ਬੀ. ਕੇ. ਯੂ. ਨੇ ਡੀ. ਸੀ. ਦਫ਼ਤਰ ਅੱਗੇ ਪੱਕੇ ਧਰਨੇ ਸਬੰਧੀ ਲਾਏ ਪੋਸਟਰ

Monday, Jan 15, 2018 - 07:27 AM (IST)

ਸੰਗਤ ਮੰਡੀ, (ਮਨਜੀਤ)- ਭਾਰਤੀ ਕਿਸਾਨ ਯੂਨੀਅਨ ਵੱਲੋਂ ਮੁਕੰਮਲ ਕਰਜ਼ਾ ਮੁਕਤੀ ਤੇ ਕਿਸਾਨ ਖੁਦਕੁਸ਼ੀਆਂ ਦੇ ਖ਼ਾਤਮੇ ਲਈ 22 ਤੋਂ 26 ਜਨਵਰੀ ਤੱਕ ਡੀ. ਸੀ. ਦਫ਼ਤਰ ਅੱਗੇ ਪੰਜ ਰੋਜ਼ਾ ਪੱਕੇ ਧਰਨੇ ਲਾਏ ਜਾ ਰਹੇ ਹਨ। ਧਰਨੇ 'ਚ ਕਿਸਾਨਾਂ ਦੀ ਵੱਡੀ ਗਿਣਤੀ 'ਚ ਲਾਮਬੰਦੀ ਕਰਨ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਖ਼ਜ਼ਾਨਚੀ ਜਗਸੀਰ ਸਿੰਘ ਝੁੰਬਾ ਦੀ ਅਗਵਾਈ ਹੇਠ ਇਲਾਕੇ ਦੇ ਪਿੰਡਾਂ 'ਚ ਪੋਸਟਰ ਲਾਏ ਗਏ। ਇਸ ਮੌਕੇ ਜਗਸੀਰ ਸਿੰਘ ਝੁੰਬਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋ ਕੈਪਟਨ ਅਮਰਿੰਦਰ ਸਿੰਘ ਨੇ ਵੋਟਾਂ ਲੈਣ ਲਈ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਦੀ ਫੂਕ ਨਿਕਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਕਰਜ਼ੇ ਦੇ ਬੋਝ ਥੱਲੇ ਦੱਬੇ ਖੁਦਕੁਸ਼ੀਆਂ ਦੇ ਰਾਹ ਤੁਰੇ ਹੋਏ ਹਨ ਪਰ ਸਰਕਾਰ ਅੱਖਾਂ ਬੰਦ ਕਰ ਕੇ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਦੀ ਮੌਤ ਦਾ ਤਮਾਸ਼ਾ ਦੇਖ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਿੰਨਾ ਚਿਰ ਸਰਕਾਰ ਵੱਲੋਂ ਕਿਸਾਨਾਂ ਦਾ ਮੁਕੰਮਲ ਕਰਜ਼ਾ ਮੁਆਫ਼ੀ ਸਮੇਤ ਦੂਸਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਓਨਾ ਚਿਰ ਸਰਕਾਰ ਵਿਰੁੱਧ ਧਰਨੇ ਮੁਜ਼ਾਹਰੇ ਜਾਰੀ ਰਹਿਣਗੇ। ਉਨ੍ਹਾਂ ਅਪੀਲ ਕੀਤੀ ਕਿ ਪੱਕੇ ਮੋਰਚਿਆਂ 'ਚ ਪਰਿਵਾਰਾਂ ਸਮੇਤ ਕਿਸਾਨ ਵੱਡੀ ਗਿਣਤੀ 'ਚ ਪਹੁੰਚਣ ਤਾਂ ਜੋ ਸਰਕਾਰ ਦੀ ਵਾਅਦਾ ਖਿਲਾਫ਼ੀ ਦਾ ਵਿਰੋਧ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਯੂਨੀਅਨ ਦੇ ਦੂਸਰੇ ਨੁਮਾਇੰਦੇ ਵੀ ਮੌਜੂਦ ਸਨ।


Related News