ਬਾਦਲ ਵੱਲੋਂ ਨਿਹੰਗਾਂ ਦੇ ਬਾਣੇ ’ਚ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਪੁਲਸ ’ਤੇ ਕੀਤੇ ਹਮਲੇ ਦੀ ਨਿਖੇਧੀ

Monday, Apr 13, 2020 - 01:43 AM (IST)

ਚੰਡੀਗਡ਼੍ਹ, (ਅਸ਼ਵਨੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਨਿਹੰਗਾਂ ਦੇ ਬਾਣੇ ’ਚ ਆਏ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਪੁਲਸ ਕਰਮਚਾਰੀਆਂ ’ਤੇ ਕੀਤੇ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਇਥੇ ਜ਼ਿਕਰਯੋਗ ਹੈ ਕਿ ਬੁੱਢਾ ਦਲ ਨਿਹੰਗ ਮੁਖੀ ਨੇ ਵੀ ਬਾਅਦ ’ਚ ਉਨ੍ਹਾਂ ਰਿਪੋਰਟਾਂ ਨੂੰ ਗਲਤ ਦੱਸਿਆ ਸੀ ਕਿ ਜਿਨ੍ਹਾਂ ’ਚ ਹਮਲਾਵਰਾਂ ਨੂੰ ਨਿਹੰਗ ਦੱਸਿਆ ਗਿਆ ਸੀ। ਨਿਹੰਗ ਮੁਖੀ ਨੇ ਪੁਲਸ ’ਤੇ ਹਮਲਾ ਕਰਨ ਵਾਲੇ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਬਾਦਲ ਨੇ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਅੰਦਰ ਪੁਲਸ ਅਤੇ ਨੀਮ ਫੌਜੀ ਦਸਤਿਆਂ ਦੇ ਮੈਂਬਰ ਬੇਹੱਦ ਬਹਾਦਰੀ, ਲਗਨ ਅਤੇ ਨਿਰਸੁਆਰਥ ਕੁਰਬਾਨੀ ਦੀ ਭਾਵਨਾ ਨਾਲ ਇਕ ਬਹੁਤ ਹੀ ਮੁਸ਼ਕਿਲ ਕਾਰਜ ਕਰ ਰਹੇ ਹਨ। ਉਹ ਸਾਡੀ ਹਮਾਇਤ ਦੇ ਹੱਕਦਾਰ ਹਨ, ਨਾ ਕਿ ਅਜਿਹੇ ਘਟੀਆ ਵਤੀਰੇ ਦੇ, ਜਿਹਡ਼ਾ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਇਨ੍ਹਾਂ ਨਾਲ ਕੀਤਾ ਗਿਆ ਹੈ।

ਡਾਕਟਰਾਂ, ਨਰਸਾਂ ਅਤੇ ਬਾਕੀ ਸਿਹਤ ਕਾਮਿਆਂ ਦੀ ਸ਼ਲਾਘਾ ਕਰਦਿਆਂ ਬਾਦਲ ਨੇ ਉਨ੍ਹਾਂ ਨੂੰ ਅੱਜ ‘ਮਨੁੱਖਤਾ ਦੇ ਸੱਚੇ ਨਾਇਕ’ ਕਰਾਰ ਦਿੱਤਾ। ਬਾਦਲ ਨੇ ਲੋਕਾਂ ਨੂੰ ਇਨ੍ਹਾਂ ਯੋਧੇ ਸਿਹਤ ਕਾਮਿਆਂ ਦੇ ਪਰਿਵਾਰਾਂ ਨਾਲ ਡਟ ਕੇ ਖਡ਼੍ਹਨ ਅਤੇ ਉਨ੍ਹਾਂ ਦੀ ਪੂਰੀ ਹਮਾਇਤ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਦੇ ਕਿੰਨੇ ਰਿਣੀ ਹਾਂ, ਇਸ ਨੂੰ ਬਿਆਨ ਕਰਨ ਲਈ ਸਾਡੇ ਕੋਲ ਸ਼ਬਦ ਨਹੀਂ ਹਨ। ਉਨ੍ਹਾਂ ਦੇਸ਼ ਦੇ ਲੋਕਾਂ ਅਤੇ ਖਾਸ ਕਰ ਕੇ ਪੰਜਾਬੀਆਂ ਅਤੇ ਕੁਲ ਦੁਨੀਆ ’ਚ ਵਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਇਕ ਜ਼ਿੰਮੇਵਾਰ ਅਤੇ ਸੂਝਵਾਨ ਨਾਗਰਿਕ ਹੋਣ ਦੀ ਮਿਸਾਲ ਪੇਸ਼ ਕਰਨਾ ਜਾਰੀ ਰੱਖਣ ਅਤੇ ਦੁਨੀਆ ਭਰ ’ਚ ਚਲਾਈ ਜਾ ਰਹੀ ਲੰਗਰ ਸੇਵਾ ’ਚ ਅੱਗੇ ਹੋ ਕੇ ਆਪਣਾ ਯੋਗਦਾਨ ਪਾਉਣ।


Bharat Thapa

Content Editor

Related News