ਕਾਲੇ ਕਾਨੂੰਨ ਰੱਦ ਹੋਣ ‘ਤੇ ਬਾਬਾ ਬਕਾਲਾ ਸਾਹਿਬ ’ਚ ਖੁਸ਼ੀ ਦਾ ਮਾਹੌਲ

11/19/2021 1:02:51 PM

ਬਾਬਾ ਬਕਾਲਾ ਸਾਹਿਬ (ਰਾਕੇਸ਼) : ਮੋਦੀ ਦੀ ਅਗਵਾਈ ਵਿਚਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਵਿਰੁੱਧ ਪਾਸ ਕੀਤੇ ਜਾ ਚੁੱਕੇ ਤਿੰਨ ਕਾਲੇ ਕਾਨੂੰਨਾਂ ਨੂੰ ਅੱਜ ਵਾਪਿਸ ਲਏ ਜਾਣ ‘ਤੇ ਸੂਬੇ ਭਰ ਵਿਚ ਖੁਸ਼ੀ ਦਾ ਮਾਹੌਲ ਬਣ ਗਿਆ ਹੈ। ਵੱਖ-ਵੱਖ ਸਥਾਨਾਂ ‘ਚ ਇਸ ਜਿੱਤ ਪ੍ਰਤੀ ਅਰਦਾਸ ਕਰਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਇਸੇ ਕੜੀ ਵਜੋਂ ਅੱਜ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਵਜੀਰ ਭੁੱਲਰ ਵਿਖੇ ਵੀ ਪਿੰਡ ਵਾਸੀਆਂ ਵੱਲੋਂ ਸਾਂਝੇ ਤੌਰ ‘ਤੇ ਇਕੱਤਰ ਹੋ ਕੇ ਬਾਬਾ ਭਾਈ ਭਾਨਾ ਸ਼ਾਹ ਜੀ ਗੁਰਦੁਆਰਾ ਵਿਖੇ ਨਤਮਸਤਕ ਹੋਏ ਅਤੇ ਖੁਸ਼ੀ ਵਿਚ ਆਤਿਸ਼ਬਾਜ਼ੀ ਕੀਤੀ। ਇਸ ਮੌਕੇ ਇਕੱਤਰ ਬਾਬਾ ਅਵਤਾਰ ਸਿੰਘ, ਕਪੂਰ ਸਿੰਘ ਭੁੱਲਰ, ਭੁਪਿੰਦਰ ਸਿੰਘ ਭੁੱਲਰ, ਪ੍ਰਧਾਨ ਗੁਰਿੰਦਰਪਾਲ ਸਿੰਘ, ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ, ਪਰਗਨ ਸਿੰਘ, ਫੌਜੀ ਕਵਲਜੀਤ ਸਿੰਘ, ਬੀਬੀ ਸਵਿੰਦਰ ਕੌਰ ਰੱਖੜਾ, ਤੇਜਾ ਸਿੰਘ ਅਤੇ ਹੋਰ ਪਤਵੰਤਿਆਂ ਨੇ ਕਿਹਾ ਕਿ ਇੰਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਿਸ ਲਏ ਜਾਣ ‘ਤੇ ਕੋਈ ਵੀ ਟਿੱਪਣੀ ਕਰਨੀ ਮੁਨਾਸਿਬ ਨਹੀ ਹੈ, ਪ੍ਰੰਤੂ ਇਸਨੂੰ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਕਿਰਤੀਆਂ, ਹਮਾਇਤੀ ਜਥੇਬੰਦੀਆਂ, ਸੰਪਰਦਾਵਾਂ ਅਤੇ ਦੁਕਾਨਦਾਰਾਂ ਦੀ ਜਿੱਤ ਕਰਾਰ ਦਿਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਰੱਦ ਹੋਣ ਨਾਲ ਪੰਜਾਬ ਦਾ ਕਿਸਾਨ ਅਤੇ ਕਿਰਸਾਨੀ ਮੁੜ ਉਜਾਗਰ ਹੋਵੇਗੀ ਅਤੇ ਉਨ੍ਹਾਂ ਦੇ ਹੌਸਲੇ ਵੀ ਬੁਲੰਦ ਹੋਣਗੇ।

PunjabKesari

ਦੱਸਣਯੋਗ ਹੈ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ਵਿਚ ਘਿਰੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ ਅਤੇ ਇਸ ਸਬੰਧੀ ਇਕ ਬਿੱਲ ਸੰਸਦ ਦੇ ਆਗਾਮੀ ਸੈਸ਼ਨ ਵਿਚ ਲਿਆਂਦਾ ਜਾਵੇਗਾ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਸਨ। ਪ੍ਰਧਾਨ ਮੰਤਰੀ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨਾਲ ਜੁੜੇ ਮੁੱਦਿਆਂ 'ਤੇ ਇਕ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਨੂੰ ਸੰਬੋਧਨ ਕਰਦੇ ਹੋਏ ਇਸ ਸਬੰਧੀ ਐਲਾਨ ਕੀਤਾ। ਉਨ੍ਹਾਂ ਕਿਹਾ, '5 ਦਹਾਕਿਆਂ ਦੇ ਆਪਣੇ ਜਨਤਕ ਜੀਵਨ ਵਿਚ, ਮੈਂ ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਚੁਣੌਤੀਆਂ ਨੂੰ ਬਹੁਤ ਨੇੜਿਓਂ ਅਨੁਭਵ ਕੀਤਾ ਹੈ।'

PunjabKesari
 


Anuradha

Content Editor

Related News