ਲੁਧਿਆਣਾ ''ਚ ਬਾਬਾ ਸਾਹਿਬ ਡਾ. ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

Wednesday, Sep 09, 2026 - 06:09 PM (IST)

ਲੁਧਿਆਣਾ ''ਚ ਬਾਬਾ ਸਾਹਿਬ ਡਾ. ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ : ਲੁਧਿਆਣਾ ਵਿਚ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਅਤੇ ਗੰਭੀਰ ਘਟਨਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਦੀ ਮੂਰਤੀ ਦਾ ਅਪਮਾਨ ਸਿਰਫ਼ ਇਕ ਮੂਰਤੀ ਦਾ ਅਪਮਾਨ ਨਹੀਂ, ਸਗੋਂ ਭਾਰਤ ਦੇ ਸੰਵਿਧਾਨ, ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਘਟਨਾ ਹੈ। ਅਜਿਹੀਆਂ ਘਟਨਾਵਾਂ ਸਮਾਜ ਵਿੱਚ ਤਣਾਅ ਅਤੇ ਬੇਚੈਨੀ ਪੈਦਾ ਕਰ ਸਕਦੀਆਂ ਹਨ, ਇਸ ਲਈ ਸਰਕਾਰ ਨੂੰ ਇਸ ਮਾਮਲੇ ਵਿੱਚ ਬਿਲਕੁਲ ਵੀ ਢਿੱਲ ਨਹੀਂ ਵਰਤਣੀ ਚਾਹੀਦੀ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣਦੀ ਜਾ ਰਹੀ ਹੈ। 'ਆਪ' ਸਰਕਾਰ ਵਿਚ ਜੇਕਰ ਬਾਬਾ ਸਾਹਿਬ ਵਰਗੀ ਮਹਾਨ ਸ਼ਖ਼ਸੀਅਤ ਦੀ ਪ੍ਰਤਿਮਾ ਵੀ ਸੁਰੱਖਿਅਤ ਨਹੀਂ ਹੈ ਤਾਂ ਇਹ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਘਟਨਾ ਨੂੰ ਬਹੁਤ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।

ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਭਾਜਪਾ ਪੰਜਾਬ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਸਨਮਾਨ, ਸੰਵਿਧਾਨ ਦੀ ਮਰਿਆਦਾ ਅਤੇ ਸਮਾਜਿਕ ਸਦਭਾਵਨਾ ਦੀ ਰੱਖਿਆ ਲਈ ਹਮੇਸ਼ਾ ਵਚਨਬੱਧ ਹੈ। ਪੰਜਾਬ ਸਰਕਾਰ ਤੁਰੰਤ ਮਾਮਲੇ ਦੀ ਨਿਰਪੱਖ ਅਤੇ ਤੇਜ਼ੀ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਵੇ।


author

Gurminder Singh

Content Editor

Related News