ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਸਮਾਰਕ ਸੰਗਤ ਨੂੰ ਅਰਪਣ

10/16/2021 10:39:28 PM

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ (ਬਿਊਰੋ)-ਲੋਕ ਨਿਰਮਾਣ ਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ ਮੌਕੇ ਜੋਤੀ ਸਰੂਪ ਮੋੜ ਵਿਖੇ ਸਥਾਪਿਤ ਕੀਤਾ ਬਾਬਾ ਬੰਦਾ ਬਹਾਦਰ ਦਾ 12 ਫੁੱਟ ਉੱਚਾ ਕਾਂਸੀ ਦਾ ਬੁੱਤ ਸੰਗਤ ਨੂੰ ਅਰਪਣ ਕੀਤਾ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਇਸ ਜਗ੍ਹਾ ਨੂੰ ਵੀ ਅੱਜ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਚੌਕ ਦੇ ਨਾਂ ਨਾਲ ਜਾਣਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਦੀ ਵਧਾਈ ਦਿੱਤੀ, ਉੱਥੇ ਸਰਹਿੰਦ ਪੀ. ਡਬਲਿਊ. ਡੀ. ਰੈਸਟ ਹਾਊਸ ਲਈ 15 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸਿੰਗਲਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਮਿਹਰ ਸਦਕਾ ਉਹ ਲੋਕਾਂ ਦੀ ਸੇਵਾ ਕਰ ਸਕ ਰਹੇ ਹਨ। ਗੁਰੂ ਸਾਹਿਬ ਦੇ ਰਾਹ ਉੱਤੇ ਤੁਰਨਾ ਸੌਖਾ ਨਹੀਂ ਹੈ, ਗੁਰੂ ਸਾਹਿਬ ਦੀ ਮਿਹਰ ਸਦਕਾ ਪੂਰੀ ਮਜ਼ਬੂਤੀ ਨਾਲ ਹੀ ਗੁਰੂ ਸਾਹਿਬ ਦੇ ਰਾਹ ਉੱਤੇ ਤੁਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਸੰਨ 1670 ’ਚ ਜੰਮੂ ਦੇ ਰਾਜੌਰੀ ਖੇਤਰ ਵਿਚ ਹੋਇਆ। ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਨੂੰ ਫਤਿਹ ਕਰ ਕੇ ਮੁਲਕ ’ਚੋਂ ਜ਼ੁਲਮੀ ਰਾਜ ਦੇ ਅੰਤ ਦਾ ਮੁੱਢ ਬੰਨ੍ਹ ਦਿੱਤਾ ਤੇ ਬਾਬਾ ਬੰਦਾ ਸਿੰਘ ਬਹਾਦਰ ਨੇ ਕਦੇ ਵੀ ਸੱਚ ਦਾ ਮਾਰਗ ਨਹੀਂ ਛੱਡਿਆ।

ਇਹ ਵੀ ਪੜ੍ਹੋ : ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਈ ਜਾਵੇ : ਸੁਖਜਿੰਦਰ ਸਿੰਘ ਰੰਧਾਵਾ

ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਨੇ ਉਨ੍ਹਾਂ ਨੂੰ ਸਿੰਘ ਸਜਾ ਕੇ ਉਨ੍ਹਾਂ ਦਾ ਨਾਂ ਬੰਦਾ ਸਿੰਘ ਰੱਖਿਆ ਅਤੇ ਜ਼ੁਲਮੀ ਰਾਜ ਦਾ ਅੰਤ ਕਰਨ ਲਈ ਪੰਜਾਬ ਭੇਜਿਆ। ਬਾਬਾ ਬੰਦਾ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਆਪਣੇ ਧਰਮ ਤੋਂ ਨਾ ਡੋਲਣ ਕਰਕੇ ਉਨ੍ਹਾਂ ਨੂੰ ਅਨੇਕਾਂ ਤਸੀਹੇ ਦਿੱਤੇ ਗਏ ਅਤੇ ਦਿੱਲੀ ਵਿਖੇ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਲੋਕ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਰਗੇ ਆਗੂ ਮਿਲੇ ਹਨ। ਵਿਧਾਇਕ ਨਾਗਰਾ ਨੇ ਹਲਕੇ ਦੇ ਵਿਕਾਸ ਲਈ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਹੈ ਤੇ ਹੁਣ ਜ਼ਿੰਮੇਵਾਰੀ ਲੋਕਾਂ ਦੀ ਹੈ, ਜਿਨ੍ਹਾਂ ਨੇ ਨਾਗਰਾ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਵਾਅਦਾ ਕੀਤਾ ਕਿ ਫ਼ਤਹਿਗੜ੍ਹ ਸਾਹਿਬ ਤੇ ਸੰਗਰੂਰ ਅੱਵਲ ਹਲਕੇ ਬਣਨਗੇ। ਸਿੰਗਲਾ ਨੇ ਦੱਸਿਆ ਕਿ ਉਹ ਬੀਤੇ ਦਿਨ ਲਖੀਮਪੁਰ ਖੀਰੀ ਗਏ ਸਨ ਤੇ ਉੱਥੇ ਵਾਪਰੀ ਘਟਨਾ ਦੇ ਇਨਸਾਫ਼ ਲਈ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਖਾਲਸਾ ਰਾਜ ਸਥਾਪਿਤ ਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲਾ ਕਾਰਜ ਜਾਗੀਰਦਾਰੀ ਪ੍ਰਬੰਧ ਖ਼ਤਮ ਕਰ ਕੇ ਕਾਸ਼ਤਕਾਰਾਂ ਨੂੰ ਜ਼ਮੀਨ ਦੀ ਮਾਲਕੀ ਦੇ ਹੱਕ ਦਿੱਤੇ ਤੇ ਅੱਜ ਕੇਂਦਰ ਦੀ ਮੋਦੀ ਸਰਕਾਰ ਜ਼ਮੀਨਾਂ ਖੋਹਣ ਨੂੰ ਫਿਰਦੀ ਹੈ। ਅੱਜ ਬਾਬਾ ਬੰਦਾ ਸਿੰਘ ਬਹਾਦਰ ਦੀ ਸੋਚ ਉੱਤੇ ਪਹਿਰਾ ਦੇਣ ਦੀ ਲੋੜ ਹੈ। ਜਿਹੜਾ ਕਾਰਜ ਬਾਬਾ ਬੰਦਾ ਸਿੰਘ ਬਹਾਦਰ ਨੇ ਸ਼ੁਰੂ ਕੀਤਾ, ਇਹ ਨੂੰ ਕੇਂਦਰ ਸਰਕਾਰ ਕਿਵੇਂ ਰੋਕ ਦੇਵੇਗੀ।

ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਵਿਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਖੜ੍ਹੀ ਰਹੇਗੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਤੇ ਉਨ੍ਹਾਂ ਦੇ ਸਾਥੀ ਯੂ. ਪੀ. ਵਿਖੇ ਪੀੜਤਾਂ ਲਈ ਇਨਸਾਫ਼ ਲੈਣ ਗਏ ਤਾਂ ਉਨ੍ਹਾਂ ਨੂੰ ਸਹਾਰਨਪੁਰ ਥਾਣੇ ਡੱਕ ਦਿੱਤਾ ਗਿਆ ਪਰ ਸਕੂਨ ਸੀ ਕਿ ਉਹ ਚੰਗੇ ਕੰਮ ਲਈ ਥਾਣੇ ਪੁੱਜੇ ਸਨ। ਪੀੜਤ ਪਰਿਵਾਰਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਚਾਹੀਦਾ, ਇਨਸਾਫ਼ ਚਾਹੀਦਾ ਹੈ। ਇਸ ਮੰਗ ਲਈ ਭੁੱਖ ਹੜਤਾਲ ਵੀ ਕੀਤੀ ਤੇ ਮੰਗ ਕੀਤੀ ਕਿ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਪੱਤਰਕਾਰਾਂ ਵੱਲੋਂ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਪੰਜਾਬ ਵਿਚ ਵਧਾਏ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਸਿੰਗਲਾ ਨੇ ਕਿਹਾ ਕਿ ਭਾਰਤ ਸਰਕਾਰ ਸੂਬੇ ਦੇ ਅਧਿਕਾਰ ਖੇਤਰ ’ਚ ਦਾਖਲ ਦੇ ਰਹੀ ਹੈ। ਕੇਂਦਰ ਸਰਕਾਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਹੈ। ਪੰਜਾਬ ਪੁਲਸ ਚੰਗੀ ਤਰ੍ਹਾਂ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਸਾਰੀਆਂ ਪਾਰਟੀਆਂ ਇਸ ਮਸਲੇ ਉੱਤੇ ਇਕੱਠੀਆਂ ਹੁੰਦੀਆਂ ਹਨ ਤਾਂ ਪੰਜਾਬ ਸਰਕਾਰ ਵਫ਼ਦ ਦੀ ਅਗਵਾਈ ਕਰੇਗੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪਟਿਆਲਾ ਤੋਂ ਸਰਹੰਦ ਤੱਕ ਨਵਾਂ ਹਾਈਵੇਅ ਬਣਾਉਣ ਦਾ ਵਿਚਾਰ ਵੀ ਚਲ ਰਿਹਾ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ, ਜਿਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਤੋਂ ਆਸ਼ੀਰਵਾਦ ਲਿਆ ਤੇ ਕੂਚ ਕੀਤਾ। ਨਾਂਦੇੜ ਦੀ ਧਰਤੀ ਤੋਂ  ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਨੂੰ ਸ਼ਹੀਦ ਕਰਨ ਵਾਲਿਆਂ ਨੂੰ ਸੋਧਣ ਲਈ ਪੰਜਾਬ ਪੁੱਜੇ। ਉਸ ਜ਼ਾਲਮ ਦਾ ਖਾਤਮਾ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਨੇ ਇੱਟ ਨਾਲ ਇੱਟ ਖੜਕਾ ਦਿੱਤੀ। ਉਨ੍ਹਾਂ ਕਿਹਾ ਕਿ ਜਿਹੜੀ ਸੇਵਾ ਫ਼ਤਹਿਗੜ੍ਹ ਸਾਹਿਬ ਦੀ ਉਨ੍ਹਾਂ ਨੂੰ ਮਿਲੀ ਹੈ, ਉਹ ਖੁਦ ਨੂੰ ਖੁਸ਼ਕਿਸਮਤ ਸਮਝਦੇ ਹਨ। ਉਹ ਗੁਰੂ ਸਾਹਿਬ ਤੇ ਸੰਗਤ ਦਾ ਕਦੇ ਕਰਜ਼ਾ ਨਹੀਂ ਮੋੜ ਸਕਦੇ। ਜਿੰਨੇ ਫੰਡ ਫ਼ਤਹਿਗੜ੍ਹ ਸਾਹਿਬ ਨੂੰ ਮਿਲੇ ਸ਼ਾਇਦ ਹੀ ਕਿਸੇ ਹੋਰ ਹਲਕੇ ਨੂੰ ਮਿਲੇ ਹੋਣ। ਗੁਰੂ ਸਾਹਿਬ ਨੇ ਕਿਰਪਾ ਕਰ ਕੇ ਬਲ ਬਖਸ਼ਿਆ ਹੈ, ਜਿਸ ਸਦਕਾ ਉਨ੍ਹਾਂ ਈਮਾਨਦਾਰੀ ਦਾ ਰਾਹ ਨਹੀਂ ਛੱਡਿਆ। ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਹਾਕਿਆਂ ਵਿਚ ਐਨਾ ਵਿਕਾਸ ਨਹੀਂ ਹੋਇਆ, ਜਿੰਨਾ ਵਿਧਾਇਕ ਨਾਗਰਾ ਨੇ ਸਾਢੇ ਸਾਲਾਂ ’ਚ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ ਨੇ ਕਦੇ ਵੀ ਬੱਸੀ ਪਠਾਣਾਂ ਲਈ ਫੰਡ ਦੇਣ ਤੋਂ ਕੰਨੀ ਨਹੀਂ ਕਤਰਾਈ। ਹਲਕਾ ਬੱਸੀ ਪਠਾਣਾਂ ’ਚ ਮਿਸਾਲੀ ਵਿਕਾਸ ਹੋਇਆ ਹੈ। ਹਰ ਪਿੰਡ ’ਚ ਘੱਟੋ-ਘੱਟ 50-50 ਲੱਖ ਰੁਪਏ ਲੱਗੇ ਹਨ। ਲਾਂਡਰਾਂ ਚੌਕ ਦੀ ਮੁਸ਼ਕਿਲ ਸਿੰਗਲਾ ਨੇ ਹੱਲ ਕਰਵਾਈ, ਜਿਸ ਲਈ 27 ਕਰੋੜ ਖਰਚੇ ਗਏ। ਇਸ ਮੌਕੇ ਵਿਧਾਇਕ ਨਾਗਰਾ ਦੀ ਧਰਮਪਤਨੀ ਮਨਦੀਪ ਕੌਰ ਨਾਗਰਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਚੇਅਰਮੈਨ, ਅਹੁਦੇਦਾਰ, ਮੈਂਬਰ, ਮਾਰਕੀਟ ਕਮੇਟੀਆਂ ਦੇ ਅਹੁਦੇਦਾਰ ਤੇ ਮੈਂਬਰ, ਨਗਰ ਕੌਂਸਲ ਦੇ ਅਹੁਦੇਦਾਰ, ਕੌਸਲਰ, ਪਿੰਡਾਂ ਦੇ ਪੰਚ ਸਰਪੰਚ ਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।


 

Manoj

This news is Content Editor Manoj