾ ਉਤਰਨਾ ਚਾਹੀਦਾ ਹੈ।

ਕੀ ਸ਼੍ਰੋਮਣੀ ਅਕਾਲੀ ਦਲ ਨੂੰ ਬੇਅਦਬੀ ਦੇ ਮੁੱਦੇ ਕਾਰਨ ਹਾਰ ਹੋਈ ਹੈ ਬਾਰੇ ਪੁੱਛਣ ’ਤੇ ਗੋਗੀ ਨੇ ਇਸ ਤੋਂ ਕੋਰਾ ਇਨਕਾਰ ਕਰਦਿਆਂ ਕਿਹਾ ਕਿ ਇਸ ਹਾਰ ਦਾ ਬੇਅਦਬੀ ਮੁੱਦੇ ਨਾਲ ਕੋਈ ਸਬੰਧ ਨਹੀਂ, ਅਸਲ ਵਿਚ ਆਮ ਆਦਮੀ ਪਾਰਟੀ ਦਾ ਹੜ੍ਹ ਆਇਆ ਹੋਇਆ ਸੀ ਅਤੇ ਲੋਕਾਂ ਦੀਆਂ ਭਾਵਨਾਵਾਂ ਦੇ ਹੜ੍ਹ ਵਿਚ ਇਹ ਪਾਰਟੀ ਜਿੱਤ ਗਈ ਭਾਵੇਂ ਕਿ ਬਾਅਦ ਵਿਚ ਹੋ ਸਕਦਾ ਕਿ ਲੋਕਾਂ ਨੂੰ ਪਛਤਾਉਣਾ ਵੀ ਪਵੇ।

ਇਹ ਵੀ ਪੜ੍ਹੋ: ਆਦਮਪੁਰ 'ਚ ਵਾਪਰੀ ਵੱਡੀ ਘਟਨਾ, ਪਿੰਡ ਚੁਖਿਆਰਾ ਵਿਖੇ ਪਤੀ-ਪਤਨੀ ਨੇ ਲਿਆ ਫਾਹਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News