ਬਾਦਲ ਪਰਿਵਾਰ ਦੀਆਂ ਵਧੀਕੀਆਂ ਨੇ ਸਿੱਖ ਪੰਥ ਦਾ ਸਿਰ ਨੀਵਾਂ ਕੀਤਾ : ਰਾਮੂਵਾਲੀਆ
Thursday, Dec 19, 2019 - 04:33 PM (IST)

ਤਪਾ ਮੰਡੀ (ਸ਼ਾਮ, ਗਰਗ) : ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਅਕਾਲੀ ਦਲ ਪਰਿਵਾਰਵਾਦ ਦਾ ਸ਼ਿਕਾਰ ਹੋ ਗਿਆ ਹੈ ਅਤੇ ਬਾਦਲ ਪਰਿਵਾਰ ਨੇ ਸਿੱਖ ਸਿਧਾਂਤਾਂ, ਪਰੰਪਰਾਵਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਉਦੇਸ਼ ਨੂੰ ਭਾਰੀ ਸੱਟ ਮਾਰੀ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਟਕਸਾਲੀ ਅਕਾਲੀ ਆਗੂਆਂ ਦੇ ਨਾਲ ਖੜ੍ਹੇ ਹਨ ਤਾਂ ਕਿ ਅਕਾਲੀ ਦਲ ਨੂੰ ਉਸ ਪਾਸੇ ਤੋਰਿਆ ਜਾ ਸਕੇ ਜਿਸ ਉਦੇਸ਼ ਲਈ ਅਕਾਲੀ ਦਲ ਦੀ ਸਥਾਪਨਾ ਕੀਤੀ ਗਈ ਸੀ। ਉਨ੍ਹਾਂ ਕਿਹਾ ਆਪਣੇ ਪਰਿਵਾਰ ਨੂੰ ਪ੍ਰਫੁਲਿਤ ਕਰਨ ਲਈ ਬਾਦਲ ਪਰਿਵਾਰ ਨੇ ਪੰਜਾਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਮਹਾਨ ਨੀਤੀਆਂ ਨੂੰ ਛਿੱਕੇ ਟੰਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਵੀ ਆਪਣੀ ਮੁੱਠੀ 'ਚ ਜਕੜ ਲਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਅਪਣੀ ਮਰਜੀ ਨਾਲ ਹੀ ਹਟਾਉਂਦੇ ਅਤੇ ਲਾਉਂਦੇ ਹਨ ਅਤੇ ਹੁਕਮਨਾਮੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਲਾਗੂ ਕਰਵਾਉਂਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ, ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖਾਂ ਦੀ ਮਹਾਨ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਬਚਾਉਣ ਲਈ ਬਾਦਲ ਪਰਿਵਾਰ ਤੋਂ ਪੂਰੀ ਤਰ੍ਹਾਂ ਛੁਟਕਾਰਾ ਪੁਆਇਆ ਜਾਵੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਟਕਸਾਲੀਆਂ ਦੇ ਹੱਥਾਂ 'ਚ ਦੇ ਕੇ ਇਸ ਨੂੰ ਮਹਾਨ ਉਦੇਸ਼ ਦੀ ਪ੍ਰਾਪਤੀ ਲਈ ਅੱਗੇ ਵਧਿਆ ਜਾਵੇ। ਇਸ ਮੌਕੇ ਡਾ.ਗਮਧੂਰ ਸਿੰਘ, ਸਾਬਕਾ ਮੈਂਬਰ ਗੁਰਜੰਟ ਸਿੰਘ ਦਰਾਜ, ਚਮਕੋਰ ਸਿੰਘ ਕੈਨੇਡਾ, ਗੁਰਦੀਪ ਸਿੰਘ ਦੀਪਾ, ਮਲਕੀਤ ਸਿੰਘ ਆਦਿ ਹਾਜ਼ਰ ਸਨ।