ਬਜ਼ੁਰਗ ਵਪਾਰੀ ਵੱਲੋਂ ਜ਼ਹਿਰੀਲੀ ਸਪਰੇਅ ਪੀ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ
Wednesday, Nov 25, 2026 - 11:04 AM (IST)
ਗੋਨਿਆਣਾ ਮੰਡੀ (ਗੋਰਾ ਲਾਲ) : ਗੋਨਿਆਣਾ ਮੰਡੀ ਵਿਖੇ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਬਜ਼ੁਰਗ ਵਪਾਰੀ ਨੱਥੂਰਾਮ ਯਾਦਵ ਵੱਲੋਂ ਆਪਣੇ ਘਰ ’ਚ ਜ਼ਹਿਰੀਲੀ ਸਪਰੇਅ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਾਮ ਕਰੀਬ 5 ਵਜੇ ਵਾਪਰੀ, ਜਦੋਂ ਨੱਥੂਰਾਮ ਯਾਦਵ ਆਪਣੇ ਘਰ ’ਚ ਮੌਜੂਦ ਸਨ। ਪਰਿਵਾਰ ਦਾ ਦੋਸ਼ ਹੈ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਮੰਡੀ ਦੇ ਕੁੱਝ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਦਿੱਤੀਆਂ ਜਾ ਰਹੀਆਂ ਧਮਕੀਆਂ ਅਤੇ ਮਾਨਸਿਕ ਤੌਰ ’ਤੇ ਪਰੇਸ਼ਾਨ ਕੀਤੇ ਜਾਣ ਕਾਰਨ ਬੇਹੱਦ ਦੁਖੀ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੰਡੀ ਦੇ ਚਾਰ-ਪੰਜ ਵਿਅਕਤੀਆਂ ਵੱਲੋਂ ਨੱਥੂਰਾਮ ਯਾਦਵ ਨੂੰ ਨਿੱਜੀ ਤੌਰ ’ਤੇ ਅਤੇ ਕਥਿਤ ਤੌਰ ’ਤੇ ਤੰਗ-ਪਰੇਸ਼ਾਨ ਅਤੇ ਧਮਕਾਇਆ ਜਾ ਰਿਹਾ ਸੀ। ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਗੁਆਂਢ ’ਚ ਰਹਿੰਦੇ ਇਕ ਵਿਅਕਤੀ ਵੱਲੋਂ ਲਗਾਇਆ ਗਿਆ ਕੈਮਰਾ ਉਨ੍ਹਾਂ ਦੇ ਘਰ ਵੱਲ ਫੋਕਸ ਕੀਤਾ ਗਿਆ ਸੀ, ਜਿਸ ਕਾਰਨ ਪਰਿਵਾਰ ਦੀ ਨਿੱਜਤਾ ਪ੍ਰਭਾਵਿਤ ਹੋ ਰਹੀ ਸੀ।
ਪਰਿਵਾਰ ’ਚ ਔਰਤਾਂ ਵੀ ਰਹਿੰਦੀਆਂ ਹਨ, ਜਿਸ ਕਾਰਨ ਇਸ ਗੱਲ ਨੂੰ ਲੈ ਕੇ ਨੱਥੂਰਾਮ ਯਾਦਵ ਕਾਫੀ ਚਿੰਤਤ ਸਨ। ਪਰਿਵਾਰ ਅਨੁਸਾਰ ਉਨ੍ਹਾਂ ਵੱਲੋਂ ਗੁਆਂਢੀ ਨੂੰ ਕੈਮਰੇ ਦੀ ਦਿਸ਼ਾ ਬਦਲਣ ਲਈ ਵੀ ਕਿਹਾ ਗਿਆ ਸੀ ਪਰ ਕੋਈ ਸੁਣਵਾਈ ਨਹੀਂ ਹੋਈ। ਸੂਤਰਾਂ ਅਨੁਸਾਰ ਇਹ ਵੀ ਚਰਚਾ ਹੈ ਕਿ ਸਪਰੇਅ ਪੀਣ ਤੋਂ ਪਹਿਲਾਂ ਨੱਥੂਰਾਮ ਯਾਦਵ ਵੱਲੋਂ ਇਕ ਖ਼ੁਦਕੁਸ਼ੀ ਨੋਟ ਲਿਖਿਆ ਗਿਆ ਸੀ, ਜਿਸ ’ਚ ਮੰਡੀ ਦੇ ਇਕ ਗੁਆਂਢੀ ਸਮੇਤ ਚਾਰ-ਪੰਜ ਵਿਅਕਤੀਆਂ ਦੇ ਨਾਂ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਪਰਿਵਾਰ ਵੱਲੋਂ ਇਹ ਵੀ ਦੋਸ਼ ਲਗਾਏ ਜਾ ਰਹੇ ਹਨ ਕਿ ਕੁਝ ਹੋਰ ਵਿਅਕਤੀਆਂ ਅਤੇ ਇਕ-ਦੋ ਸਰਕਾਰੀ ਮੁਲਾਜ਼ਮਾਂ ਵੱਲੋਂ ਵੀ ਉਨ੍ਹਾਂ ਨੂੰ ਕਥਿਤ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਹਾਲਾਂਕਿ ਇਨ੍ਹਾਂ ਸਾਰੇ ਦੋਸ਼ਾਂ ਦੀ ਪੁਲਸ ਵੱਲੋਂ ਜਾਂਚ ਕੀਤੀ ਜਾਣੀ ਬਾਕੀ ਹੈ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਨੱਥੂਰਾਮ ਯਾਦਵ ਨੂੰ ਤੁਰੰਤ ਸੁਖਮਨੀ ਹਸਪਤਾਲ, ਗੋਨਿਆਣਾ ਮੰਡੀ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਸਪਤਾਲ ਦੇ ਸਟਾਫ ਵੱਲੋਂ ਇਸ ਘਟਨਾ ਦੀ ਸੂਚਨਾ ਸਥਾਨਕ ਪੁਲਸ ਨੂੰ ਦਿੱਤੀ ਗਈ।
ਸੂਚਨਾ ਮਿਲਦਿਆਂ ਹੀ ਥਾਣਾ ਨੇਹੀਆਂਵਾਲਾ ਦੇ ਐੱਸ. ਐੱਚ. ਓ. ਅਮਰਿੰਦਰ ਸਿੰਘ ਬਰਾੜ ਅਤੇ ਪੁਲਸ ਚੌਕੀ ਦੇ ਇੰਚਾਰਜ ਜਸਕਰਨ ਸਿੰਘ ਪੁਲਸ ਪਾਰਟੀ ਸਮੇਤ ਹਸਪਤਾਲ ਪਹੁੰਚੇ। ਨੱਥੂਰਾਮ ਯਾਦਵ ਦੇ ਬੇਹੋਸ਼ ਹੋਣ ਕਾਰਨ ਪੁਲਸ ਉਨ੍ਹਾਂ ਦੇ ਬਿਆਨ ਦਰਜ ਨਹੀਂ ਕਰ ਸਕੀ। ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਦੀ ਮੰਗ ਹੈ ਕਿ ਨੱਥੂਰਾਮ ਯਾਦਵ ਨੂੰ ਕਥਿਤ ਤੌਰ ’ਤੇ ਤੰਗ-ਪਰੇਸ਼ਾਨ ਕਰਨ ਵਾਲੇ ਵਿਅਕਤੀਆਂ ਦੀ ਭੂਮਿਕਾ ਦੀ ਨਿਰਪੱਖ ਜਾਂਚ ਹੋਵੇ, ਸੁਸਾਈਡ ਨੋਟ ਦੀ ਪੜਤਾਲ ਕੀਤੀ ਜਾਵੇ ਅਤੇ ਜੇਕਰ ਕਿਸੇ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇ।
