ਜਥੇਦਾਰ ਅਵਤਾਰ ਸਿੰਘ ਮੱਕੜ ਦਾ ਹੋਇਆ ਅੰਤਿਮ ਸੰਸਕਾਰ

Sunday, Dec 22, 2019 - 06:48 PM (IST)

ਜਥੇਦਾਰ ਅਵਤਾਰ ਸਿੰਘ ਮੱਕੜ ਦਾ ਹੋਇਆ ਅੰਤਿਮ ਸੰਸਕਾਰ

ਲੁਧਿਆਣਾ (ਨਰਿੰਦਰ ਮਹਿੰਦਰੂ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਅੰਤਿਮ ਸੰਸਕਾਰ ਐਤਵਾਰ ਨੂੰ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨ ਘਾਟ 'ਚ ਕਰ ਦਿੱਤਾ ਗਿਆ। ਜਥੇਦਾਰ ਮੱਕੜ ਦੇ ਅੰਤਿਮ ਸੰਸਕਾਰ ਮੌਕੇ ਹਰ ਕਿਸੇ ਦੀਆਂ ਅੱਖਾਂ ਨਮ ਸਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਅਤੇ ਕਈ ਹੋਰ ਸਿਆਸੀ ਤੇ ਧਾਰਮਿਕ ਆਗੂ ਮੌਜੂਦ ਸਨ।

ਦੱਸਣਯੋਗ ਹੈ ਕਿ ਜਥੇਦਾਰ ਅਵਤਾਰ ਸਿੰਘ ਮੱਕੜ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ ਅਤੇ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਗੁੜਗਾਓਂ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਸ਼ੁੱਕਰਵਾਰ ਸ਼ਾਮ ਉਨ੍ਹਾਂ ਨੇ ਆਖਰੀ ਸਾਹ ਲਏ। ਜ਼ਿਕਰਯੋਗ ਹੈ ਕਿ ਜਥੇਦਾਰ ਅਵਤਾਰ ਸਿੰਘ ਮੱਕੜ 2005 'ਚ ਪਹਿਲੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚੁਣੇ ਗਏ ਸਨ ਅਤੇ ਅਗਲੇ ਸਾਲ ਹੀ ਉਹ ਪ੍ਰਧਾਨ ਚੁਣ ਲਏ ਗਏ । ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ 11 ਸਾਲ ਪ੍ਰਧਾਨ ਰਹੇ ਹਨ।


author

Gurminder Singh

Content Editor

Related News