ਬਾਜਵਾ ਨੇ ਕੈਪਟਨ ਨੂੰ ਲਿਖਿਆ ਪੱਤਰ, ਆਰਥਿਕ ਤੰਗੀਆਂ ਨਾਲ ਜੂਝ ਰਹੇ ਕਿਸਾਨਾਂ ਦਾ ਚੁੱਕਿਆ ਮੁੱਦਾ

06/02/2020 7:57:40 PM

ਗੁਰਦਾਸਪੁਰ,(ਹਰਮਨ) : ਰਾਜ ਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਿਸਾਨਾਂ ਦੀ ਆਰਥਿਕ ਮੰਦਹਾਲੀ ਨਾਲ ਜੁੜਿਆ ਗੰਭੀਰ ਮਸਲਾ ਚੁੱਕਿਆ ਹੈ। ਇਸ ਪੱਤਰ ਰਾਹੀਂ ਪੰਜਾਬ ਦੇ ਕਰੀਬ 70 ਹਜ਼ਾਰ ਕਿਸਾਨ ਪਰਿਵਾਰਾਂ ਨਾਲ ਜੁੜੀ ਸਮੱਸਿਆ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪਿਛਲੇ 2 ਸੀਜ਼ਨਾਂ ਦੌਰਾਨ ਮਿੱਲਾਂ 'ਚ ਵੇਚੇ ਗੰਨੇ ਦੀਆਂ ਅਦਾਇਗੀਆਂ ਨਾ ਹੋਣ ਕਾਰਣ ਕਿਸਾਨ ਆਰਥਿਕ ਸੰਕਟ ਵਿਚ ਘਿਰੇ ਹੋਏ ਹਨ। ਉਨ੍ਹਾਂ ਕਿਹਾ ਕਿ ਪਿਛਲੇ 2 ਸੀਜ਼ਨਾਂ ਦੀਆਂ ਕਰੀਬ 96.36 ਕਰੋੜ ਰੁਪਏ ਦੀਆਂ ਅਦਾਇਗੀਆਂ ਸਮੇਤ ਹੁਣ ਤੱਕ ਪ੍ਰਾਈਵੇਟ ਅਤੇ ਸਹਿਕਾਰੀ ਸ਼ੂਗਰ ਮਿੱਲਾਂ ਨੇ ਕਿਸਾਨਾਂ ਦੀ ਕੁੱਲ ਰਕਮ 681.48 ਕਰੋੜ ਰੁਪਏ ਦੱਬੀ ਹੋਈ ਹੈ।

ਬਾਜਵਾ ਨੇ ਕਿਹਾ ਕਿ ਸ਼ੂਗਰ ਕੰਟਰੋਲ ਆਰਡਰ ਅਤੇ ਸ਼ੂਗਰ ਕੇਨ ਪ੍ਰਚੇਜ਼ ਤੇ ਰੈਗੂਲੇਸ਼ਨ ਐਕਟ ਅਨੁਸਾਰ ਗੰਨੇ ਦੀ ਖਰੀਦ ਦੇ 14 ਦਿਨਾਂ ਅੰਦਰ ਹੀ ਮਿੱਲਾਂ ਵੱਲੋਂ ਕਿਸਾਨਾਂ ਨੂੰ ਅਦਾਇਗੀ ਕਰਨੀ ਹੁੰਦੀ ਹੈ ਅਤੇ ਜੇਕਰ ਅਜਿਹਾ ਨਾ ਹੋਵੇ ਤਾਂ ਪੇਮੈਂਟ 'ਚ ਦੇਰੀ ਹੋਣ ਦੀ ਸੂਰਤ ਵਿਚ ਵਿਆਜ ਸਮੇਤ ਅਦਾਇਗੀ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਸਿੱਤਮ ਦੀ ਗੱਲ ਹੈ ਕਿ ਪੰਜਾਬ ਅੰਦਰ ਕਿਸਾਨਾਂ ਦੀ ਅਦਾਇਗੀਆਂ ਕਈ ਸਾਲਾਂ ਤੱਕ ਲਟਕੀਆਂ ਰਹਿੰਦੀਆਂ ਹਨ ਅਤੇ ਸਰਕਾਰ ਵੱਲੋਂ ਕਿਸਾਨਾਂ ਦੀ ਰਕਮ ਦਿਵਾਉਣ ਲਈ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਫਸਲੀ ਵਿਭਿੰਨਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਫਸਲੀ ਵੰਨ-ਸੁਵੰਨਤਾ ਤਹਿਤ ਗੰਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਅਦਾਇਗੀਆਂ ਨਹੀਂ ਮਿਲਣਗੀਆਂ ਤਾਂ ਕਿਸਾਨ ਗੈਰ ਰਵਾਇਤੀ ਫਸਲਾਂ ਦੀ ਕਾਸ਼ਤ ਕਰਨ ਲਈ ਕਿਵੇਂ ਪ੍ਰੇਰਿਤ ਹੋਣਗੇ। ਉਨ੍ਹਾਂ ਕਿਹਾ ਕਿ ਇਹ ਅਹਿਮ ਸਵਾਲ ਪੈਦਾ ਹੁੰਦਾ ਹੈ ਕਿ ਜੇਕਰ ਦਸੂਹਾ ਅਤੇ ਅਮਲੋਹ ਸ਼ੂਗਰ ਮਿੱਲਾਂ ਕਿਸਾਨਾਂ ਦੀਆਂ ਪਿਛਲੀਆਂ ਅਦਾਇਗੀਆਂ ਕਰ ਸਕਦੀਆਂ ਹਨ ਤਾਂ ਬਾਕੀ ਮਿੱਲਾਂ ਅਦਾਇਗੀਆਂ ਕਿਉਂ ਨਹੀਂ ਕਰ ਰਹੀਆਂ? ਉਨ੍ਹਾਂ ਕਿਹਾ ਕਿ ਕਾਨੂੰਨ ਦੀਆਂ ਧੱਜੀਆਂ ਉਡਾ ਰਹੀਆਂ ਸ਼ੂਗਰ ਮਿੱਲਾਂ ਵਿਰੁੱਧ ਕਾਰਵਾਈ ਦੇ ਮਾਮਲੇ ਵਿਚ ਸਰਕਾਰ ਦਾ ਰਵੱਇਆ ਨਕਾਰਾਤਮਕ ਰਿਹਾ ਹੈ, ਜਿਸ ਕਾਰਣ ਕਿਸਾਨਾਂ ਨੂੰ ਪੈਸੇ ਨਹੀਂ ਮਿਲ ਰਹੇ। ਉਨ੍ਹਾਂ ਮੰਗ ਕੀਤੀ ਕਿ ਸਾਰੇ ਕਿਸਾਨਾਂ ਦੀਆਂ ਅਦਾਇਗੀਆਂ ਤੁਰੰਤ ਜਾਰੀ ਕੀਤੀਆਂ ਜਾਣ।


 


Deepak Kumar

Content Editor

Related News