ਬਾਦਲ-ਕੈਪਟਨ ਨੇ ਡਰੱਗ ਮਾਫੀਆ ਨੂੰ ਦਿੱਤੀ ਪਨਾਹ, ਅਸੀਂ ਜੜ੍ਹੋਂ ਪੁੱਟ ਰਹੇ ਹਾਂ : CM ਚੰਨੀ

Friday, Dec 24, 2021 - 05:49 PM (IST)

ਬਾਦਲ-ਕੈਪਟਨ ਨੇ ਡਰੱਗ ਮਾਫੀਆ ਨੂੰ ਦਿੱਤੀ ਪਨਾਹ, ਅਸੀਂ ਜੜ੍ਹੋਂ ਪੁੱਟ ਰਹੇ ਹਾਂ : CM ਚੰਨੀ

ਪਠਾਨਕੋਟ (ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਥੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ ਦੇ ਵਾਅਦੇ ਕਰਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦਿੱਲੀ ’ਚ ਆਪਣੀ ਕਾਰਗੁਜ਼ਾਰੀ ਵਿਖਾਉਣ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸੂਬਾ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਬਾਖ਼ੂਬੀ ਰਾਖੀ ਕਰ ਰਹੀ ਹੈ, ਕੇਜਰੀਵਾਲ ਨੂੰ ਉਨ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਲੁਟੇਰਿਆਂ ਤੇ ਡਰੱਗ ਮਾਫੀਆ ਨੂੰ ਪਨਾਹ ਦੇ ਕੇ ਇਸ ਦੀ ਸਰਪ੍ਰਸਤੀ ਕੀਤੀ ਹੈ ਤੇ ਅਸੀਂ ਇਸ ਨੂੰ ਜੜ੍ਹੋਂ ਪੁੱਟ ਰਹੇ ਹਾਂ। ਅੱਜ ਇੱਥੇ ਤਲਵਾੜਾ ਜੱਟਾਂ ਤੋਂ ਸਿੰਬਲੀ ਗੁੱਜਰਾਂ ਤੱਕ ਬਣਾਏ ਵੱਡੇ ਪੁਲ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸੁਪਰੀਮੋ ਪੰਜਾਬ ਦੀ ਦੌਲਤ 'ਤੇ ਨਜ਼ਰ ਰੱਖ ਰਹੇ ਹਨ, ਜਿਸ ਕਾਰਨ ਉਹ ਲੋਕਾਂ ਨੂੰ ਲੁਭਾਉਣ ਲਈ ਹਵਾਈ ਕਿਲ੍ਹੇ ਬਣਾ ਰਹੇ ਹਨ। ਉਨ੍ਹਾਂ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਕਿ ਪੰਜਾਬੀਆਂ ਦੇ ਸਾਹਮਣੇ ਝੂਠ ਦੇ ਪੁਲੰਦੇ ਫੋਲਣ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਾਂਗ ਦਿੱਲੀ ਵਾਸੀਆਂ ਨੂੰ ਸਸਤੀ ਬਿਜਲੀ ਅਤੇ ਪੈਟਰੋਲ ਦੇਣ ਦਾ ਐਲਾਨ ਕਰਨ ਦੀ ਹਿੰਮਤ ਕਰੇ।

 ਇਹ ਵੀ ਪੜ੍ਹੋ : ਲੁਧਿਆਣਾ ਪਹੁੰਚੇ ਨਵਜੋਤ ਸਿੱਧੂ ਦਾ ਵੱਡਾ ਬਿਆਨ, ਕਿਹਾ-ਸਿਆਸੀ ਏਜੰਡੇ ਲਈ ਲੋਕਾਂ ’ਚ ਫੈਲਾਇਆ ਜਾ ਰਿਹਾ ਡਰ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ 'ਆਪ' ਲੀਡਰਸ਼ਿਪ ਨੂੰ ਇਕ ਮੋਟੀ ਜਿਹੀ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਅਣਖੀ ਪੰਜਾਬੀ ਕਿਸੇ ਵੀ ਬਾਹਰਲੇ ਵਿਅਕਤੀ ਨੂੰ ਰਾਜ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਣਗੇ। ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਯਾਦ ਕਰਵਾਇਆ ਕਿ ਪੰਜਾਬ ਸਰਕਾਰ ਪੂਰੇ ਉੱਤਰੀ ਖੇਤਰ ਵਿੱਚ ਸਭ ਤੋਂ ਸਸਤਾ ਪੈਟਰੋਲ ਅਤੇ ਡੀਜ਼ਲ ਆਪਣੇ ਲੋਕਾਂ ਨੂੰ ਮੁਹੱਈਆ ਕਰਵਾ ਰਹੀ ਹੈ ਅਤੇ ਇਸੇ ਤਰ੍ਹਾਂ ਪੂਰੇ ਦੇਸ਼ ਨਾਲੋਂ ਸੂਬੇ ਵਿੱਚ ਬਿਜਲੀ ਦੀਆਂ ਦਰਾਂ ਸਭ ਤੋਂ ਸਸਤੀਆਂ ਹਨ। ਉਨ੍ਹਾਂ ਸੁਆਲ ਕੀਤਾ, "ਕੀ ਕੇਜਰੀਵਾਲ ਪੰਜਾਬ ’ਚ ਆ ਕੇ ਲੋਕਾਂ ਨੂੰ ਭਰਮਾਉਣ ਲਈ ਕਈ ਤਰ੍ਹਾਂ ਦੇ ਝੂਠੇ ਐਲਾਨ ਕਰਨ ਤੋਂ ਪਹਿਲਾਂ ਦਿੱਲੀ ਵਿਚ ਪੰਜਾਬ ਵਾਂਗ ਆਮ ਆਦਮੀ ਦੇ ਏਜੰਡੇ ਨੂੰ ਲਾਗੂ ਕਰਨਗੇ।" ਉਨ੍ਹਾਂ ਆਪਣੀ ਸਰਕਾਰ ਵੱਲੋਂ ਲਏ ਗਏ ਕਈ ਲੋਕ ਪੱਖੀ ਫੈਸਲਿਆਂ ਦੀ ਸੂਚੀ ਗਿਣਵਾਉਂਦਿਆਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ ਹਨ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ ਤਿੰਨ ਰੁਪਏ ਘਟਾਈਆਂ ਗਈਆਂ ਹਨ। ਪੇਂਡੂ ਖੇਤਰਾਂ ’ਚ ਜਲ ਸਪਲਾਈ ਘਰਾਂ ਦੀਆਂ ਮੋਟਰਾਂ ਦੇ ਸਬੰਧ ਵਿੱਚ 1200 ਕਰੋੜ ਰੁਪਏ ਮੁਆਫ ਕੀਤੇ ਗਏ ਹਨ, ਜਲ ਸਪਲਾਈ ਦੇ ਪਾਣੀ ਦੇ ਮਾਸਿਕ ਖਰਚੇ ਘਟਾ ਕੇ 50 ਰੁਪਏ ਕੀਤੇ ਗਏ ਹਨ ਅਤੇ ਰੇਤ ਦੇ ਰੇਟ ਬਹੁਤ ਘੱਟ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹੀ ਆਮ ਆਦਮੀ ਦਾ ਏਜੰਡਾ ਹੈ ਅਤੇ ਪੰਜਾਬ ਸਰਕਾਰ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਇਸ ਨੂੰ ਪੂਰੇ ਜੋਸ਼ ਨਾਲ ਲਾਗੂ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਇਹ ਉਪਰਾਲੇ ਭਵਿੱਖ ’ਚ ਵੀ ਜਾਰੀ ਰਹਿਣਗੇ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਨਵਜੋਤ ਸਿੱਧੂ 'ਤੇ ਵਿੰਨ੍ਹੇ ਨਿਸ਼ਾਨੇ, ਦਿੱਤੀ ਇਹ ਚੁਣੌਤੀ

ਮੁੱਖ ਮੰਤਰੀ ਚੰਨੀ ਨੇ ਕਿਹਾ, 'ਮੈਂ ਆਮ ਆਦਮੀ ਦੀਆਂ ਮੁਸ਼ਕਿਲਾਂ ਨੂੰ ਜਾਣਦਾ ਹਾਂ ਅਤੇ ਮੇਰਾ ਹਰ ਕਦਮ ਉਨ੍ਹਾਂ ਨੂੰ ਘੱਟ ਕਰਨ ਲਈ ਹੈ।" ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੇ ਮਾੜੇ ਕੰਮਾਂ ਲਈ ਉਸ 'ਤੇ ਮੁਕੱਦਮਾ ਦਰਜ ਕਰ ਲਿਆ ਹੈ, ਜਿਸ ਕਾਰਨ ਉਹ ਗ੍ਰਿਫਤਾਰੀ ਤੋਂ ਬਚਣ ਲਈ ਇਧਰ-ਉਧਰ ਭੱਜ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਹਰ ਵਿਅਕਤੀ ਨੂੰ ਸੂਬੇ ਅਤੇ ਇਥੋਂ ਦੇ ਲੋਕਾਂ ਨਾਲ ਧ੍ਰੋਹ ਕਮਾਉਣ ਦੇ ਗੁਨਾਹਗਾਰ ਵਜੋਂ ਲੈ ਕੇ ਉਨ੍ਹਾਂ ' ਤੇ ਨੱਥ ਪਾਈ ਜਾਵੇਗੀ। ਸੂਬੇ ’ਚ ਹਰ ਕੀਮਤ 'ਤੇ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਸੂਬੇ ਨੂੰ ਅਸਥਿਰ ਕਰਨ 'ਤੇ ਤੁਲੀਆਂ ਹੋਈਆਂ ਹਨ ਪਰ ਪੰਜਾਬ ਦੇ ਲੋਕਾਂ ਦੀ ਮੱਦਦ ਨਾਲ ਇਨ੍ਹਾਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕੀਤਾ ਜਾਵੇਗਾ ਅਤੇ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮਨ-ਸ਼ਾਂਤੀ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਣ ਲਈ ਵਚਨਬੱਧ ਹੈ। ਮਾਲ ਤੇ ਮੁੜ ਵਸੇਬਾ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ 'ਮੇਰਾ ਘਰ, ਮੇਰੇ ਨਾਮ' ਸਕੀਮ ਦਾ ਘੇਰਾ ਪੂਰੇ ਸੂਬੇ ’ਚ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਦੀਆਂ ਕਈ ਅਹਿਮ ਸਮੱਸਿਆਵਾਂ ਦਾ ਹੱਲ ਕੀਤਾ ਹੈ। ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਸੂਬੇ ਦੇ ਵਿਕਾਸ ਲਈ ਠੋਸ ਉਪਰਾਲੇ ਕਰ ਰਹੇ ਹਨ। ਇਸ ਤੋਂ ਪਹਿਲਾਂ ਪਠਾਨਕੋਟ ਦੇ ਵਿਧਾਇਕ ਅਮਿਤ ਵਿਜ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਟੇਜ 'ਤੇ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਅਮਿਤ ਵਿਜ ਤੇ ਜੋਗਿੰਦਰ ਪਾਲ ਵੀ ਮੌਜੂਦ ਸਨ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Manoj

Content Editor

Related News