ਪੰਜਾਬ ਸਰਕਾਰ ਦੀ ਖੁੱਲ੍ਹੀ ਪੋਲ! ਤਹਿਸੀਲਾਂ ਦਾ ਬੁਰਾ ਹਾਲ, ਲੋਕ ਹੋ ਰਹੇ ਖੱਜਲ ਖੁਆਰ
Thursday, Mar 19, 2026 - 07:57 PM (IST)
ਫਤਹਿਗੜ੍ਹ ਸਾਹਿਬ (ਬਿਪਿਨ ਭਾਰਦਵਾਜ) : ਪੰਜਾਬ ਸਰਕਾਰ ਦੇ ਸੁਚਾਰੂ ਪ੍ਰਸ਼ਾਸਨ ਦੇ ਦਾਵਿਆਂ ਦੀ ਜ਼ਮੀਨੀ ਹਕੀਕਤ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਕਲਾਂ ਵਿੱਚ ਬਣੀ ਸਬ-ਤਹਿਸੀਲ ਵਿੱਚ ਪੱਕੇ ਤੌਰ ’ਤੇ ਨਾਇਬ ਤਹਿਸੀਲਦਾਰ ਦੀ ਨਿਯੁਕਤੀ ਨਾ ਹੋਣ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਤ ਇੰਨੇ ਖਰਾਬ ਹੋ ਚੁੱਕੇ ਹਨ ਕਿ ਲੋਕ ਹੁਣ ਪੁਰਾਣੇ ਸਮੇਂ ਨੂੰ ਯਾਦ ਕਰਨ ਲੱਗ ਪਏ ਹਨ।

ਜਾਣਕਾਰੀ ਅਨੁਸਾਰ, ਇਸ ਸਬ-ਤਹਿਸੀਲ ਨਾਲ 50 ਤੋਂ ਵੱਧ ਪਿੰਡ ਜੁੜੇ ਹੋਏ ਹਨ, ਜਿੱਥੋਂ ਰੋਜ਼ਾਨਾ ਸੈਂਕੜੇ ਲੋਕ ਆਪਣੇ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਲਾਉਂਦੇ ਹਨ। ਪਰ ਪਿਛਲੇ ਕਰੀਬ ਸੱਤ ਮਹੀਨਿਆਂ ਤੋਂ ਨਾਇਬ ਤਹਿਸੀਲਦਾਰ ਦੀ ਪੱਕੀ ਨਿਯੁਕਤੀ ਨਾ ਹੋਣ ਕਰਕੇ ਮਾਲ ਮਹਿਕਮੇ ਨਾਲ ਸਬੰਧਤ ਜ਼ਿਆਦਾਤਰ ਕੰਮ ਪੂਰੀ ਤਰ੍ਹਾਂ ਠੱਪ ਪਏ ਹੋਏ ਹਨ।
ਹਾਲਾਂਕਿ ਹਫ਼ਤੇ 'ਚ ਕੇਵਲ ਦੋ ਦਿਨ ਕਾਨੂੰਨਗੋ ਵੱਲੋਂ ਰਜਿਸਟਰੀਆਂ ਕੀਤੀਆਂ ਜਾਂਦੀਆਂ ਹਨ, ਪਰ ਬਾਕੀ ਦੇ ਅਹਿਮ ਕੰਮ-ਜਿਵੇਂ ਕਿ ਇੰਤਕਾਲ, ਫਰਦ, ਮਿਊਟੇਸ਼ਨ ਅਤੇ ਹੋਰ ਰਿਕਾਰਡ ਨਾਲ ਜੁੜੀਆਂ ਪ੍ਰਕਿਰਿਆਵਾਂ-ਲਟਕੀਆਂ ਪਈਆਂ ਹਨ। ਇਸ ਕਾਰਨ ਲੋਕਾਂ ਨੂੰ ਵਾਰ-ਵਾਰ ਦਫ਼ਤਰਾਂ ਦੇ ਚੱਕਰ ਲਾਉਣੇ ਪੈਂਦੇ ਹਨ, ਜਿਸ ਨਾਲ ਸਮੇਂ ਅਤੇ ਪੈਸੇ ਦੀ ਵੱਡੀ ਬਰਬਾਦੀ ਹੋ ਰਹੀ ਹੈ।

ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਸਹੂਲਤਾਂ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨ ’ਤੇ ਹਾਲਾਤ ਬਿਲਕੁਲ ਵੱਖਰੇ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਆਮ ਲੋਕਾਂ ਨੂੰ ਖਾਮਿਆਜ਼ਾ ਭੁਗਤਣਾ ਪੈ ਰਿਹਾ ਹੈ। ਕਈ ਲੋਕਾਂ ਨੇ ਇਹ ਵੀ ਕਿਹਾ ਕਿ ਪਹਿਲਾਂ ਕੰਮ ਸਮੇਂ ’ਤੇ ਹੋ ਜਾਂਦੇ ਸਨ, ਪਰ ਹੁਣ ਹਾਲਾਤ ਇੰਨੇ ਖਰਾਬ ਹੋ ਗਏ ਹਨ ਕਿ ਉਹ ਪਿਛਲੇ ਕਾਂਗਰਸ ਰਾਜ ਨੂੰ ਯਾਦ ਕਰਨ ਲਈ ਮਜਬੂਰ ਹਨ।
ਇਲਾਕਾ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਸਬ-ਤਹਿਸੀਲ ਵਿੱਚ ਪੱਕੇ ਤੌਰ ’ਤੇ ਨਾਇਬ ਤਹਿਸੀਲਦਾਰ ਦੀ ਨਿਯੁਕਤੀ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ ਅਤੇ ਉਨ੍ਹਾਂ ਦੇ ਕੰਮ ਸਮੇਂ ਸਿਰ ਨੇਪਰੇ ਚੜ੍ਹ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
