'ਬਾਘਾਪੁਰਾਣਾ ਦੇ ਕਿਸਾਨ ਮਹਾਸੰਮੇਲਨ ਨੇ ਸਿੱਧ ਕੀਤਾ ਕਿ ਲੋਕ ਅਕਾਲੀਆਂ, ਕਾਂਗਰਸ ਤੇ ਭਾਜਪਾ ਤੋਂ ਅੱਕੇ'

Tuesday, Mar 23, 2021 - 01:03 AM (IST)

ਚੰਡੀਗੜ੍ਹ, (ਰਮਨਜੀਤ)- ਆਮ ਆਦਮੀ ਪਾਰਟੀ ਨੇ ਬਾਘਾਪੁਰਾਣਾ ਵਿਚ ਹੋਏ ਕਿਸਾਨ ਮਹਾਸੰਮੇਲਨ ’ਚ ਵੱਡੀ ਤਾਦਾਦ ’ਚ ਸ਼ਾਮਲ ਹੋਣ ’ਤੇ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ। ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਘਾਪੁਰਾਣਾ ਵਿਚ ਹੋਏ ਕਿਸਾਨ ਮਹਾਸੰਮੇਲਨ ਵਿਚ ਹੋਏ ਇਕੱਠ ਨੇ ਸਿੱਧ ਕਰ ਦਿੱਤਾ ਹੈ ਕਿ ਲੋਕ ਅਕਾਲੀਆਂ, ਕਾਂਗਰਸ ਅਤੇ ਭਾਜਪਾ ਤੋਂ ਅੱਕ ਚੁੱਕੇ ਹਨ ਅਤੇ ਹੁਣ ਆਮ ਆਦਮੀ ਪਾਰਟੀ ਨੂੰ ਬਦਲਾਅ ਵਜੋਂ ਦੇਖਦੇ ਹਨ। ਲੋਕ ਆਮ ਆਦਮੀ ਪਾਰਟੀ ਤੋਂ ਇਹ ਉਮੀਦ ਰੱਖਦੇ ਹਨ ਕਿ ਉਹ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਤੇ ਸੰਪੰਨ ਰਾਜ ਬਣਾਵੇਗੀ।

‘ਆਪ’ ਨੇਤਾਵਾਂ ਨੇ ਕਿਹਾ ਕਿ ਕਾਂਗਰਸ ਤੇ ਆਕਲੀ ਦਲ ਨੇ ਸੱਤਾ ਵਿਚ ਆਉਣ ਲਈ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਸਭ ਭੁੱਲ ਗਏ। ਆਮ ਆਦਮੀ ਪਾਰਟੀ ਇਕਲੌਤੀ ਅਜਿਹੀ ਪਾਰਟੀ ਹੈ, ਜਿਸ ਨੇ ਦਿੱਲੀ ਵਿਚ ਜਨਤਾ ਨਾਲ ਜੋ ਵਾਅਦੇ ਕੀਤੇ, ਉਨ੍ਹਾਂ ਨੂੰ ਪੂਰਾ ਕੀਤਾ। ਦਿੱਲੀ ਵਿੱਚ ਕੇਜਰੀਵਾਲ ਸਰਕਾਰ ਵਲੋਂ ਕੀਤੇ ਕੰਮਾਂ ਤੋਂ ਲੋਕ ਪ੍ਰਭਾਵਿਤ ਹੋ ਰਹੇ ਹਨ। ਲੋਕਾਂ ਨੂੰ ਉਮੀਦ ਹੈ ਕਿ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ’ਤੇ ਉਹ ਦਿੱਲੀ ਵਾਂਗ ਪੰਜਾਬ ਵਿੱਚ ਵੀ ਲੋਕਾਂ ਦੀ ਭਲਾਈ ਲਈ ਕੰਮ ਕਰੇਗੀ।

ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਾਂ। ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਬਾਘਾਪੁਰਾਣਾ ਦੇ ਕਿਸਾਨ ਮਹਾਸੰਮੇਲਨ ਨੂੰ ਦੇਖ ਕੇ ਵਿਰੋਧੀ ਦਲਾਂ ਦੀ ਨੀਂਦ ਉਡ ਗਈ ਹੈ। ਸੱਤਾ ਵਿਚ ਰਹਿ ਕੇ ਇਨ੍ਹਾਂ ਦਲਾਂ ਨੇ ਪੰਜਾਬ ਨੂੰ ਲੁੱਟਿਆ, ਹੁਣ ਉਨ੍ਹਾਂ ਨੂੰ ਹਾਰ ਦਾ ਡਰ ਸਤਾ ਰਿਹਾ ਹੈ। ਪੰਜਾਬ ਦੀ ਜਨਤਾ 2022 ਵਿਚ ਸਾਰੀਆਂ ਲੁਟੇਰੀਆਂ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀਆਂ ਵਲੋਂ ਸ਼ੁਰੂ ਕੀਤੇ ਗਏ ਹਰ ਤਰ੍ਹਾਂ ਦੇ ਮਾਫੀਆਵਾਂ ਨੂੰ ਹੁਣ ਕੈਪਟਨ ਸਰਕਾਰ ਹੱਲਾਸ਼ੇਰੀ ਦੇ ਰਹੀ ਹੈ।


Bharat Thapa

Content Editor

Related News