ਬਸਪਾ ਨੇ ਪਾਰਟੀ ਸੰਸਥਾਪਕ ਕਾਂਸ਼ੀ ਰਾਮ ਦੇ ਜਨਮਦਿਨ ਦੀਆਂ ਤਿਆਰੀਆਂ ਕੀਤੀਆਂ ਸ਼ੁਰੂ
Saturday, Mar 03, 2018 - 04:08 PM (IST)

ਲੁਧਿਆਣਾ (ਨਰਿੰਦਰ ਮਹਿੰਦਰੂ) - ਬਹੁਜਨ ਸਮਾਜ ਪਾਰਟੀ ਵਲੋਂ ਪਾਰਟੀ ਦੇ ਸੰਸਥਾਪਕ ਕਾਂਸ਼ੀ ਰਾਮ ਦਾ 15 ਮਾਰਚ ਨੂੰ ਚੰਡੀਗੜ੍ਹ ’ਚ ਜਨਮਦਿਨ ਮਨਾਇਆ ਜਾ ਰਿਹਾ ਹੈ, ਜਿਸ ’ਚ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਤੇ ਉਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਵੀ ਸ਼ਿਰਕਤ ਕਰੇਗੀ। ਇਸ ਆਯੋਜਨ ਨੂੰ ਲੈ ਕੇ ਪਾਰਟੀ ਵਲੋਂ ਸੂਬੇ ਭਰ ’ਚ ਕਾਰਜਕਰਤਾਵਾਂ ਨਾਲ ਬੈਠਕਾਂ ਦਾ ਸਿਲਸਿਲਾ ਜਾਰੀ ਹੈ ਤੇ ਇਸ ਕ੍ਰਮ ’ਚ ਲੁਧਿਆਣਾ ’ਚ ਇਕ ਬੈਠਕ ਕੀਤੀ ਗਈ।
ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਸੂਬਾ ਪ੍ਰਧਾਨ ਰਛਪਾਲ ਸਿੰਘ ਰਾਜੂ ਤੇ ਸਟੇਟ ਕੋ-ਆਡੀਨੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਪਾਰਟੀ ਵਲੋਂ 15 ਮਾਰਚ ਨੂੰ ਚੰਡੀਗੜ੍ਹ ’ਚ ਬਸਪਾ ਦੇ ਸੰਸਥਾਪਕ ਸਵ. ਕਾਂਸ਼ੀ ਰਾਮ ਦਾ ਜਨਮਦਿਨ ਮਨਾਇਆ ਜਾ ਰਿਹਾ ਹੈ, ਜਿਸ ’ਚ ਮਾਇਆਵਤੀ ਵੀ ਸ਼ਾਮਲ ਹੋਣਗੇ। ਇਸ ਨੂੰ ਲੈ ਕੇ ਪਾਰਟੀ ਵਲੋਂ ਸੂਬੇ ਭਰ ’ਚ ਵਰਕਰਾਂ ਨਾਲ ਬੈਠਕ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਹਾਲ ਹੀ ’ਚ ਲੁਧਿਆਣਾ ਨਗਰ ਨਿਗਮ ਚੋਣਾਂ ’ਚ ਕਾਂਗਰਸ ’ਤੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਅਕਾਲੀ-ਭਾਜਪਾ ਗਠਜੋੜ ਨੇ ਧੱਕੇਸ਼ਾਹੀ ਕਰਕੇ ਚੋਣਾਂ ’ਚ ਜਿੱਤ ਹਾਸਲ ਕੀਤੀ ਸੀ ਤੇ ਹੁਣ ਕਾਂਗਰਸ ਵੀ ਉਸੇ ਰਾਹ ’ਤੇ ਚਲ ਪਈ ਹੈ। ਇਸ ਤਰ੍ਹਾਂ ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ’ਚ ਲੋਕਤੰਤਰ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।