ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਜੋੜ ਮੇਲਾ ਆਰੰਭ, ਸੈਂਕੜੇ ਸੰਗਤਾਂ ਹੋਈਆਂ ਨਤਮਸਤਕ
Wednesday, Apr 13, 2022 - 09:41 AM (IST)
ਤਲਵੰਡੀ ਸਾਬੋ (ਮੁਨੀਸ਼) : ਖਾਲਸਾ ਸਾਜਨਾ ਦਿਵਸ ‘ਵਿਸਾਖੀ’ ਮੌਕੇ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਜਾਂਦਾ ਤਿੰਨ ਰੋਜ਼ਾ ਜੋੜ ਮੇਲਾ ਕੱਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਉਪਰੰਤ ਰਸਮੀ ਤੌਰ ’ਤੇ ਆਰੰਭ ਹੋ ਗਿਆ। ਪਹਿਲੇ ਦਿਨ ਸੈਂਕੜੇ ਸੰਗਤਾਂ ਪਾਵਨ ਸਰੋਵਰਾਂ ਵਿਚ ਇਸ਼ਨਾਨ ਕਰ ਕੇ ਤਖਤ ਸਾਹਿਬ ਅਤੇ ਹੋਰਨਾਂ ਗੁਰਦੁਆਰਾ ਸਾਹਿਬਾਨ ਵਿਚ ਨਤਮਸਤਕ ਹੋਈਆਂ।
ਇਹ ਵੀ ਪੜ੍ਹੋ : ਮਿੱਡੂਖੇੜਾ ਕਤਲ ਕਾਂਡ : ਸ਼ਾਰਪ ਸ਼ੂਟਰਾਂ ਦੀ ਗ੍ਰਿਫ਼ਤਾਰੀ ਤੋਂ 7 ਦਿਨਾਂ ਬਾਅਦ ਹੋਏ ਅਹਿਮ ਖ਼ੁਲਾਸੇ
ਸਭ ਤੋਂ ਪਹਿਲਾਂ ਤਖਤ ਸਾਹਿਬ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਏ। ਆਰੰਭਤਾ ਦੀ ਅਰਦਾਸ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਕੀਤੀ। ਭਾਈ ਗੁਰਜੰਟ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅਖੰਡ ਪਾਠ ਸਾਹਿਬ ਆਰੰਭ ਹੋਣ ਨਾਲ ਵਿਸਾਖੀ ਜੋੜ ਮੇਲਾ ਰਸਮੀ ਤੌਰ ’ਤੇ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਈ ਡੱਲ ਸਿੰਘ ਦੀਵਾਨ ਹਾਲ ਵਿਚ ਤਿੰਨ ਰੋਜ਼ਾ ਧਾਰਮਿਕ ਸਮਾਗਮ ਵੀ ਕੱਲ ਤੋਂ ਸ਼ੁਰੂ ਹੋ ਗਏ ਹਨ, ਜਦੋਂਕਿ ਮੁੱਖ ਸਮਾਗਮ 14 ਅਪ੍ਰੈਲ ਨੂੰ ਹੋਣਗੇ, ਜਿਸ ਵਿਚ ਪੰਥ ਦੀਆਂ ਉੱਚ ਧਾਰਮਿਕ ਸਖਸ਼ੀਅਤਾਂ, ਤਖਤ ਸਾਹਿਬਾਨ ਦੇ ਜਥੇਦਾਰ ਅਤੇ ਸੰਪਰਦਾਵਾਂ ਦੇ ਆਗੂ ਸ਼ਮੂਲੀਅਤ ਕਰਨਗੇ।
ਇਹ ਵੀ ਪੜ੍ਹੋ : ਦੋ ਕਨਾਲ ਜ਼ਮੀਨ, ਬਿਨਾਂ ਪਲਤਸਰ ਹੋਏ ਦੋ ਕਮਰਿਆਂ 'ਚ ਰਹਿੰਦੇ ਨੇ ‘ਆਪ’ ਵਿਧਾਇਕ ਉੱਗੋਕੇ, ਵੀਡੀਓ
ਕੱਲ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਉਨ੍ਹਾਂ ਦੇ ਨਿੱਜੀ ਸਹਾਇਕ ਭਾਈ ਜਸਵਿੰਦਰ ਸਿੰਘ, ਭਾਈ ਪਰਮਜੀਤ ਸਿੰਘ ਮੈਨੇਜਰ ਤਖਤ ਸਾਹਿਬ, ਭਾਈ ਜਗਤਾਰ ਸਿੰਘ ਕੀਰਤਪੁਰੀ ਕਥਾਵਾਚਕ, ਭਾਈ ਜਗਪਾਲ ਸਿੰਘ, ਭਾਈ ਮੇਜਰ ਸਿੰਘ ਮੀਤ ਮੈਨੇਜਰ ਅਤੇ ਹੋਰ ਸਖਸ਼ੀਅਤਾਂ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ