ਸ੍ਰੀ ਦਰਬਾਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਏਜੰਸੀਆਂ ਦਾ ਕਾਰਾ : ਵਲਟੋਹਾ
Saturday, Dec 18, 2021 - 08:31 PM (IST)
ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ’ਚ ਹੋਈ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਘਟਨਾ ਨੂੰ ਚਿੰਤਾਜਨਕ ਅਤੇ ਨਿੰਦਣਯੋਗ ਦੱਸਿਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਾਪਰਨ ਨਾਲ ਪੂਰੀ ਦੁਨੀਆ 'ਚ ਵਸਣ ਵਾਲੇ ਨਾਨਕ ਨਾਮਲੇਵਾ ਸਿੱਖ ਬਹੁਤ ਦੁਖੀ ਹਨ। ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰ ਸੁਚੇਤ ਨਾ ਹੁੰਦੇ ਤਾਂ ਬੇਅਦਬੀ ਕਰਨ ਵਾਲੇ ਵਿਅਕਤੀ ਨੇ ਆਪਣੇ ਮਨਸੂਬੇ ’ਚ ਕਾਮਯਾਬ ਹੋ ਜਾਣਾ ਸੀ। ਉਨ੍ਹਾਂ ਕਿਹਾ ਕਿ ਅਜਿਹਾ ਕਾਰਾ ਏਜੰਸੀਆਂ ਕਰਵਾਉਂਦੀਆਂ ਹਨ ਤਾਂ ਕਿ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਸਮੇਂ-ਸਮੇਂ 'ਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਨੂੰ ਸੰਗਤ ਨੇ ਕੁੱਟ-ਕੁੱਟ ਕੇ ਮਾਰਿਆ (ਵੀਡੀਓ)
ਦੱਸ ਦੇਈਏ ਕਿ ਅੱਜ ਜਦੋਂ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਮ ਸਮੇਂ ਸ੍ਰੀ ਰਹਿਰਾਸ ਦਾ ਪਾਠ ਹੋ ਰਿਹਾ ਸੀ ਤਾਂ ਉਸ ਸਮੇਂ ਇਕ ਨੌਜਵਾਨ ਨੇ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਟਾਸਕ ਫੋਰਸ ਵੱਲੋਂ ਉਸ ਨੂੰ ਕਾਬੂ ਕਰ ਲਿਆ ਗਿਆ। ਜਿਸ ਤੋਂ ਬਾਅਦ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਸੰਗਤ ਵੱਲੋਂ ਕੁੱਟ-ਕੁੱਟ ਕੇ ਮੌਕੇ 'ਤੇ ਹੀ ਮਾਰ ਦਿੱਤਾ ਗਿਆ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ