ਬਰਗਾੜੀ ਕਾਂਡ ''ਚ ਅਕਾਲੀ ਆਗੂਆਂ ਦੇ ਦੋਸ਼ੀ ਪਾਏ ਜਾਣ ''ਤੇ ਸਿਆਸਤ ਤੋਂ ਸੰਨਿਆਸ ਲੈ ਲਵਾਂਗਾ : ਮਜੀਠੀਆ

Friday, Aug 16, 2019 - 06:11 PM (IST)

ਬਰਗਾੜੀ ਕਾਂਡ ''ਚ ਅਕਾਲੀ ਆਗੂਆਂ ਦੇ ਦੋਸ਼ੀ ਪਾਏ ਜਾਣ ''ਤੇ ਸਿਆਸਤ ਤੋਂ ਸੰਨਿਆਸ ਲੈ ਲਵਾਂਗਾ : ਮਜੀਠੀਆ

ਬਾਬਾ ਬਕਾਲਾ ਸਾਹਿਬ (ਅਠੌਲਾ, ਰਾਕੇਸ਼, ਦਿਨੇਸ਼, ਕੰਗ) : ਇਤਿਹਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਅਕਾਲੀ ਦਲ ਦੀ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਰਾਜਧਾਨੀ ਚੰਡੀਗੜ੍ਹ ਪੰਜਾਬ ਨੂੰ ਦੇਣ ਅਤੇ ਪੰਜਾਬ ਨੂੰ ਆਪਣੀ ਵੱਖਰੀ ਹਾਈ ਕੋਰਟ ਦੇਣ ਦੀ ਪੁਰਜ਼ੋਰ ਮੰਗ ਕੀਤੀ ਹੈ। ਬਾਦਲ ਇਥੇ ਰੱਖੜ ਪੁੰਨਿਆ ਮੇਲੇ 'ਤੇ ਅਕਾਲੀ ਦਲ ਦੀ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਵੱਖ-ਵੱਖ ਸਿਆਸੀ ਕਾਨਫਰੰਸਾਂ ਦੀ ਗੱਲ ਕਰੀਏ ਤਾਂ ਅਕਾਲੀ ਦਲ ਦੀ ਕਾਨਫਰੰਸ 'ਚ ਸੰਗਤ ਦੀ ਹਾਜ਼ਰੀ ਸਭ ਤੋਂ ਵੱਧ ਸੀ। ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਤੇ ਸਾਬਕਾ ਵਿਧਾਇਕ ਮਲਕੀਅਤ ਸਿੰਘ ਏ. ਆਰ., ਜਥੇ. ਬਲਜੀਤ ਸਿੰਘ ਜਲਾਲਉਸਮਾਂ ਸਾਬਕਾ ਵਿਧਾਇਕ ਤੇ ਮਨਜੀਤ ਸਿੰਘ ਮੰਨਾ ਸਾਬਕਾ ਸੰਸਦੀ ਸਕੱਤਰ ਦੇ ਸਾਂਝੇ ਉੱਦਮ ਸਦਕਾ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਪੰਜਾਬ ਦੇ ਦਰਿਆਈ ਪਾਣੀਆਂ ਦਾ ਹੱਕ ਖੋਹਣ ਲਈ ਕਾਂਗਰਸ ਨੂੰ ਖੂਬ ਰਗੜੇ ਲਾਉਂਦਿਆਂ ਦੋਸ਼ੀ ਠਹਿਰਾਇਆ।

ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਕੀਤੀਆਂ। ਉਨ੍ਹਾਂ ਕਾਂਗਰਸ ਪਾਰਟੀ ਨੂੰ ਸਿੱਖ ਕੌਮ ਦੀ ਨੰਬਰ ਵਨ ਦੁਸ਼ਮਣ ਜਮਾਤ ਗਰਦਾਨਦਿਆਂ ਕਿਹਾ ਕਿ ਗਾਂਧੀ ਪਰਿਵਾਰ ਨੇ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕਰਵਾਇਆ। ਦੋਸ਼ੀਆਂ ਨੂੰ ਸਜ਼ਾਵਾਂ ਤੋਂ ਬਚਾਉਣ ਲਈ ਹਰ ਹੀਲਾ ਵਰਤਿਆ ਤੇ ਪੁਸ਼ਤ-ਪਨਾਹੀ ਕੀਤੀ, ਜਿਸ ਦੇ ਖਿਲਾਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨਸਾਫ ਅਤੇ ਜਾਂਚ ਲਈ ਐੱਸ. ਆਈ. ਟੀ. ਬਣਾਈ, ਨਤੀਜਾ ਇਹ ਕਿ ਅੱਜ ਸੱਜਣ ਕੁਮਾਰ ਵਰਗੇ ਜੇਲਾਂ 'ਚ ਬੰਦ ਹੋ ਕੇ ਸਜ਼ਾਵਾਂ ਭੁਗਤ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹੁਣ ਤੱਕ ਸ਼ਮੂਲੀਅਤ ਨਾ ਕਰਨਾ ਅਤਿ-ਮੰਦਭਾਗਾ ਹੈ। ਇਸ ਮੌਕੇ ਉਨ੍ਹਾਂ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਹਿੱਸਾ ਲੈਣ ਦੀ ਵੀ ਅਪੀਲ ਕੀਤੀ। ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਕਰਤਾਰਪੁਰ ਲਾਂਘੇ ਅਤੇ 5 ਲੱਖ ਤੱਕ ਮੁਫਤ ਸਿਹਤ ਬੀਮਾ ਯੋਜਨਾ ਨੂੰ ਮੋਦੀ ਸਰਕਾਰ ਦੀ ਵੱਡੀ ਪ੍ਰਾਪਤੀ ਦੱਸਿਆ।

ਅਕਾਲੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੀ ਨਿਰਪੱਖ ਜਾਂਚ ਸੁਪਰੀਮ ਕੋਰਟ ਦੇ ਜੱਜ ਤੋਂ ਕਰਵਾਈ ਜਾਵੇ। ਉਨ੍ਹਾਂ ਚੁਣੌਤੀ ਦਿੱਤੀ ਕਿ ਅਕਾਲੀ ਦਲ ਦੇ ਆਗੂ ਦੋਸ਼ੀ ਪਾਏ ਜਾਣ 'ਤੇ ਉਹ ਸਿਆਸਤ ਤੋਂ ਸੰਨਿਆਸ ਲੈ ਲੈਣਗੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਸਭ ਤੋਂ ਵੱਧ ਸਿਆਸਤ ਕਰਨ ਵਾਲੇ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਘਰਾਂ 'ਚ ਬੈਠਣਾ ਪਿਆ। ਅੱਜ ਪੰਜਾਬ ਦੀ ਕਾਂਗਰਸ ਸਰਕਾਰ ਵੈਂਟੀਲੇਟਰ 'ਤੇ ਪਈ ਹੈ। ਸਰਕਾਰ ਦੀ ਅਕਾਲੀ ਦਲ ਨਾਲ ਸਬੰਧਤ ਵਿਰੋਧੀਆਂ ਅਤੇ ਆਮ ਨਾਗਰਿਕਾਂ ਖਿਲਾਫ ਝੂਠੇ ਪਰਚਿਆਂ ਤੋਂ ਇਲਾਵਾ ਕੋਈ ਪ੍ਰਾਪਤੀ ਨਹੀਂ ਰਹੀ। ਉਨ੍ਹਾਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦਿੱਲੀ ਵਿਖੇ ਭਗਤ ਰਵੀਦਾਸ ਮੰਦਰ ਨੂੰ ਨੁਕਸਾਨ ਪਹੁੰਚਾਏ ਜਾਣ 'ਤੇ ਵੀ ਸਖਤ ਰੋਸ ਜਿਤਾਇਆ।


author

Baljeet Kaur

Content Editor

Related News