ਬਾਦਲ, ਸੁਖਬੀਰ ਤੇ ਮਜੀਠੀਆ ਖੁਦਕੁਸ਼ੀ ਪੀੜਤ ਕਿਸਾਨ ਪਰਿਵਾਰਾਂ ਨਾਲ ਸੜਕਾਂ ''ਤੇ ਉੱਤਰੇ

02/13/2019 1:10:36 AM

ਚੰਡੀਗੜ੍ਹ, (ਭੁੱਲਰ)- ਪੰਜਾਬ ਦੇ ਖੁਦਕੁਸ਼ੀਆਂ ਕਰਨ ਵਾਲੇ ਸੈਂਕੜੇ ਕਿਸਾਨਾਂ ਦੇ ਪੀੜਤ ਪਰਿਵਾਰ ਵੀ ਅੱਜ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਸਮੇਂ ਸੜਕਾਂ 'ਤੇ ਉੱਤਰੇ ਅਤੇ ਉਨ੍ਹਾਂ ਨੇ ਵਿਧਾਨ ਸਭਾ ਵੱਲ ਮਾਰਚ ਕਰਦਿਆਂ ਇਨਸਾਫ਼ ਦੀ ਮੰਗ ਕੀਤੀ। ਇਨ੍ਹਾਂ ਪੀੜਤ ਪਰਿਵਾਰਾਂ ਦੀ ਅਗਵਾਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਬਿਕਰਮ ਮਜੀਠੀਆ ਅਤੇ ਡਾ. ਦਲਜੀਤ ਸਿੰਘ ਚੀਮਾ ਆਦਿ ਕਰ ਰਹੇ ਸਨ। ਇਹ ਮਾਰਚ ਯੂਥ ਅਕਾਲੀ ਦਲ ਦੇ ਸਹਿਯੋਗ ਨਾਲ ਕੀਤਾ ਗਿਆ। ਅਕਾਲੀ ਦਲ ਵਲੋਂ ਇਹ ਪ੍ਰਦਰਸ਼ਨ ਬੜੇ ਹੀ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ। ਇਕ ਪਾਸੇ ਵਿਧਾਨ ਸਭਾ 'ਚ ਗਵਰਨਰ ਦੇ ਭਾਸ਼ਣ ਸਮੇਂ ਕਿਸਾਨਾਂ ਦੇ ਮੁੱਦੇ 'ਤੇ ਅਕਾਲੀ-ਭਾਜਪਾ ਮੈਂਬਰ ਪਰਮਿੰਦਰ ਢੀਂਡਸਾ, ਪਵਨ ਟੀਨੂੰ ਤੇ ਸੋਮ ਪ੍ਰਕਾਸ਼ ਦੀ ਅਗਵਾਈ ਹੇਠ ਵਾਕ ਆਊਟ ਕਰਕੇ ਬਾਹਰ ਆ ਗਏ ਤੇ ਦੂਜੇ ਪਾਸੇ ਐੱਮ.ਐੱਲ.ਏ. ਫਲੈਟ ਵਿਚ ਬਾਦਲ, ਸੁਖਬੀਰ ਤੇ ਮਜੀਠੀਆ ਆਦਿ ਖੁਦਕੁਸ਼ੀ ਪੀੜਤ ਪਰਿਵਾਰਾਂ ਨਾਲ ਸਨ ਅਤੇ ਉਨ੍ਹਾਂ ਵਲੋਂ ਵੀ ਵਿਧਾਨ ਸਭਾ ਵੱਲ ਕੂਚ ਕਰ ਦਿੱਤਾ ਗਿਆ। 
ਵਿਧਾ ਨਸਭਾ ਸੈਸ਼ਨ ਦੇ ਮੱਦੇਨਜ਼ਰ ਭਾਰੀ ਪੁਲਸ ਫੋਰਸ ਤਾਇਨਾਤ ਸੀ ਅਤੇ ਜਿਸ ਕਰਕੇ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਵਿਧਾਨ ਸਭਾ ਨੇੜੇ ਨਹੀਂ ਜਾਣ ਦਿੱਤਾ ਗਿਆ। ਇਨ੍ਹਾਂ ਨੂੰ ਵਿਧਾਨ ਸਭਾ ਤੋਂ ਪਿਛਲੇ ਚੌਕ 'ਚ ਹੀ ਘੇਰਾਬੰਦੀ ਕਰਕੇ ਰੋਕ ਲਿਆ ਗਿਆ ਅਤੇ ਦੂਜੇ ਪਾਸਿਓਂ ਅਕਾਲੀ-ਭਾਜਪਾ ਮੈਂਬਰ ਵੀ ਇਨ੍ਹਾਂ ਨਾਲ ਆ ਮਿਲੇ। ਪੁਲਸ ਵਲੋਂ ਰੋਕੇ ਜਾਣ 'ਤੇ ਉਨ੍ਹਾਂ ਨੇ ਸੜਕ 'ਤੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਇਨ੍ਹਾਂ ਪਰਿਵਾਰਾਂ ਦੇ ਮੈਂਬਰਾਂ ਵਲੋਂ ਹੱਥਾਂ ਵਿਚ ਖੁਦਕੁਸ਼ੀ ਕਰਨ ਵਾਲੇ ਆਪਣੇ ਪਰਿਵਾਰ ਦੇ ਮੈਂਬਰਾਂ ਦੀਆਂ ਤਸਵੀਰਾਂ ਵੀ ਚੁੱਕੀਆਂ ਹੋਈਆਂ ਸਨ। ਉਹ ਮੰਗ ਕਰ ਰਹੇ ਸਨ ਕਿ ਪੀੜਤ ਪਰਿਵਾਰਾਂ ਨੂੰ ਵਾਅਦੇ ਮੁਤਾਬਿਕ ਸਰਕਾਰ ਨੌਕਰੀ ਤੇ 10 ਲੱਖ ਰੁਪਏ ਦਾ ਮੁਆਵਜ਼ਾ ਦੇਵੇ। ਸਾਰੇ ਕਿਸਾਨਾਂ ਨੂੰ ਮੁਕੰਮਲ ਕਰਜ਼ਾ ਮੁਆਫ਼ੀ ਦੀ ਵੀ ਇਸ ਮੌਕੇ ਮੰਗ ਕੀਤੀ ਗਈ। ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੂਰੀ ਤਰ੍ਹਾਂ ਪੀੜਤ ਪਰਿਵਾਰਾਂ ਨਾਲ ਖੜ੍ਹਾ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੋਂ ਮੁਕੰਮਲ ਕਰਜ਼ਾ ਮੁਆਫ਼ੀ ਦਾ ਵਾਅਦਾ ਪੂਰਾ ਕਰਨ ਜਾਂ ਫਿਰ ਅਹੁਦਾ ਛੱਡਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਵਾਅਦੇ ਤੋਂ ਪਿੱਛੇ ਹਟ ਕੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ। ਇਸ ਤੋਂ ਮਾੜੀ ਗੱਲ ਕੀ ਹੋ ਸਕਦੀ ਹੈ ਕਿ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਵਾਅਦਾ ਕੀਤਾ ਗਿਆ ਸੀ। ਬਾਦਲ ਨੇ ਆਪਣੀ ਸਰਕਾਰ ਵੇਲੇ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁਫ਼ਤ ਬਿਜਲੀ ਦੀ ਸਹੂਲਤ ਉਨ੍ਹਾਂ ਦੀ ਹੀ ਦੇਣ ਹੈ। ਇਸ ਮੌਕੇ ਪਹੁੰਚੇ ਪੀੜਤ ਕਿਸਾਨ ਪਰਿਵਾਰਾਂ ਦੇ ਮੈਂਬਰਾਂ ਨੇ ਆਪਣਾ ਦਰਦ ਬਿਆਨ ਕੀਤਾ। 
ਵਿਧਾਨ ਸਭਾ ਨੇੜੇ ਧਰਨੇ ਉੱਤੇ ਬੈਠੇ ਪੀੜਤ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਣ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਮਾਡਲ ਨੂੰ ਕਾਂਗਰਸ-ਸ਼ਾਸਨ ਵਾਲੇ ਬਾਕੀ ਰਾਜਾਂ ਵਿਚ ਵੀ ਲਾਗੂ ਕਰੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਲੱਗਦਾ ਹੈ ਕਿ ਕਾਂਗਰਸ ਪਾਰਟੀ ਪੰਜਾਬ ਦੇ ਕਿਸਾਨਾਂ ਵਾਂਗ ਪੂਰੇ ਦੇਸ਼ ਦੇ ਕਿਸਾਨਾਂ ਨੂੰ ਠੱਗਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਹੋ ਰਹੀ ਦੁਰਦਸ਼ਾ ਦਾ ਮਸਲਾ ਪਹਿਲਾਂ  ਸੂਬੇ ਦੇ ਰਾਜਪਾਲ ਕੋਲ ਲੈ ਕੇ ਜਾਵੇਗਾ ਅਤੇ ਫਿਰ ਜੇਕਰ ਲੋੜ ਪਈ ਤਾਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਇਕ ਰਾਜ-ਪੱਧਰੀ ਅੰਦੋਲਨ ਸ਼ੁਰੂ ਕਰੇਗਾ। ਇਸ ਮੌਕੇ  ਵਿਧਾਇਕ ਦਿਲਰਾਜ ਸਿੰਘ ਭੂੰਦੜ, ਚਰਨਜੀਤ ਸਿੰਘ ਬਰਾੜ, ਯੂਥ ਅਕਾਲੀ ਦਲ ਦੇ ਮਾਲਵਾ ਜ਼ੋਨ-1 ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ, ਮਾਲਵਾ ਜ਼ੋਨ-2 ਪ੍ਰਧਾਨ ਸਤਬੀਰ ਸਿੰਘ ਖੱਟੜਾ, ਮਾਲਵਾ ਜ਼ੋਨ-3 ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂਖੰਨਾ, ਦੋਆਬਾ ਜ਼ੋਨ ਪ੍ਰਧਾਨ ਸੁਖਦੀਪ ਸਿੰਘ ਸੁਕਾਰ, ਸਰਬਜੋਤ ਸਿੰਘ ਸਾਬੀ, ਵਿੰਨਰਜੀਤ ਸਿੰਘ ਗੋਲਡੀ, ਮੀਤਪਾਲ ਡੁੱਗਰੀ ਅਤੇ ਗੁਰਦੀਪ ਸਿੰਘ ਗੋਸ਼ਾ ਵੀ ਹਾਜ਼ਰ ਸਨ।

KamalJeet Singh

This news is Content Editor KamalJeet Singh