ਬਾਦਲਾਂ ਦੀ ਰਿਹਾਇਸ਼ ਮਾਈਕਰੋ ਕੰਟਨਮੈਂਟ ਜ਼ੋਨ ''ਚ ਹੋਈ ਤਬਦੀਲ
Saturday, Aug 22, 2020 - 10:03 PM (IST)
ਮਲੋਟ, (ਜੁਨੇਜਾ)- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਜੁੜੇ ਇੱਕ ਐਸ.ਪੀ ਸਣੇ ਅੱਠ ਸੁਰੱਖਿਆ ਕਰਮਚਾਰੀਆਂ ਦਾ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਦੀ ਰਿਹਾਇਸ਼ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਕੋਈ ਵੀ ਉਹਨਾਂ ਦੀ ਰਿਹਾਇਸ਼ 'ਤੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਨਹੀਂ ਜਾ ਸਕਦਾ । ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮੰਜੂ ਨੇ ਕਿਹਾ, “ਸਾਬਕਾ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਪੰਜ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਤੋਂ ਬਾਅਦ ਇਸ ਨੂੰ ਮਾਈਕਰੋ-ਕੰਟੇਨੈਂਟ ਕਰਾਰ ਦੇ ਦਿੱਤਾ ਹੈ। ਇਸ ਤੋਂ ਬਾਅਦ ਕਿਸੇ ਵੀ ਬਾਹਰੀ ਵਿਅਕਤੀ ਨੂੰ ਅੰਦਰ ਜਾਣ ਜਾਂ ਮਿਲਣ ਦੀ ਆਗਿਆ ਨਹੀਂ ਹੋਵੇਗੀ ।
ਜਾਣਕਾਰੀ ਅਨੁਸਾਰ ਪਹਿਲਾਂ ਦੋ ਸੁਰੱਖਿਆ ਕਰਮਚਾਰੀਆਂ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਸੀ ਤੇ ਉਸ ਉਪਰੰਤ ਸਿਹਤ ਵਿਭਾਗ ਵਲੋਂ ਲਗਭਗ 120 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਅਤੇ ਬਾਦਲ ਪਰਿਵਾਰ ਦੇ ਮੈਂਬਰਾਂ ਸਮੇਤ ਬਾਕੀਆਂ ਦੇ ਟੈਸਟ ਲੈਣੇ ਬਾਕੀ ਹਨ। ਇਸ ਤੋਂ ਇਲਾਵਾ, ਇਕ ਬੈਂਕ ਦੇ ਦੋ ਕਰਮਚਾਰੀਆਂ ਸਮੇਤ ਪਿੰਡ ਦੇ ਕੁਝ ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ। ਅੱਜ ਤਾਜਾ ਰਿਪੋਰਟਾਂ ਵਿਚ ਪੰਜ ਹੋਰ ਕਰਮਚਾਰੀ ਕੋਰੋਨਾ ਪਾਜ਼ੇਟਿਵ ਆ ਗਏ ਹਨ ਜਿਸ ਤੋਂ ਬਾਅਦ ਸਿਹਤ ਵਿਭਾਗ ਨੇ ਰਿਹਾਇਸ਼ ਨੂੰ ਮਾਇਕਰੋ ਕੰਨਟੇਨਮੈਂਟ ਜੋਨ ਬਣਾ ਦਿੱਤਾ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਇਸ ਸਮੇਂ ਬਾਦਲ ਪਿੰਡ ਵਿਖੇ ਰਹਿ ਰਹੇ ਹਨ।ਇਹ ਵੀ ਪਤਾ ਲੱਗਾ ਹੈ ਕਿ ਪ੍ਰਕਾਸ਼ ਬਾਦਲ ਕੋਰੋਨਾ ਮਹਾਂਮਾਰੀ ਦੌਰਾਨ ਜਿਆਦਾਤਰ ਘਰ ਦੇ ਅੰਦਰ ਰਹੇ ਹਨ, ਪਰ ਸੁਖਬੀਰ ਅਤੇ ਹਰਸਿਮਰਤ ਨੇ ਜਨਤਕ ਮੀਟਿੰਗਾਂ ਕੀਤੀਆਂ ਹਨ।