ਬਾਬਾ ਬਕਾਲਾ ਸਾਹਿਬ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਇਸਤਰੀ ਗੁਰਮਤਿ ਸੰਮੇਲਨ

Thursday, Mar 18, 2021 - 06:23 PM (IST)

ਬਾਬਾ ਬਕਾਲਾ ਸਾਹਿਬ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਇਸਤਰੀ ਗੁਰਮਤਿ ਸੰਮੇਲਨ

ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ (ਅਠੌਲ਼ਾ, ਰਾਕੇਸ਼, ਦੀਪਕ) : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਰੱਖੇ ਗਏ ਤਿੰਨ ਦਿਨਾਂ ਸਮਾਗਮਾਂ ਦੇ ਦੂਸਰੇ ਦਿਨ ਮਾਤਾ ਗੁਜਰੀ ਜੀ ਇਸਤਰੀ ਗੁਰਮਤਿ ਸੰਮੇਲਨ ਕਰਵਾਇਆ ਗਿਆ। ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੰਬੋਧਨ ਕੀਤਾ। ਬੀਬੀ ਜਗੀਰ ਕੌਰ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਧਰਮ ਰੱਖਿਅਕ ਸਨ, ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਸੀ। ਜੇਕਰ ਅੱਜ ਦੇਸ਼ ਦਾ ਸੱਭਿਆਚਾਰ ਜ਼ਿੰਦਾ ਹੈ ਤਾਂ ਉਹ ਗੁਰੂ ਸਾਹਿਬ ਦੀ ਬਦੌਲਤ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਿੱਖ ਧਰਮ ਦੇ ਨਾਲ-ਨਾਲ ਦੇਸ਼ ਦੇ ਹਰ ਵਰਗ ਦੀ ਪ੍ਰਤੀਨਿਧਤਾ ਕੀਤੀ, ਜਿਸ ਦੀ ਮਿਸਾਲ ਕਸ਼ਮੀਰੀ ਪੰਡਤਾਂ ਦਾ ਧਰਮ ਬਚਾਉਣਾ ਸੀ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦੇ ਨਾਲ-ਨਾਲ ਮਾਤਾ ਗੁਜਰੀ ਜੀ ਦਾ ਵੀ ਸਿੱਖ ਇਤਿਹਾਸ ’ਚ ਵੱਡਾ ਯੋਗਦਾਨ ਹੈ। ਉਨ੍ਹਾਂ ਬੀਬੀਆਂ ਨੂੰ ਪ੍ਰੇਰਣਾ ਕਰਦਿਆਂ ਆਖਿਆ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋਡ਼ਨਾ ਮਾਵਾਂ ਦਾ ਅਹਿਮ ਫ਼ਰਜ਼ ਹੈ, ਜਿਸ ਪ੍ਰਤੀ ਚੇਤੰਨ ਭੂਮਿਕਾ ਲਈ ਬੀਬੀਆਂ ਅੱਗੇ ਆਉਣ। ਸਿੱਖੀ ਦੇ ਪ੍ਰਚਾਰ ਲਈ ਸਿੱਖ ਇਤਿਹਾਸ ਦੀਆਂ ਅਹਿਮ ਬੀਬੀਆਂ ਨੂੰ ਆਦਰਸ਼ ਮੰਨ ਕੇ ਪਰਿਵਾਰ ਪੱਧਰ ’ਤੇ ਸਿੱਖੀ ਲਹਿਰ ਆਰੰਭੀ ਜਾਵੇ।

PunjabKesari

ਇਹ ਵੀ ਪੜ੍ਹੋ : ਪ੍ਰਨੀਤ ਕੌਰ ਨੇ ਕੋਰੋਨਾ ਵਿਰੁੱਧ ਜੰਗ ਲਈ ਕੇਂਦਰ ਤੋਂ ਮੰਗੇ 200 ਕਰੋੜ ਰੁਪਏ

ਬੀਬੀ ਜਗੀਰ ਕੌਰ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਇਕ ਖਾਸ ਮੌਕਾ ਹੈ, ਜਿਸ ਸਮੇਂ ਬੱਚਿਆਂ ਨੂੰ ਆਪਣੇ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਣ ਲਈ ਸੰਗਤ ਅੱਗੇ ਆਵੇ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ, ਭਾਈ ਸੁਖਜਿੰਦਰ ਸਿੰਘ, ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰੇਸ਼ਮ ਸਿੰਘ, ਭਾਈ ਹਰਜੀਤ ਸਿੰਘ, ਬੀਬੀ ਰਵਿੰਦਰ ਕੌਰ ਪਟਿਆਲਾ, ਬੀਬੀ ਅਮਰਜੀਤ ਕੌਰ ਦੇ ਜਥਿਆਂ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ।

PunjabKesari

ਇਸ ਤੋਂ ਇਲਾਵਾ ਬੀਬੀ ਰਾਜਵੰਤ ਕੌਰ ਦੇ ਢਾਡੀ ਜਥੇ ਨੇ ਸੰਗਤ ਨੂੰ ਸਿੱਖ ਇਤਿਹਾਸ ਨਾਲ ਜੋਡ਼ਿਆ ਅਤੇ ਪ੍ਰਚਾਰਕ ਬੀਬੀ ਹਰਪ੍ਰੀਤ ਕੌਰ ਨੇ ਸਟੇਜ ਸੰਚਾਲਨ ਦੀ ਸੇਵਾ ਨਿਭਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਜ. ਅਮਰਜੀਤ ਸਿੰਘ ਭਲਾਈਪੁਰ, ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਭਾਈ ਰਾਮ ਸਿੰਘ, ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਦਵਿੰਦਰ ਕੌਰ, ਬੀਬੀ ਗੁਰਵਿੰਦਰ ਕੌਰ ਜਲਾਲਉਸਮਾਂ, ਬੀਬੀ ਦਲਜੀਤ ਕੌਰ, ਬੀਬੀ ਕਿਰਨ ਸ਼ਰਮਾ, ਬੀਬੀ ਰਵਿੰਦਰ ਕੌਰ ਬ੍ਰਹਮਪੁਰਾ, ਬੀਬੀ ਜਤਿੰਦਰ ਕੌਰ ਠੁਕਰਾਲ, ਬੀਬੀ ਰਣਜੀਤ ਕੌਰ ਰਈਆ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਹਰਭਜਨ ਸਿੰਘ ਵਕਤਾ ਹਰਜੀਤ ਸਿੰਘ ਲਾਲੂਘੁੰਮਣ, ਸਿਮਰਜੀਤ ਸਿੰਘ, ਮੁਖਤਾਰ ਸਿੰਘ, ਓ. ਐੱਸ. ਡੀ. ਡਾ. ਸੁਖਬੀਰ ਸਿੰਘ, ਜਤਿੰਦਰ ਸਿੰਘ ਲਾਲੀ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

ਇਹ ਵੀ ਪੜ੍ਹੋ : ‘ਸਿੱਧੂ ਤੋਂ ਲੈ ਕੇ ਮਜ਼੍ਹਬੀ ਵੋਟ ਬੈਂਕ ਤਕ ਸਾਰਿਆਂ ’ਤੇ ਬਣ ਰਹੀ ਰਣਨੀਤੀ’

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

Anuradha

Content Editor

Related News